CM Bhagwant Singh Mann ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

Date:

spot_img

* ਕਰੋੜਾਂ ਮਾਪਿਆਂ ਦੇ ਸੁਪਨੇ ਸਿੱਖਿਆ ਨਾਲ ਜੁੜੇ ਹੋਏ ਹਨ; ਸੁਧਾਰਾਂ ਰਾਹੀਂ ਵਿਦਿਆਰਥੀਆਂ ਲਈ ਮੌਕੇ ਵਧਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਉੱਚ ਸਿੱਖਿਆ ਮੌਕਿਆਂ ਦਾ ਰਾਹ ਬਣੀ ਰਹਿਣੀ ਚਾਹੀਦੀ ਹੈ, ਪਰਿਵਾਰਾਂ ‘ਤੇ ਬੋਝ ਨਹੀਂ ਬਣਨੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਵਿਦਿਅਕ ਸੁਧਾਰ ਵਿਦਿਆਰਥੀਆਂ ਨੂੰ ਕਾਮਯਾਬ ਹੋਣ ਵਿੱਚ ਮਦਦਗਾਰ ਹੋਣੇ ਚਾਹੀਦੇ ਹਨ, ਨਾ ਕਿ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾਉਣ ਵਾਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਕਿਸਾਨ, ਮਜ਼ਦੂਰ ਜਾਂ ਦੁਕਾਨਦਾਰ ਦੇ ਬੱਚੇ ਨੂੰ ਸਿੱਖਿਆ ਰਾਹੀਂ ਵੱਡੇ ਸੁਪਨੇ ਦੇਖਣੇ ਜਾਰੀ ਰੱਖਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਭਾਰਤ ਦੀ ਤਰੱਕੀ ਉੱਚ ਸਿੱਖਿਆ ਨੂੰ ਵਧੇਰੇ ਪਹੁੰਚਯੋਗ ਅਤੇ ਕਿਫ਼ਾਇਤੀ ਬਣਾਉਣ ‘ਤੇ ਨਿਰਭਰ ਕਰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਵਿਦਿਆਰਥੀਆਂ ਨੂੰ ਬਿਹਤਰ ਯੂਨੀਵਰਸਿਟੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਸਿੱਖਿਆ ਵਿੱਚ ਵੱਡੇ ਨਿਵੇਸ਼ ਦੀ ਲੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਜੇ ਸਿੱਖਿਆ ਸਬੰਧੀ ਜ਼ਿਆਦਾਤਰ ਫੈਸਲੇ ਦਿੱਲੀ ਵਿੱਚ ਲਏ ਜਾਣਗੇ ਤਾਂ ਸੂਬੇ ਸਥਾਨਕ ਲੋੜਾਂ ਨੂੰ ਪੂਰਾ ਕਰਨ ਦੀ ਸਮਰੱਥਾ ਗੁਆ ਦੇਣਗੇ; ਉੱਚ ਸਿੱਖਿਆ ਵਿੱਚ ਸੂਬਿਆਂ ਨੂੰ ਮੂਕ ਦਰਸ਼ਕ ਬਣਾ ਕੇ ਨਹੀਂ ਰੱਖਿਆ ਜਾ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਾਨੂੰਨ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾ ਸਕਦਾ ਹੈ, ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਮੌਕਿਆਂ ਨੂੰ ਘਟਾ ਸਕਦਾ ਹੈ ਅਤੇ ਸਥਾਨਕ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਦੀ ਸੂਬਿਆਂ ਦੀ ਸਮਰੱਥਾ ਨੂੰ ਖੋਰਾ ਲਾ ਸਕਦਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਇਸ ਬਿੱਲ ‘ਤੇ ਮੁੜ ਵਿਚਾਰ ਕਰਨ ਅਤੇ ਅਜਿਹੇ ਸੁਧਾਰਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਕੀਤੀ ਹੈ, ਜੋ ਉੱਚ ਸਿੱਖਿਆ ਦੇ ਖੇਤਰ ਨੂੰ ਵੱਡੇ ਪੱਧਰ ‘ਤੇ ਪ੍ਰਭਾਵਿਤ ਕਰ ਸਕਦੇ ਹਨ।ਦੇਸ਼ ਭਰ ਦੇ ਕਰੋੜਾਂ ਮਾਪਿਆਂ ਦੇ ਆਪਣੇ ਬੱਚਿਆਂ ਦੀ ਸਿੱਖਿਆ ‘ਤੇ ਉਮੀਦਾਂ ਅਤੇ ਸੁਪਨੇ ਟਿਕਾਈ ਰੱਖਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਚ ਸਿੱਖਿਆ ਕਿਸੇ ਕਿਸਾਨ, ਮਜ਼ਦੂਰ ਜਾਂ ਦੁਕਾਨਦਾਰ ਦੇ ਬੱਚੇ ਲਈ ਮੌਕਿਆਂ ਦਾ ਰਾਹ ਹੋਣੀ ਚਾਹੀਦੀ ਹੈ, ਨਾ ਕਿ ਪਰਿਵਾਰਾਂ ‘ਤੇ ਆਰਥਿਕ ਬੋਝ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੀ ਤਰੱਕੀ ਉੱਚ ਸਿੱਖਿਆ ਨੂੰ ਯੂਨੀਵਰਸਿਟੀਆਂ, ਬੁਨਿਆਦੀ ਢਾਂਚੇ, ਫੈਕਲਟੀ ਅਤੇ ਖੋਜ ਵਿੱਚ ਵੱਧ ਨਿਵੇਸ਼ ਰਾਹੀਂ ਵਧੇਰੇ ਪਹੁੰਚਯੋਗ ਅਤੇ ਕਿਫ਼ਾਇਤੀ ਬਣਾਉਣ ‘ਤੇ ਨਿਰਭਰ ਕਰਦੀ ਹੈ, ਨਾ ਕਿ ਅਜਿਹੇ ਉਪਾਵਾਂ ‘ਤੇ ਜੋ ਲਾਗਤਾਂ ਨੂੰ ਵਧਾਉਂਦੇ ਹਨ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਦਾ ਕੇਂਦਰੀਕਰਨ ਕਰਦੇ ਹਨ।ਆਪਣੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ ਕਿ ਉਹ ਨਾ ਸਿਰਫ਼ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਗੋਂ ਭਾਰਤ ਭਰ ਦੇ ਉਨ੍ਹਾਂ ਕਰੋੜਾਂ ਮਾਪਿਆਂ ਦੇ ਨੁਮਾਇੰਦੇ ਵਜੋਂ ਲਿਖ ਰਹੇ ਹਨ, ਜਿਨ੍ਹਾਂ ਦੀਆਂ ਸਭ ਤੋਂ ਵੱਡੀਆਂ ਉਮੀਦਾਂ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ, “ਹਰ ਪਰਿਵਾਰ ਚਾਹੁੰਦਾ ਹੈ ਕਿ ਉਸ ਦਾ ਬੱਚਾ ਮਿਆਰੀ ਸਿੱਖਿਆ ਹਾਸਲ ਕਰੇ, ਆਪਣੇ ਪੈਰਾਂ ‘ਤੇ ਖੜ੍ਹਾ ਹੋਵੇ, ਇੱਜ਼ਤਦਾਰ ਰੋਜ਼ਗਾਰ ਹਾਸਲ ਕਰੇ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਵੇ। ਇਸੇ ਕਰਕੇ ਸਿੱਖਿਆ ਸਿਰਫ਼ ਇੱਕ ਪ੍ਰਸ਼ਾਸਨਿਕ ਵਿਸ਼ਾ ਨਹੀਂ ਹੈ, ਇਹ ਭਾਰਤ ਦੇ ਰੌਸ਼ਨ ਭਵਿੱਖ ਨਾਲ ਜੁੜਿਆ ਸਵਾਲ ਹੈ।”ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸ਼ੁਰੂ ਵਿੱਚ ਉਮੀਦ ਸੀ ਕਿ ਪ੍ਰਸਤਾਵਿਤ ਕਾਨੂੰਨ ਉੱਚ ਸਿੱਖਿਆ ਸੰਸਥਾਵਾਂ ਦੀ ਗੁਣਵੱਤਾ, ਜਵਾਬਦੇਹੀ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰੇਗਾ। ਹਾਲਾਂਕਿ ਬਿੱਲ ਦਾ ਬਾਰੀਕੀ ਨਾਲ ਅਧਿਐਨ ਕਰਨ ਤੋਂ ਬਾਅਦ ਮੈਨੂੰ ਗੰਭੀਰ ਤੌਖਲਾ ਹੈ ਕਿ ਇਹ ਉੱਚ ਸਿੱਖਿਆ ਨਾਲ ਸਬੰਧਤ ਜ਼ਿਆਦਾਤਰ ਮਹੱਤਵਪੂਰਨ ਫੈਸਲਿਆਂ ਦਾ ਕੇਂਦਰੀਕਰਨ ਕਰਨ ਦੀ ਕੋਸ਼ਿਸ਼ ਕਰਦਾ ਹੈ, ਜਿਸ ਦੇ ਵਿਦਿਆਰਥੀਆਂ, ਅਧਿਆਪਕਾਂ, ਯੂਨੀਵਰਸਿਟੀਆਂ ਅਤੇ ਸੂਬਾ ਸਰਕਾਰਾਂ ‘ਤੇ ਦੂਰਗਾਮੀ ਪ੍ਰਭਾਵ ਪੈਣਗੇ।”ਆਪਣੀ ਪਹਿਲੀ ਵੱਡੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿੱਲ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੀ ਬਜਾਏ ਸੱਤਾ ਦੇ ਕੇਂਦਰੀਕਰਨ ‘ਤੇ ਵਧੇਰੇ ਕੇਂਦਰਿਤ ਜਾਪਦਾ ਹੈ। ਉਨ੍ਹਾਂ ਕਿਹਾ, “ਕਿਸੇ ਵੀ ਸਿੱਖਿਆ ਪ੍ਰਣਾਲੀ ਦੀ ਸਫ਼ਲਤਾ ਇਸ ਗੱਲ ‘ਤੇ ਨਿਰਭਰ ਕਰਦੀ ਹੈ ਕਿ ਉਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਥਾਨਕ ਭਾਈਚਾਰਿਆਂ ਦੀਆਂ ਲੋੜਾਂ ਨੂੰ ਕਿੰਨੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਦੀ ਹੈ। ਭਾਰਤ ਵਰਗੇ ਵਿਸ਼ਾਲ ਅਤੇ ਵਿਭਿੰਨਤਾ ਨਾਲ ਭਰੇ ਦੇਸ਼ ਵਿੱਚ ਹਰ ਸੂਬੇ ਨੂੰ ਵੱਖ-ਵੱਖ ਸਮਾਜਿਕ, ਆਰਥਿਕ ਅਤੇ ਵਿਦਿਅਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।”

ਇਹ ਵੀ ਪੜ੍ਹੋ 👉CM Bhagwant Singh Mann ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਉੱਚ ਸਿੱਖਿਆ ਬਾਰੇ ਕਿਸੇ ਕਾਨੂੰਨ ਤੋਂ ਇਹ ਉਮੀਦ ਕਰਨਾ ਸੁਭਾਵਿਕ ਸੀ ਕਿ ਉਹ ਗੁਣਵੱਤਾ, ਖੋਜ, ਨਵੀਨਤਾ, ਰੋਜ਼ਗਾਰ ਯੋਗਤਾ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ‘ਤੇ ਧਿਆਨ ਕੇਂਦਰਿਤ ਕਰੇਗਾ। ਹਾਲਾਂਕਿ ਬਿੱਲ ਦਾ ਅਧਿਐਨ ਕਰਨ ਤੋਂ ਬਾਅਦ ਅਜਿਹਾ ਲੱਗਦਾ ਹੈ ਕਿ ਇਸ ਦਾ ਮੁੱਖ ਉਦੇਸ਼ ਨੀਤੀ ਬਣਾਉਣ ਦੀਆਂ ਸ਼ਕਤੀਆਂ, ਮਿਆਰਾਂ, ਨਿਯਮਾਂ, ਮਾਨਤਾ ਪ੍ਰਣਾਲੀਆਂ ਅਤੇ ਅਪੀਲੀ ਸ਼ਕਤੀਆਂ ਨੂੰ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਕੇਂਦਰਿਤ ਕਰਨਾ ਹੈ। ਉਨ੍ਹਾਂ ਕਿਹਾ, “ਸਿੱਖਿਆ ਸੰਵਿਧਾਨ ਦੀ ਸਮਵਰਤੀ ਸੂਚੀ ਦਾ ਵਿਸ਼ਾ ਹੈ। ਇਸ ਲਈ ਜਿੱਥੇ ਘੱਟੋ-ਘੱਟ ਰਾਸ਼ਟਰੀ ਮਿਆਰ ਲੋੜੀਂਦੇ ਹੋ ਸਕਦੇ ਹਨ, ਉੱਥੇ ਹੀ ਸੂਬਿਆਂ ਨੂੰ ਆਪਣੇ ਹਾਲਾਤ ਅਤੇ ਲੋੜਾਂ ਅਨੁਸਾਰ ਪ੍ਰਣਾਲੀਆਂ ਵਿਕਸਿਤ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਬਦਕਿਸਮਤੀ ਨਾਲ ਇਹ ਬਿੱਲ ਉਸ ਸੰਵਿਧਾਨਕ ਸੰਤੁਲਨ ਨੂੰ ਵਿਗਾੜਦਾ ਪ੍ਰਤੀਤ ਹੁੰਦਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਚਿੰਤਾ ਸਿਰਫ਼ ਸੂਬਿਆਂ ਦੇ ਅਧਿਕਾਰਾਂ ਦੀ ਨਹੀਂ, ਸਗੋਂ ਕਰੋੜਾਂ ਵਿਦਿਆਰਥੀਆਂ ਦੇ ਭਵਿੱਖ ਦੀ ਵੀ ਹੈ। ਉਨ੍ਹਾਂ ਕਿਹਾ, “ਭਾਰਤ ਦਾ ਹਰ ਸੂਬਾ ਵੱਖ-ਵੱਖ ਚੁਣੌਤੀਆਂ ਨਾਲ ਜੂਝ ਰਿਹਾ ਹੈ। ਕੋਈ ਬੇਰੋਜ਼ਗਾਰੀ ਨਾਲ ਨਜਿੱਠ ਰਿਹਾ ਹੈ, ਕੋਈ ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ), ਉਦਯੋਗਿਕ ਲੋੜਾਂ ਜਾਂ ਪਰਵਾਸ ਨਾਲ ਜੂਝ ਰਿਹਾ ਹੈ। ਪੰਜਾਬ ਵਰਗੇ ਸਰਹੱਦੀ ਸੂਬਿਆਂ ਨੂੰ ਇਸ ਤੋਂ ਵੀ ਵੱਧ ਗੁੰਝਲਦਾਰ ਹਕੀਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰਾਂ ਯੂਨੀਵਰਸਿਟੀਆਂ ਅਤੇ ਕਾਲਜਾਂ ਰਾਹੀਂ ਸਥਾਨਕ ਲੋੜਾਂ ਅਨੁਸਾਰ ਕੋਰਸ, ਹੁਨਰ ਪ੍ਰੋਗਰਾਮ, ਉਦਯੋਗਿਕ ਸਾਂਝੇਦਾਰੀ ਅਤੇ ਰੋਜ਼ਗਾਰ ਮੁਖੀ ਪਹਿਲਕਦਮੀਆਂ ਵਿਕਸਿਤ ਕਰਦੀਆਂ ਹਨ। ਉਨ੍ਹਾਂ ਕਿਹਾ, “ਜੇ ਸਿੱਖਿਆ ਦੇ ਜ਼ਿਆਦਾਤਰ ਫੈਸਲੇ ਦਿੱਲੀ ਵਿੱਚ ਬੈਠੀਆਂ ਸੰਸਥਾਵਾਂ ਵੱਲੋਂ ਲਏ ਜਾਣਗੇ ਤਾਂ ਸੂਬੇ ਹੌਲੀ-ਹੌਲੀ ਸਥਾਨਕ ਹਕੀਕਤਾਂ ਨੂੰ ਸਮਝਣ ਅਤੇ ਉਸ ਅਨੁਸਾਰ ਹੱਲ ਤਿਆਰ ਕਰਨ ਦੀ ਆਪਣੀ ਸਮਰੱਥਾ ਗੁਆ ਦੇਣਗੇ। ਨਤੀਜੇ ਵਜੋਂ, ਉੱਚ ਸਿੱਖਿਆ ਦੇ ਕੇਂਦਰੀਕ੍ਰਿਤ ਹੋਣ ਅਤੇ ਇਸ ਦੀ ਵਿਹਾਰਕ ਮਹੱਤਤਾ ਖ਼ਤਮ ਹੋਣ ਦਾ ਖ਼ਤਰਾ ਹੈ।”ਵੱਧ ਕੇਂਦਰੀਕਰਨ ਦੇ ਖ਼ਤਰਿਆਂ ਵੱਲ ਧਿਆਨ ਦਿਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵਰਗੀਆਂ ਕੇਂਦਰੀ ਸੰਸਥਾਵਾਂ ਦੇ ਕੰਮਕਾਜ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ, “ਹਾਲੀਆ ਸਾਲਾਂ ਵਿੱਚ ਪ੍ਰੀਖਿਆ ਪ੍ਰਬੰਧਨ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋਏ ਹਨ। ਜਦੋਂ ਕੇਂਦਰੀ ਸੰਸਥਾਵਾਂ ਖ਼ੁਦ ਅਜਿਹੀਆਂ ਚੁਣੌਤੀਆਂ ਨਾਲ ਜੂਝ ਰਹੀਆਂ ਹਨ ਤਾਂ ਇਹ ਪੁੱਛਣਾ ਬਿਲਕੁਲ ਜਾਇਜ਼ ਹੈ ਕਿ ਕੀ ਉੱਚ ਸਿੱਖਿਆ ਦਾ ਹੋਰ ਕੇਂਦਰੀਕਰਨ ਕਰਨਾ ਸੱਚਮੁੱਚ ਸਹੀ ਦਿਸ਼ਾ ਹੈ।”

ਇਹ ਵੀ ਪੜ੍ਹੋ 👉ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਅਤੇ ਸੂਬਿਆਂ ਵਿਚਕਾਰ ਵਧੇਰੇ ਸਹਿਯੋਗ ਹੀ ਬਿਹਤਰ ਰਸਤਾ ਹੈ। ਉਨ੍ਹਾਂ ਕਿਹਾ, “ਵੱਖ-ਵੱਖ ਸੂਬਿਆਂ ਦੁਆਰਾ ਵਿਕਸਿਤ ਕੀਤੇ ਗਏ ਸਫ਼ਲ ਮਾਡਲਾਂ ਨੂੰ ਦੇਸ਼ ਭਰ ਵਿੱਚ ਸਾਂਝਾ ਕੀਤਾ ਜਾਣਾ ਚਾਹੀਦਾ ਹੈ। ਫੈਸਲੇ ਲੈਣ ਦੀ ਪ੍ਰਕਿਰਿਆ ਵਧੇਰੇ ਭਾਗੀਦਾਰੀ ਵਾਲੀ ਅਤੇ ਸਹਿਯੋਗੀ ਹੋਣੀ ਚਾਹੀਦੀ ਹੈ। ਬਦਕਿਸਮਤੀ ਨਾਲ ਇਹ ਬਿੱਲ ਉਲਟ ਦਿਸ਼ਾ ਵੱਲ ਵਧਦਾ ਦਿਖਾਈ ਦੇ ਰਿਹਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਚਿੰਤਾ ਵੀ ਪ੍ਰਗਟਾਈ ਕਿ ਪ੍ਰਸਤਾਵਿਤ ਕਾਨੂੰਨ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾ ਸਕਦਾ ਹੈ। ਉਨ੍ਹਾਂ ਸਵਾਲ ਕੀਤਾ, “ਬਿੱਲ ਦਾ ਅਧਿਐਨ ਕਰਦੇ ਸਮੇਂ ਮੇਰੇ ਸਾਹਮਣੇ ਇੱਕ ਮਹੱਤਵਪੂਰਨ ਸਵਾਲ ਉੱਭਰਿਆ। ਜੇ ਜ਼ਿਆਦਾਤਰ ਸ਼ਕਤੀਆਂ ਕੇਂਦਰ ਸਰਕਾਰ ਕੋਲ ਕੇਂਦਰਿਤ ਹੋ ਜਾਂਦੀਆਂ ਹਨ, ਜੇ ਸੂਬਾ ਸਰਕਾਰਾਂ ਦੀ ਭੂਮਿਕਾ ਲਗਾਤਾਰ ਸੁੰਗੜਦੀ ਜਾਂਦੀ ਹੈ ਅਤੇ ਜੇ ਸੂਬਾਈ ਯੂਨੀਵਰਸਿਟੀਆਂ ਅਤੇ ਕਾਲਜਾਂ ‘ਤੇ ਕੇਂਦਰੀ ਰੈਗੂਲੇਟਰੀ ਕੰਟਰੋਲ ਵਧਦਾ ਹੈ ਤਾਂ ਇਨ੍ਹਾਂ ਸੰਸਥਾਵਾਂ ਦੇ ਸੰਚਾਲਨ ਅਤੇ ਵਿਕਾਸ ਲਈ ਲੋੜੀਂਦੇ ਵਿੱਤੀ ਸਰੋਤ ਕਿੱਥੋਂ ਆਉਣਗੇ?”ਮੁੱਖ ਮੰਤਰੀ ਨੇ ਇਸ਼ਾਰਾ ਕੀਤਾ ਕਿ ਬਿੱਲ ਇਸ ਸਵਾਲ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੰਦਾ। ਉਨ੍ਹਾਂ ਕਿਹਾ, “ਜੇ ਫੈਸਲੇ ਲੈਣ ਦੀਆਂ ਸ਼ਕਤੀਆਂ ਦਾ ਕੇਂਦਰੀਕਰਨ ਕੀਤਾ ਜਾਂਦਾ ਹੈ, ਜਦੋਂ ਕਿ ਲੋੜੀਂਦੀ ਵਿੱਤੀ ਸਹਾਇਤਾ ਦੀ ਕੋਈ ਗਾਰੰਟੀ ਨਹੀਂ ਹੈ ਤਾਂ ਯੂਨੀਵਰਸਿਟੀਆਂ ‘ਤੇ ਲਾਜ਼ਮੀ ਤੌਰ ‘ਤੇ ਮਾਲੀਆ ਵਧਾਉਣ ਦਾ ਦਬਾਅ ਪਵੇਗਾ। ਇਸ ਨਾਲ ਫੀਸਾਂ ਵਿੱਚ ਵਾਧਾ ਹੋ ਸਕਦਾ ਹੈ, ਸਵੈ-ਵਿੱਤੀ (ਸੈਲਫ-ਫਾਈਨਾਂਸਡ) ਕੋਰਸਾਂ ‘ਤੇ ਨਿਰਭਰਤਾ ਵਧ ਸਕਦੀ ਹੈ ਅਤੇ ਨਿੱਜੀ ਨਿਵੇਸ਼ ‘ਤੇ ਨਿਰਭਰਤਾ ਵਧ ਸਕਦੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਮਾਡਲ ਦਾ ਬੋਝ ਸਭ ਤੋਂ ਵੱਧ ਮੱਧ ਵਰਗੀ, ਹੇਠਲੇ-ਮੱਧ ਵਰਗੀ ਅਤੇ ਗਰੀਬ ਪਰਿਵਾਰਾਂ ‘ਤੇ ਪਵੇਗਾ। ਉਨ੍ਹਾਂ ਕਿਹਾ, “ਉੱਚ ਸਿੱਖਿਆ ਮੌਕਿਆਂ ਦਾ ਇੱਕ ਰਸਤਾ ਹੋਣੀ ਚਾਹੀਦੀ ਹੈ। ਇਹ ਕੋਈ ਅਜਿਹਾ ਵਿਸ਼ੇਸ਼ ਅਧਿਕਾਰ ਨਹੀਂ ਬਣਨਾ ਚਾਹੀਦਾ, ਜੋ ਸਿਰਫ਼ ਉਨ੍ਹਾਂ ਨੂੰ ਹੀ ਮਿਲੇ, ਜੋ ਇਸ ਦਾ ਖ਼ਰਚਾ ਉਠਾ ਸਕਦੇ ਹਨ।”

ਇਹ ਵੀ ਪੜ੍ਹੋ 👉Punjab Govt ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਉੱਚ ਸਿੱਖਿਆ ਦੇ ਹੌਲੀ-ਹੌਲੀ ਹੋ ਰਹੇ ਨਿੱਜੀਕਰਨ ਬਾਰੇ ਵੀ ਚਿੰਤਾਵਾਂ ਪ੍ਰਗਟਾਈਆਂ। ਉਨ੍ਹਾਂ ਕਿਹਾ, “ਬਿੱਲ ਦਾ ਅਧਿਐਨ ਕਰਨ ਤੋਂ ਬਾਅਦ ਅਜਿਹਾ ਲੱਗਦਾ ਹੈ ਕਿ ਭਾਰਤ ਦੀ ਉੱਚ ਸਿੱਖਿਆ ਪ੍ਰਣਾਲੀ ਨੂੰ ਹੌਲੀ-ਹੌਲੀ ਇੱਕ ਅਜਿਹੇ ਮਾਡਲ ਵੱਲ ਧੱਕਿਆ ਜਾ ਸਕਦਾ ਹੈ, ਜਿੱਥੇ ਸਰਕਾਰੀ ਸੰਸਥਾਵਾਂ ਕਮਜ਼ੋਰ ਹੋ ਜਾਣਗੀਆਂ ਅਤੇ ਨਿੱਜੀ ਖੇਤਰ ‘ਤੇ ਨਿਰਭਰਤਾ ਲਗਾਤਾਰ ਵਧੇਗੀ।”ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਨੀਤੀ ਬਣਾਉਣ, ਨਿਯਮਾਂ ਅਤੇ ਕੰਟਰੋਲ ਦਾ ਪੂਰੀ ਤਰ੍ਹਾਂ ਕੇਂਦਰੀਕਰਨ ਬਿਨਾਂ ਕਿਸੇ ਸਪੱਸ਼ਟ ਵਿੱਤੀ ਜ਼ਿੰਮੇਵਾਰੀ ਦੇ ਹੁੰਦਾ ਹੈ ਤਾਂ ਸਰਕਾਰੀ ਯੂਨੀਵਰਸਿਟੀਆਂ ਨੂੰ ਨਿੱਜੀ ਸੰਸਥਾਵਾਂ ਅਤੇ ਨਿੱਜੀ ਪੂੰਜੀ ‘ਤੇ ਨਿਰਭਰ ਹੋਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ, “ਅਜਿਹੇ ਬਦਲਾਅ ਦਾ ਸਿੱਧਾ ਅਸਰ ਲੱਖਾਂ ਵਿਦਿਆਰਥੀਆਂ ‘ਤੇ ਪਵੇਗਾ, ਜਿਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਭੇਜਣ ਲਈ ਲਗਾਤਾਰ ਵੱਡੀਆਂ ਕੁਰਬਾਨੀਆਂ ਦੇ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਵਰਗੇ ਦੇਸ਼ ਵਿੱਚ ਉੱਚ ਸਿੱਖਿਆ ਨੂੰ ਆਰਥਿਕ ਰੁਕਾਵਟਾਂ ਨਾਲ ਸੀਮਤ ਕਰਨ ਦੀ ਬਜਾਏ ਇੱਕ ਅਧਿਕਾਰ ਵਜੋਂ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਬਿੱਲ ਦੇ ਮੌਜੂਦਾ ਸਰੂਪ ਨੂੰ ਵਾਪਸ ਲਵੇ ਅਤੇ ਇਸ ਦੀ ਵਿਆਪਕ ਸਮੀਖਿਆ ਕਰੇ। ਉਨ੍ਹਾਂ ਕਿਹਾ, “ਭਾਰਤ ਨੂੰ ਅਜਿਹੇ ਕਾਨੂੰਨ ਦੀ ਲੋੜ ਨਹੀਂ ਹੈ, ਜੋ ਉੱਚ ਸਿੱਖਿਆ ਦਾ ਹੋਰ ਕੇਂਦਰੀਕਰਨ ਕਰੇ। ਸਾਨੂੰ ਇੱਕ ਅਜਿਹੇ ਢਾਂਚੇ ਦੀ ਲੋੜ ਹੈ ਜੋ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਉਨ੍ਹਾਂ ਦੇ ਖੇਤਰਾਂ, ਉਦਯੋਗਾਂ, ਸਮਾਜਾਂ ਅਤੇ ਨੌਜਵਾਨਾਂ ਦੀਆਂ ਲੋੜਾਂ ਨਾਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਜੋੜਨ ਦੀ ਇਜਾਜ਼ਤ ਦੇਵੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਚ ਸਿੱਖਿਆ ਦੀਆਂ ਬਹੁਤੀਆਂ ਸੰਸਥਾਵਾਂ ਸੂਬਾ ਸਰਕਾਰਾਂ ਦੁਆਰਾ ਸਥਾਪਿਤ, ਸੰਚਾਲਿਤ ਅਤੇ ਵਿੱਤੀ ਤੌਰ ‘ਤੇ ਸਹਾਇਤਾ ਪ੍ਰਾਪਤ ਹੁੰਦੀਆਂ ਹਨ। ਇਸ ਲਈ ਸੁਧਾਰ ਅਜਿਹੀ ਦਿਸ਼ਾ ਵੱਲ ਵਧਣੇ ਚਾਹੀਦੇ ਹਨ, ਜੋ ਸੂਬਿਆਂ ਨੂੰ ਵਧੇਰੇ ਅਧਿਕਾਰ, ਵਧੇਰੇ ਲਚਕਤਾ ਅਤੇ ਵਧੇਰੇ ਜ਼ਿੰਮੇਵਾਰੀ ਦੇਣ। ਉਨ੍ਹਾਂ ਕਿਹਾ, “ਸੂਬਿਆਂ ਨੂੰ ਆਪਣੇ ਨੌਜਵਾਨਾਂ ਦੀਆਂ ਇੱਛਾਵਾਂ ਅਤੇ ਲੋੜਾਂ ਅਨੁਸਾਰ ਵਿਦਿਅਕ ਪ੍ਰਣਾਲੀਆਂ ਵਿਕਸਿਤ ਕਰਨ ਲਈ ਸ਼ਕਤੀਸ਼ਾਲੀ ਬਣਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਰੈਗੂਲੇਟਰੀ ਕੰਟਰੋਲ ਵਧਾਉਣ ਦੀ ਬਜਾਏ ਉੱਚ ਸਿੱਖਿਆ ਵਿੱਚ ਨਿਵੇਸ਼ ਵਧਾਉਣ ‘ਤੇ ਧਿਆਨ ਦੇਣਾ ਚਾਹੀਦਾ ਹੈ।”

ਇਹ ਵੀ ਪੜ੍ਹੋ 👉ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

ਮੁੱਖ ਮੰਤਰੀ ਨੇ ਰਾਸ਼ਟਰੀ ਸਿੱਖਿਆ ਨੀਤੀ, 2020 ਦੇ ਉਦੇਸ਼ਾਂ ਦਾ ਹਵਾਲਾ ਦਿੱਤਾ, ਜਿਸ ਵਿੱਚ 2035 ਤੱਕ ਉੱਚ ਸਿੱਖਿਆ ਵਿੱਚ ਕੁੱਲ ਇਨਰੋਲਮੈਂਟ ਅਨੁਪਾਤ ਨੂੰ 50 ਫੀਸਦੀ ਤੱਕ ਵਧਾਉਣ ਦਾ ਟੀਚਾ ਰੱਖਿਆ ਗਿਆ ਸੀ। ਉਨ੍ਹਾਂ ਕਿਹਾ, “ਉਸ ਟੀਚੇ ਨੂੰ ਹਾਸਲ ਕਰਨ ਲਈ ਯੂਨੀਵਰਸਿਟੀਆਂ, ਕਾਲਜਾਂ, ਖੋਜ ਸੰਸਥਾਵਾਂ ਅਤੇ ਤਕਨੀਕੀ ਸੰਸਥਾਵਾਂ ਨੂੰ ਵਧੇਰੇ ਸਰੋਤਾਂ, ਮਜ਼ਬੂਤ ਬੁਨਿਆਦੀ ਢਾਂਚੇ, ਆਧੁਨਿਕ ਪ੍ਰਯੋਗਸ਼ਾਲਾਵਾਂ (ਲੈਬਾਂ), ਮਿਆਰੀ ਫੈਕਲਟੀ ਅਤੇ ਲੋੜੀਂਦੇ ਖੋਜ ਫੰਡਾਂ ਦੀ ਲੋੜ ਹੈ। ਉਨ੍ਹਾਂ ਨੂੰ ਕੰਟਰੋਲ ਦੀਆਂ ਵਾਧੂ ਪਰਤਾਂ ਦੀ ਲੋੜ ਨਹੀਂ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਪ੍ਰਸ਼ਾਸਨਿਕ ਕੇਂਦਰੀਕਰਨ ਨਾਲੋਂ ਵਿਦਿਅਕ ਨਿਵੇਸ਼ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਯੂਨੀਵਰਸਿਟੀਆਂ ਨੂੰ ਵਾਧੂ ਨਿਯੰਤਰਣ ਦੇਣ ਦੀ ਬਜਾਏ ਸਰੋਤ, ਖ਼ੁਦਮੁਖਤਿਆਰੀ ਅਤੇ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਇਹ ਸਿਰਫ਼ ਕੇਂਦਰ-ਸੂਬਾ ਸਬੰਧਾਂ ਦਾ ਸਵਾਲ ਨਹੀਂ ਹੈ। ਇਹ ਕਰੋੜਾਂ ਵਿਦਿਆਰਥੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਭਾਰਤ ਦੇ ਭਵਿੱਖ ਨਾਲ ਜੁੜਿਆ ਸਵਾਲ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਤਰੱਕੀ ਆਮ ਪਰਿਵਾਰਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ, “ਜਦੋਂ ਕਿਸੇ ਕਿਸਾਨ ਦਾ ਪੁੱਤ ਇੰਜੀਨੀਅਰ ਬਣਦਾ ਹੈ, ਜਦੋਂ ਕਿਸੇ ਮਜ਼ਦੂਰ ਦੀ ਧੀ ਡਾਕਟਰ ਬਣਦੀ ਹੈ ਅਤੇ ਜਦੋਂ ਕਿਸੇ ਛੋਟੇ ਦੁਕਾਨਦਾਰ ਦਾ ਬੱਚਾ ਵਿਗਿਆਨੀ ਬਣਦਾ ਹੈ ਤਾਂ ਭਾਰਤ ਅੱਗੇ ਵਧਦਾ ਹੈ। ਸਾਡੀ ਸਿੱਖਿਆ ਪ੍ਰਣਾਲੀ ਨੂੰ ਅਜਿਹੇ ਸੁਪਨਿਆਂ ਨੂੰ ਸਾਕਾਰ ਕਰਨਾ ਆਸਾਨ ਬਣਾਉਣਾ ਚਾਹੀਦਾ ਹੈ, ਨਾ ਕਿ ਹੋਰ ਮੁਸ਼ਕਲ।”ਆਪਣੀ ਅਪੀਲ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਬਿੱਲ ਵਾਪਸ ਲੈਣ ਅਤੇ ਇਸ ਦੀ ਜਗ੍ਹਾ ਇੱਕ ਅਜਿਹਾ ਢਾਂਚਾ ਲਿਆਉਣ ਦੀ ਅਪੀਲ ਕੀਤੀ, ਜੋ ਸਿੱਖਿਆ ਨੂੰ ਵਧੇਰੇ ਪਹੁੰਚਯੋਗ, ਕਿਫ਼ਾਇਤੀ, ਉੱਚ-ਮਿਆਰੀ ਅਤੇ ਸੂਬਿਆਂ ਦੀਆਂ ਲੋੜਾਂ ਦੇ ਅਨੁਕੂਲ ਬਣਾਵੇ। ਉਨ੍ਹਾਂ ਆਪਣੀ ਗੱਲ ਖ਼ਤਮ ਕਰਦਿਆਂ ਕਿਹਾ, “ਦੇਸ਼ ਸਿੱਖਿਆ ‘ਤੇ ਕੰਟਰੋਲ ਕਰ ਕੇ ਮਹਾਨ ਨਹੀਂ ਬਣਦੇ। ਦੇਸ਼ ਸਿੱਖਿਆ ਵਿੱਚ ਨਿਵੇਸ਼ ਕਰ ਕੇ ਮਹਾਨ ਬਣਦੇ ਹਨ।”

 

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Guru Kashi University ਨੇ ਮਨਾਇਆ 12ਵਾਂ ਅੰਤਰ ਰਾਸ਼ਟਰੀ ਯੋਗ ਦਿਵਸ

👉ਨਸ਼ਾ ਮੁਕਤੀ ਲਈ ਚੁੱਕੀ ਗਈ ਸਹੁੰ Talwandi Sabo News: Guru...

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...