ਕਿਹਾ, ਬਰਸਾਤੀ ਪਾਣੀ ਦੀ ਸਮੱਸਿਆ ਤੋਂ ਛੁਟਕਾਰੇ ਲਈ ਕੀਤੇ ਜਾਣ ਅਗਾਊਂ ਪ੍ਰਬੰਧ
ਲੋਕ ਮਸਲੇ ਪਹਿਲ ਦੇ ਆਧਾਰ ਤੇ ਹੋਣਗੇ ਹੱਲ : ਡਿਪਟੀ ਕਮਿਸ਼ਨਰ
ਸੁਖਜਿੰਦਰ ਮਾਨ
ਬਠਿੰਡਾ, 31 ਮਾਰਚ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀਆਂ ਆਮ ਲੋਕਾਂ ਦੀ ਭਲਾਈ ਲਈ ਨੀਤੀਆਂ ਅਤੇ ਨੀਅਤ ਸਪੱਸ਼ਟ ਹੈ ਅਤੇ ਸ਼ਹਿਰ ਦੀ ਬੇਹਤਰੀ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਜਾਣਕਾਰੀ ਬਠਿੰਡਾ ਸ਼ਹਿਰੀ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ਅਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਬੈਠਕ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਵਲੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਇਲਾਵਾ ਸ਼ਹਿਰ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਸਬੰਧਤ ਵਿਭਾਗਾਂ ਕੋਲੋਂ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ੋਰ ਦਿੱਤਾ ਕਿ ਬਰਸਾਤੀ ਪਾਣੀ ਕਾਰਨ ਸ਼ਹਿਰ ਵਾਸੀਆਂ ਨੂੰ ਆ ਰਹੀ ਸਮੱਸਿਆ ਤੋਂ ਛੁਟਕਾਰਾ ਦਵਾਉਣ ਲਈ ਹੁਣ ਤੋਂ ਹੀ ਅਗਾਊਂ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਛੁਟਕਾਰਾ ਦਿਵਾਉਣ ਲਈ ਮੁਕੰਮਲ ਯੋਜਨਾ ਰਿਪੋਰਟ ਇੱਕ ਹਫ਼ਤੇ ਵਿੱਚ ਤਿਆਰ ਕੀਤੀ ਜਾਵੇ। ਉਨ੍ਹਾਂ ਬਰਸਾਤੀ ਪਾਣੀ ਨੂੰ ਮੁੜ ਵਰਤੋਂ ਲਿਆਉਣ ਲਈ ਖੂਹ ਸਿਸਟਮ ਆਦਿ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨਹਿਰੀ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਝੀਲ ਨੰਬਰ 3 ਦੀ ਸਾਫ਼-ਸਫ਼ਾਈ ਕਰਨ ਅਤੇ ਇਸ ਨੂੰ ਪਹਿਲ ਦੇ ਆਧਾਰ ਤੇ ਪਾਣੀ ਨਾਲ ਭਰਨ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਬੈਠਕ ਦੌਰਾਨ ਸ਼ਹਿਰ ਅੰਦਰ ਪੀਣ ਵਾਲੇ ਅਤੇ ਨਹਿਰੀ ਪਾਣੀ, ਸੀਵਰੇਜ਼, ਗਊਸ਼ਾਲਾਵਾਂ, ਸੜਕਾਂ, ਸਕੂਲਾਂ, ਸਿਹਤ ਵਿਭਾਗ ਨਾਲ ਸਬੰਧਤ ਹਸਪਤਾਲਾਂ ਤੇ ਡਿਸਪੈਂਸਰੀਆਂ ਤੋਂ ਇਲਾਵਾ ਆਮ ਲੋਕਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਵੀ ਵਿਚਾਰ-ਚਰਚਾ ਕੀਤੀ ਅਤੇ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰੇ ਲਈ ਅਗਾਊਂ ਯੋਜਨਾਵਾਂ ਉਲੀਕਣ ਲਈ ਵੀ ਕਿਹਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ, ਐਕਸਸੀਐਨ ਸ਼੍ਰੀ ਇੰਦਰਜੀਤ ਸਿੰਘ, ਐਡਵੋਕੇਟ ਤੇ ਕੌਂਸਲਰ ਸੁਖਦੀਪ ਸਿੰਘ ਢਿਲੋਂ, ਸ਼੍ਰੀ ਅਮਿਤ ਲਾਲ ਅਗਰਵਾਲ, ਸ਼੍ਰੀ ਨੀਲ ਗਰਗ, ਸ਼੍ਰੀ ਰਕੇਸ਼ਪੁਰੀ, ਸ਼੍ਰੀ ਅਨਿਲ ਠਾਕੁਰ, ਸ਼੍ਰੀ ਜਗਦੀਸ ਸਿੰਘ ਬੜੈਚ ਸਾਰੇ ਸੀਨੀਅਰ ਆਪ ਆਗੂ ਅਤੇ ਸ਼੍ਰੀ ਹੈਪੀ ਢਿਲੋਂ, ਸ਼੍ਰੀ ਬਲਜੀਤ ਸਿੰਘ ਬਲੀ, ਸ਼੍ਰੀ ਆਲਮਜੀਤ ਸਿੰਘ, ਗੋਬਿੰਦਰ ਸਿੰਘ ਬਲਾਕ ਪ੍ਰਧਾਨ ਤੇ ਐਡਵੋਕੇਟ ਜਸਦੀਪ ਸਿੰਘ ਢਿੱਲੋਂ ਆਦਿ ਸਖਸ਼ੀਅਤਾਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Share the post "ਲੋਕਾਂ ਦੇ ਭਲੇ ਲਈ ਸਪੱਸ਼ਟ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਨੀਅਤ : ਜਗਰੂਪ ਗਿੱਲ"