ਸੁਖਜਿੰਦਰ ਮਾਨ
ਬਠਿੰਡਾ, 05 ਮਾਰਚ: ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਵਿਰੋਧ ’ਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਦੀ ਸਰਕਾਰ ਵਿਰੁੱਧ ਸ਼ਹਿਰ ਵਿਚ ਰੋਸ ਮੁਜ਼ਾਹਰਾ ਕਰਦਿਆਂ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਭੇਜਿਆ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ,ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਮੋਠੂ ਸਿੰਘ ਕੋਟੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਪੈਦਾਵਾਰ ਦੇ ਇਸ ਪ੍ਰਦੂਸਣ ਰਹਿਤ ਪ੍ਰਾਜੈਕਟ ਵਿੱਚ ਪੰਜਾਬ ਦੇ ਪੁਨਰਗਠਨ ਵੇਲੇ ਪੰਜਾਬ ਨੂੰ 60% ਨੁਮਾਇੰਦਗੀ ਦੇਣ ਦੇ ਦੋ ਠੋਸ ਆਧਾਰ ਸਨ, ਜਿੰਨ੍ਹਾਂ ਵਿਚ ਇੱਕ ਤਾਂ ਇਹ ਪ੍ਰਾਜੈਕਟ ਪੰਜਾਬ ਵਿੱਚ ਸਥਿਤ ਹੋਣਾ ਅਤੇ ਦੂਜਾ ਭਾਰੀ ਮੀਂਹ ਮੌਕੇ ਵਾਧੂ ਪਾਣੀ ਛੱਡਣ ਨਾਲ ਆਉਣ ਵਾਲੇ ਭਾਰੀ ਹੜ੍ਹਾਂ ਦੀ ਤਬਾਹੀ ਦੀ ਮਾਰ ਇਕੱਲੇ ਪੰਜਾਬ ਨੂੰ ਹੀ ਝੱਲਣੀ ਪੈਂਦੀ ਹੈ । ਪ੍ਰੰਤੂ ਕੇਂਦਰ ਸਰਕਾਰ ਨੇ ਤਾਨਾਸਾਹੀ ਹੁਕਮਾਂ ਰਾਹੀਂ ਇਸ ਪ੍ਰਾਜੈਕਟ ਦੇ ਹਿੱਸੇਦਾਰ ਸੂਬਿਆਂ ਤੋਂ ਬਾਹਰਲੇ ਸੂਬਿਆਂ ਦੇ ਨੁਮਾਇੰਦੇ ਵੀ ਪ੍ਰਬੰਧਕ/ ਚੇਅਰਮੈਨ ਲਗਾਉਣ ਦਾ ਫੈਸਲਾ ਲਿਆ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਬੀ ਬੀ ਐਮ ਬੀ ਦੀ ਬਣਤਰ ਦੀ ਪਹਿਲੀ ਸਥਿਤੀ ਬਹਾਲ ਕੀਤੀ ਜਾਵੇ ਅਤੇ ਇਸ ਦਾ ਕੰਟਰੋਲ ਪੰਜਾਬ ਅਤੇ ਹੋਰ ਹਿੱਸੇਦਾਰ ਸੂਬਿਆਂ ਦੇ ਹੱਥਾਂ ਵਿੱਚ ਹੀ ਰਹਿਣ ਦੀ ਗਰੰਟੀ ਕੀਤੀ ਜਾਵੇ, ਪ੍ਰਾਜੈਕਟ ਦੀ ਸੁਰੱਖਿਆ ਲਈ ਲਾਏ ਕੇਂਦਰੀ ਸੁਰੱਖਿਆ ਬਲ ਹਟਾ ਕੇ ਉੱਥੇ ਪੰਜਾਬ ਤੇ ਹਰਿਆਣਾ ਦੇ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇ। ਇਸ ਰੋਸ਼ ਮੁਜ਼ਾਹਰੇ ਨੂੰ ਔਰਤ ਜਥੇਬੰਦੀ ਦੀ ਆਗੂ ਪਰਮਜੀਤ ਕੌਰ ਪਿੱਥੋ , ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਕੋਟੜਾ ,ਮਾਲਣ ਕੌਰ ,ਬਲਜੀਤ ਸਿੰਘ ਪੂਹਲਾ,ਸੁਖਦੇਵ ਸਿੰਘ ਜਵੰਧਾ,ਅਮਰੀਕ ਸਿੰਘ ਸਿਵੀਆਂ , ਕੁਲਵੰਤ ਸ਼ਰਮਾ ਰਾਏ ਕੇ ਕਲਾਂ ,ਗੁਰਮੇਲ ਸਿੰਘ ਰਾਮਗੜ੍ਹ ਭੂੰਦੜ ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਸੰਬੋਧਨ ਕੀਤਾ।
Share the post "ਭਾਕਿਯੂ (ਏਕਤਾ-ਉਗਰਾਹਾਂ) ਨੇ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਵਿਰੁਧ ਸ਼ਹਿਰ ’ਚ ਕੀਤਾ ਰੋਸ਼ ਮੁਜਾਹਰਾ"