ਸੁਖਜਿੰਦਰ ਮਾਨ
ਬਠਿੰਡਾ 29 ਜਨਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ, ਬਲਾਕ ਤੇ ਪਿੰਡ ਪੱਧਰ ਦੇ ਸਰਗਰਮ ਆਗੂ ਸ਼ਾਮਲ ਹੋਏ ।
ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਦੌਰਾਨ ਮੰਨੀਆਂ ਹੋਈਆਂ ਮੰਗਾਂ ਨਾ ਲਾਗੂ ਕਰਨ ਦੇ ਵਿਰੋਧ ਵਿੱਚ 31 ਜਨਵਰੀ ਨੂੰ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਮੋਰਚੇ ਦੌਰਾਨ ਸ਼ਹੀਦ ਹੋਏ ਵੱਖ ਵੱਖ ਰਾਜਾਂ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ ਜੀਅ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ, ਦਿੱਲੀ ਸਮੇਤ ਦੂਸਰੇ ਰਾਜਾਂ ਦੇ ਕਿਸਾਨਾਂ ਉੱਪਰ ਦਰਜ ਕੀਤੇ ਪੁਲਸ ਕੇਸ ਰੱਦ ਨਹੀਂ ਕੀਤੇ ਗਏ , ਫ਼ਸਲਾਂ ਦੀ ਐੱਮਐੱਸਪੀ ਦਾ ਕਾਨੂੰਨ ਨਹੀਂ ਬਣਾਇਆ ਗਿਆ ਅਤੇ ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਖ਼ਿਲਾਫ਼ ਬਣਦੀ ਕਾਰਵਾਈ ਨਾ ਕਰ ਕੇ ਇਸ ਦੇ ਉਲਟ ਕਿਸਾਨਾਂ ਖ਼ਿਲਾਫ਼ ਹੀ ਕਾਰਵਾਈ ਕੀਤੀ ਜਾ ਰਹੀ ਹੈ । ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਵਿਸ਼ਵਾਸਘਾਤ ਦੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 31 ਜਨਵਰੀ ਨੂੰ ਡਿਪਟੀ ਕਮਿਸਨਰ ਬਠਿੰਡਾ ਅੱਗੇ ਇਕੱਠੇ ਹੋ ਕੇ ਸ਼ਹਿਰ ਵਿੱਚ ਹਨੂੰਮਾਨ ਚੌਕ ਕੋਲ ਕੇਂਦਰ ਦੀ ਭਾਜਪਾ ਸਰਕਾਰ ਦੇ ਬੁੱਤ ਨੂੰ ਅੱਗ ਲਾਈ ਜਾਵੇਗੀ ।
ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਚੋਣਾਂ ਦੇ ਮਾਹੌਲ ਦੌਰਾਨ ਕਿਸਾਨਾਂ ਨੂੰ ਵੋਟਾਂ ਤੋਂ ਭਲੇ ਦੀ ਝਾਕ ਛੱਡ ਕੇ ਆਪਣੇ ਭਾਈਚਾਰਕ ਏਕੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਆਪਣੀਆਂ ਮੰਗਾਂ ਮਸਲਿਆਂ ਲਈ ਸੰਘਰਸ਼ਾਂ ਤੇ ਟੇਕ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਜਥੇਬੰਦੀ ਵੱਲੋਂ ਸਭਨਾਂ ਵੋਟ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਵਾਲ ਕਰਨ ਅਤੇ ਅਤੇ ਇਸ ਦੀਆਂ ਵੱਡੀਆਂ ਫਲੈਕਸਾਂ ਲਾ ਕੇ ਪਿੰਡਾਂ ਵਿੱਚ ਲਾਉਣ ਲਈ ਤਿਆਰ ਸਵਾਲ ਨਾਵਾਂ ਮੀਟਿੰਗ ਵਿੱਚ ਵੰਡਿਆ ਗਿਆ । ਉਨ੍ਹਾਂ ਕਿਹਾ ਕਿ 15 ਫਰਵਰੀ ਨੂੰ ਜੇਠੂਕੇ ਦੇ ਕਿਰਾਇਆ ਘੋਲ ਅਤੇ ਜ਼ਮੀਨੀ ਘੋਲ ਦੇ ਸ਼ਹੀਦਾਂ ਦੀ ਬਰਸੀ ਜ਼ਿਲ੍ਹਾ ਪੱਧਰ ਤੇ ਮਨਾਈ ਜਾਵੇਗੀ ਜਿਸ ਵਿੱਚ ਵੱਧ ਤੋਂ ਵੱਧ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਹੋਰ ਸਭ ਕਿਰਤੀ ਲੋਕਾਂ ਨੂੰ ਪਹੁੰਚਣ ਲਈ ਅਪੀਲ ਕੀਤੀ ਗਈ । ਇਸ ਤੋਂ ਪਹਿਲਾਂ ਜ਼ਿਲ੍ਹਾ ਆਗੂਆਂ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਰਮੇ ਦੇ ਖਰਾਬੇ ਦਾ ਮੁਆਵਜ਼ਾ ਰੋਕੇ ਜਾਣ ਸਬੰਧੀ ਤੁਰੰਤ ਵੰਡਣ ਦੀਆਂ ਐੱਸਡੀਐੱਮਜ ਨੂੰ ਹਦਾਇਤਾਂ ਕੀਤੀਆਂ । ਪੁਲਸ ਕੇਸਾਂ ਦੀ ਵਾਪਸੀ ਸਬੰਧੀ ਐੱਸਐੱਸਪੀ ਬਠਿੰਡਾ ਨੇ ਸੋਮਵਾਰ ਤੱਕ ਦਾ ਸਮਾਂ ਦਿੱਤਾ ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਇਕ ਹਫ਼ਤੇ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ । ਕਿਸਾਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ । ਅੱਜ ਦੀ ਮੀਟਿੰਗ ਵਿੱਚ ਜਗਦੇਵ ਸਿੰਘ ਜੋਗੇਵਾਲਾ ,ਦਰਸ਼ਨ ਸਿੰਘ ਮਾਈਸਰਖਾਨਾ, ਬਸੰਤ ਸਿੰਘ ਕੋਠਾਗੁਰੂ ,ਸੁਖਦੇਵ ਸਿੰਘ ਰਾਮਪੁਰਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਗੁਰਤੇਜ ਸਿੰਘ ਗੁਰੂਸਰ, ਅਮਰੀਕ ਸਿੰਘ ਸਿਵੀਆਂ ,ਕੁਲਵੰਤ ਸ਼ਰਮਾ ,ਬਿੰਦਰ ਸਿੰਘ ਜੋਗੇਵਾਲਾ ,ਰਾਜਵਿੰਦਰ ਸਿੰਘ ਰਾਮਨਗਰ ਵੀ ਸ਼ਾਮਲ ਸਨ ।