11 Views
ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਅਸ਼ੋਕ ਤੰਵਰ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਅਪਰੈਲ: ਹਰਿਆਣਾ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਧਮਾਕਾ ਹੋਇਆ ਜਦੋਂ ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਤ੍ਰਿਣਮੂਲ ਕਾਂਗਰਸ ਦੇ ਆਗੂ ਅਸ਼ੋਕ ਤੰਵਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫ਼ੜ ਲਿਆ। ਉਨ੍ਹਾਂ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਹੋਏ ਇਕ ਸਮਾਗਮ ਤੋਂ ਬਾਅਦ ਆਪ ਨੂੰ ਜੁਆਇਨ ਕੀਤਾ। ਸ੍ਰੀ ਤੰਵਰ ਦੇ ਆਪ ਵਿੱਚ ਸ਼ਾਮਲ ਹੋਣ ਕਾਰਨ ਦੂਜੀਆਂ ਪਾਰਟੀਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਦਿੱਲੀ ਅਤੇ ਪੰਜਾਬ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅੱਖ ਹਰਿਆਣਾ ਉਪਰ ਹੈ। 2009 ਤੋਂ 2014 ਤੱਕ ਸਿਰਸਾ ਤੋਂ ਸੰਸਦ ਮੈਂਬਰ ਰਹੇ ਅਸ਼ੋਕ ਤੰਵਰ ਦਾ 2019 ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪ੍ਰਧਾਨ ਹੁੰਦਿਆਂ ਟਿਕਟਾਂ ਦੀ ਵੰਡ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਵਿਵਾਦ ਹੋ ਗਿਆ ਸੀ। ਪਾਰਟੀ ਹਾਈ ਕਮਾਨ ਨੇ ਹੁੱਡਾ ਦੀ ਸਿਫ਼ਾਰਸ਼ ਤੇ ਤਮ੍ਹਾ ਸਮਰਥਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਨਾਰਾਜ਼ ਹੁੰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਕੁਝ ਸਮੇਂ ਬਾਅਦ ਉਨ੍ਹਾਂ ਕਾਂਗਰਸ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਸੀ ਜਿਸ ਤੋਂ ਬਾਅਦ ਉਹ ਮਮਤਾ ਬੈਨਰਜੀ ਦੀ ਅਗਵਾਈ ਹੇਠਲੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।