ਸੁਖਜਿੰਦਰ ਮਾਨ
ਬਠਿੰਡਾ, 28 ਫਰਵਰੀ: ਪਿਛਲੇ ਸਾਲ ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪ੍ਰਤੀ ਏਕੜ 17000 ਰੁਪਏ ਮੁਆਵਜਾ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ’ਚ ਕਿਸਾਨ ਆਗੂਆਂ ਨੇ ਪ੍ਰਸ਼ਾਸਨ ’ਤੇ ਖੱਜਲ ਖੁਆਰ ਕਰਨ ਦਾ ਦੋਸ਼ ਲਗਾਇਆ ਹੈ। ਅੱਜ ਇੱਥੇ ਜਾਰੀ ਬਿਆਨ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਪ੍ਰੈਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਕਿਹਾ ਕਿ ਕੜਾਕੇ ਦੀ ਠੰਢ ਅਤੇ ਵਰਦੇ ਮੀਂਹ ਵਿਚ ਲਗਾਤਾਰ ਦਿਨ ਰਾਤ ਸੰਘਰਸ਼ ਕਰਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਸਤਾਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਕਿਸਾਨਾਂ ਲਈ ਅਤੇ ਇਸ ਦਾ ਬਣਦੀ ਕੁੱਲ ਰਕਮ ਦਾ 10 % ਮਜਦੂਰਾਂ ਨੂੰ ਰੁਜਗਾਰ ਉਜਾੜੇ ਦਾ ਨਿਗੂਣਾ ਮੁਆਵਜਾ ਦੇਣ ਦੀ ਮੰਗ ਮਨਵਾਈ ਗਈ। ਕਿਸਾਨ ਆਗੂਆਂ ਮੁਤਾਬਕ ਸਰਕਾਰ ਵਲੋਂ ਕਰਵਾਏ ਸਰਵੇਖਣਾਂ ਤੋਂ ਬਾਅਦ ਬਠਿੰਡਾ ਜਿਲੇ ਦੇ ਕਿਸਾਨਾਂ ਲਈ 320.30 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਮਜਦੂਰਾਂ ਲਈ ਬਣਦੀ 32.30 ਕਰੋੜ ਦੀ ਰਾਸ਼ੀ ਨਵੰਬਰ ਮਹੀਨੇ ਵਿੱਚ ਹੀ ਡਿਪਟੀ ਕਮਿਸ਼ਨਰ ਦੇ ਖਾਤੇ ਵਿਚ ਆ ਗਈ ਸੀ ਪ੍ਰੰਤੂ ਇਸ ਮੁਆਵਜੇ ਨੂੰ ਵੰਡਣ ਲਈ ਹਾਲੇ ਵੀ ਸੰਘਰਸ਼ ਜਾਰੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਵੀ ਕਿਸਾਨਾਂ ਨੂੰ ਮੁਆਵਜੇ ਦੀ ਅੱਧੀ ਰਾਸ਼ੀ ਵੀ ਨਹੀਂ ਵੰਡੀ ਗਈ ਹੈ ਜਦੋਂਕਿ ਮਜ਼ਦੂਰਾਂ ਲਈ ਤਾਂ ਸਰਵੇ ਵੀ ਸ਼ੁਰੂ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਰਮੇ ਦੀ ਫਸਲ ਖ਼ਰਾਬ ਹੋਣ ਕਾਰਨ ਆਰਥਿਕ ਤੌਰ ’ਤੇ ਟੁੱਟੇ ਕਿਸਾਨਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਪ੍ਰਸ਼ਾਸਨ ਦੇ ਰਵੱਈਏ ਨੂੰ ਦੇਖਦਿਆਂ ਜਲਦੀ ਹੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
Share the post "ਗੁਲਾਬੀ ਸੁੰਡੀ ਕਾਰਨ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਵੰਡਣ ’ਚ ਖੱਜਲ ਖੁਆਰੀ ਦਾ ਦੋਸ਼"