ਸੰਤ ਸੀਚੇਵਾਲ ਤੇ ਕਾਹਨ ਸਿੰਘ ਪੰਨੂ ਨੇ ਚੋਣ ਅਧਿਕਾਰੀ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਸੁਲਤਾਨਪੁਰ ਲੋਧੀ, 30 ਜਨਵਰੀ: ਪੰਜਾਬ ਵਾਤਾਵਰਨ ਲੋਕ ਚੇਤਨਾ ਲਹਿਰ ਦੀ ਅਗਵਾਈ ਕਰ ਰਹੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕਨਵੀਨਰ ਸ. ਕਾਹਨ ਸਿੰਘ ਪੰਨੂ ਵੱਲੋਂ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਅਧਿਕਾਰੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ । ਇਸ ਮੰਗ ਪੱਤਰ ਵਿਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਜਾਰੀ ਕੀਤੇ ਜਾਂਦੇ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੀ ਅਪੀਲ ਕੀਤੀ। ਇਹ ਮੰਗ ਪੱਤਰ ਚੰਡੀਗੜ੍ਹ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਪੰਜਾਬ ਚੋਣ ਕਮਿਸ਼ਨ ਦੇ ਅਧਿਕਾਰੀ ਨੂੰ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਚੋਣ ਕਮਿਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਉਹ ਇਸ ਮੰਗ ਪੱਤਰ ਨੂੰ ਮੁੱਖ ਚੋਣ ਕਮਿਸ਼ਨਰ ਭਾਰਤ ਸਰਕਾਰ ਤੱਕ ਪਹੁੰਚਣਗੇ ਤੇ ਇਸ ਮੰਗ ਪੱਤਰ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕਰਨਗੇ।
ਇਸ ਮੌਕੇ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਪੰਜਾਂ ਦਰਿਆਵਾਂ ਦੀ ਧਰਤੀ ਹੈ ਤੇ ਕੁਦਰਤ ਨੇ ਇਸ ਨੂੰ ਬੇਸ਼ੁਮਾਰ ਨਿਆਮਤਾਂ ਬਖ਼ਸ਼ੀਆਂ ਹਨ ਪਰ ਅੱਜ ਪੰਜਾਂ ਦਰਿਆਵਾਂ ਦੀ ਧਰਤੀ ਬੇਆਬ ਅਤੇ ਜ਼ਹਿਰਆਬ ਹੁੰਦੀ ਜਾ ਰਹੀ ਹੈ। ਸੋਨੇ ਦੀ ਚਿੜੀਆ ਦੇ ਨਾਮ ਨਾਲ ਜਾਣੇ ਜਾਂਦੇ ਪੰਜਾਬ ਵਿਚ ਅੱਜ ਸਾਡੀ ਹਵਾ, ਪਾਣੀ ਤੇ ਧਰਤੀ ਤਿੰਨੇ ਹੀ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੇ ਹਨ। ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ, ਜਿਥੇ ਹਰ 5 ਸਾਲ ਬਾਅਦ ਲੋਕ ਆਪਣੀ ਵੋਟ ਦੀ ਤਾਕਤ ਨਾਲ ਸਰਕਾਰ ਦੀ ਚੋਣ ਕਰਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਹਰ ਵਾਰ ਲੋਕ ਸੇਵਾ ਦੇ ਨਾਮ ਤੇ ਰਾਜਨੀਤਿਕ ਪਾਰਟੀਆਂ ਸੱਤਾ ਤਾਂ ਹਾਸਿਲ ਕਰ ਲੈਂਦੀਆ ਹਨ, ਪਰ ਲੋਕਾਂ ਦੇ ਜੀਵਨ ਨਾਲ ਜੁੜੇ ਇਸ ਅਹਿਮ ਮੁੱਦੇ ਤੇ ਹਮੇਸ਼ਾ ਚੁੱਪ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਸਫ਼ਲਤਾ ਲਈ ਲੋਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਇਸੇ ਕਰਕੇ ਪੜ੍ਹਿਆ ਲਿਖਿਆ ਅਤੇ ਸੂਝਵਾਨ ਵਰਗ ਵੀ ਵੋਟਾਂ ਪ੍ਰਤੀ ਉਦਾਸੀਨ ਹੁੰਦਾ ਹੈ ਕਿਉਂਕਿ ਉਸ ਨੂੰ ਇਹੀ ਮਹਿਸੂਸ ਹੁੰਦਾ ਹੈ ਕਿ ਰਾਜਨੀਤਿਕ ਲੋਕਾਂ ਨੇ ਜੋ ਵਾਅਦੇ ਚੋਣ ਮੈਨੀਫੈਸਟੋ ਵਿਚ ਕੀਤੇ ਹਨ ਉਹ ਪੂਰੇ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਵੋਟ ਪਾਉਣਾ ਇੱਕ ਮਜਬੂਰੀ ਬਣ ਕੇ ਰਹਿ ਜਾਂਦਾ ਹੈ ਕਿਉਂਕਿ ਲੋਕਾਂ ਤਾਂ ਹੀ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨਗੇ ਜੇਕਰ ਇਸ ਲਈ ਢੁਕਵਾਂ ਮਾਹੌਲ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਸੰਤ ਸੀਚੇਵਾਲ ਜੀ ਨੇ ਕਿਹਾ ਕਿ ਹਰ ਵਾਰ ਵਾਤਾਵਰਣ, ਸਿੱਖਿਆ, ਸਿਹਤ, ਰੋਜ਼ਗਾਰ, ਖ਼ੁਦਕਸ਼ੀਆਂ ਕਰ ਰਹੇ ਕਿਸਾਨਾਂ ਦੇ ਹਾਲਾਤ ਸੁਧਾਰਨ ਲਈ ਢੁੱਕਵਾਂ ਅਤੇ ਠੋਸ ਹੱਲ ਚੋਣ ਮੈਨੀਫੈਸਟੋ ਦਾ ਹਿੱਸਾ ਨਹੀਂ ਹੁੰਦਾ ਤੇ ਜੇਕਰ ਹੁੰਦਾ ਹੈ ਤਾਂ ਸਰਕਾਰ ਬਣਨ ਤੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਂਦੇ ਹਨ।
ਪੰਜਾਬ ਵਿੱਚ ਲੋਕ ਚੇਤਨਾ ਲਹਿਰ ਦੇ ਕਨਵੀਨਰ ਸ. ਕਾਹਨ ਸਿੰਘ ਪਨੂੰ ਨੇ ਕਿਹਾ ਕਿ ਅੱਜ ਤੱਕ ਸਰਕਾਰਾਂ ਸਾਡਾ ਮੁੱਢਲਾ ਸੰਵਿਧਾਨਕ ਜਿਊਣ ਦਾ ਅਧਿਕਾਰ ਪ੍ਰਦਾਨ ਕਰਨ ਵਿੱਚ ਨਾਕਾਮ ਰਹੀਆਂ ਹਨ। ਇਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੋਟ ਪਾ ਕੇ ਠੱਗੇ ਜਾਣ ਦੀ ਪੀੜਾ ਜੋ ਅਸੀਂ ਮਹਿਸੂਸ ਕਰਦੇ ਹਾਂ ਉਹੀ ਪੀੜਾ ਪੂਰੇ ਪੰਜਾਬ ਦੇ ਲੋਕਾਂ ਦੀ ਹੈ। ਹੁਣ ਤਕ ਰਾਜਨੀਤਿਕ ਪਾਰਟੀਆਂ ਉਨ੍ਹਾਂ ਨੂੰ ਝੂਠੇ ਲੋਕ ਲੁਭਾਉਣੇ ਲਾਰੇ ਲਾ ਕੇ ਉਨ੍ਹਾਂ ਦਾ ਭਾਵਨਾਤਮਿਕ ਸ਼ੋਸ਼ਣ ਕਰਦੀਆਂ ਆ ਰਹੀਆਂ ਹਨ। ਹੁਣ ਇਸ ਵੇਲੇ ਚੋਣਾਂ ਦੌਰਾਨ ਮਜਬੂਰ ਤੇ ਲਾਚਾਰ ਲੋਕਾਂ ਨੂੰ ਪੈਸੇ, ਨਸ਼ੇ ਅਤੇ ਝੂਠੇ ਵਾਅਦਿਆਂ ਨਾਲ ਠੱਗਿਆ ਜਾਣਾ ਜ਼ਮੀਨੀ ਪੱਧਰ ਦੀ ਸਚਾਈ ਅਤੇ ਆਮ ਗੱਲ ਹੈ।
ਇਸ ਮੌਕੇ ਉਨ੍ਹਾਂ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਰਾਜਸੀ ਪਾਰਟੀਆਂ ਵੱਲੋਂ ਲਾਲਚ ਦੇ ਕੇ ਅਤੇ ਝੂਠੇ ਲੋਕ ਲੁਭਾਊ ਵਾਅਦਿਆਂ ਨਾਲ ਲੋਕਾਂ ਦੀ ਭਾਵਨਾਤਮਿਕ ਸ਼ੋਸ਼ਣ ਰੋਕਣ ਅਤੇ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਤਾਂ ਜੋ ਲੋਕ ਆਪਣੇ ਜਿਊਣ ਦੇ ਅਧਿਕਾਰ ਸ਼ੁੱਧ ਹਵਾ ਪਾਣੀ ਤੇ ਖੁਰਾਕ ਅਤੇ ਲੋਕ ਮਸਲਿਆਂ ਦੇ ਹੱਲ ਲਈ ਨਿਡਰ ਤੇ ਆਸਵੰਦ ਹੋ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
Share the post "ਪੰਜਾਬ ਦੇ ਮੁੱਖ ਚੋਣ ਕਮਿਸ਼ਨ ਨੂੰ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ ਬਣਾਉਣ ਲਈ ਦਿੱਤਾ ਮੰਗ ਪੱਤਰ"