ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਨੂੰਨੀ ਕਾਰਵਾਈ
ਸਮੇਂ ਸਿਰ ਚੁਕਾਈ ਅਤੇ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇਗੀ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਮਾਰਚ: ਸੂਬੇ ਵਿੱਚ ਆਉਂਦੇ ਕਣਕ ਦੇ ਖਰੀਦ ਸੀਜਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖਰੀਦ ਨਾਲ ਜੁੜੇ ਹਰ ਵਰਗ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਕਿਸੇ ਪੱਖੋਂ ਵੀ ਕੋਈ ਕਮੀ ਰਹਿਣ ਨਹੀਂ ਦਿੱਤੀ ਜਾਵੇਗੀ।ਅੱਜ ਇੱਥੇ ਇਕ ਬਿਆਨ ਵਿੱਚ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਖਰੀਦ ਸੀਜਨ ਦੇ ਸਨਮੁੱਖ ਬਾਰਦਾਨਾ ਪੂਰੀ ਗਿਣਤੀ ਵਿੱਚ ਉਪਲੱਬਧ ਹੈ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕਰਨ ਲਈ ਟੈਂਡਰ ਲਗਾਏ ਜਾ ਚੁੱਕੇ ਹਨ ਤਾਂ ਜੋ ਸਮੇਂ ਸਿਰ ਚੁਕਾਈ ਹੋ ਸਕੇ।ਇਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਅਨਸਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ, ਜ਼ਿੰਮੀਦਾਰਾਂ ਨੂੰ ਸਿੱਧੀ ਅਦਾਇਗੀ ਸਮੇਂ ਸਿਰ ਕਰਨ ਲਈ ਵਚਨਬੱਧ ਹੈ। ਕਿਸਾਨ ਭਾਈਚਾਰੇ ਨੂੰ ਮੰਤਰੀ ਨੇ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕਿਸੇ ਵੀ ਸਮੇਂ ਜ਼ਿਲ੍ਹਾ ਪੱਧਰ ਉੱਤੇ ਤਾਇਨਾਤ ਅਫ਼ਸਰਾਂ ਕੋਲ ਪਹੁੰਚ ਕੀਤੀ ਜਾ ਸਕਦੀ ਹੈ।
ਦੱਸਣਯੋਗ ਹੈ ਕਿ ਮੰਤਰੀ ਵੱਲੋਂ ਵਿਸ਼ੇਸ਼ ਤੌਰ ਉੱਤੇ ਹੁਕਮ ਜਾਰੀ ਕੀਤੇ ਗਏ ਹਨ ਕਿ ਖਰੀਦ ਸਬੰਧੀ ਪੇਸ਼ ਆਉਂਦੀਆਂ ਮੁਸ਼ਕਿਲਾਂ ਦੀ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
Share the post "ਕਣਕ ਦੇ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ: ਲਾਲ ਚੰਦ ਕਟਾਰੂਚੱਕ"