5 Views
ਭਾਰਤ ਭੂਸ਼ਨ ਆਸ਼ੂ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ ਤੇ ਵਿਧਾਨ ਸਭਾ ਚ ਡਿਪਟੀ ਲੀਡਰ ਬਣੇ ਡਾ ਰਾਜ ਕੁਮਾਰ ਚੱਬੇਵਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਅਪਰੈਲ: ਕਾਂਗਰਸ ਪਾਰਟੀ ਨੇ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਪੰਜਾਬ ਕਾਗਰਸ ਦੇ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਦੀ ਸੂਚੀ ਨੂੰ ਅੱਜ ਦੇਰ ਸ਼ਾਮ ਜਾਰੀ ਕਰਦਿਆਂ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਿਰ ਪ੍ਰਧਾਨਗੀ ਦਾ ਤਾਜ ਸਜਾਇਆ ਹੈ। ਜਦੋਂਕਿ ਵਿਰੋਧੀ ਧਿਰ ਦੇ ਨੇਤਾ ਵਜੋਂ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਨੂੰ ਜਿੰਮੇਵਾਰੀ ਦਿੱਤੀ ਹੈ। ਇਸੇ ਤਰ੍ਹਾਂ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਅਤੇ ਡਾ ਰਾਜ ਕੁਮਾਰ ਚੱਬੇਵਾਲ ਨੂੰ ਵਿਧਾਨ ਸਭਾ ਵਿੱਚ ਡਿਪਟੀ ਲੀਡਰ ਬਣਾਇਆ ਗਿਆ ਹੈ। ਪਿਛਲੇ ਕੁਝ ਸਮੇਂ ਤੋਂ ਹੀ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ ਦੀਆਂ ਕਿਆਸ ਅਰਾਈਆਂ ਚੱਲ ਰਹੀਆਂ ਸਨ। ਰਾਜਾ ਵੜਿੰਗ ਨੇ ਸਿਰਫ਼ ਸਾਢੇ ਤਿੰਨ ਮਹੀਨਿਆਂ ਲਈ ਚੰਨੀ ਸਰਕਾਰ ‘ਚ ਟਰਾਂਸਪੋਰਟ ਮੰਤਰੀ ਰਹਿੰਦਿਆਂ ਆਪਣਾ ਵਿਸ਼ੇਸ਼ ਨਾਮ ਕਮਾਇਆ ਸੀ ਉਥੇ ਬਾਦਲਾਂ ਦੇ ਗੜ੍ਹ ਚ ਭਾਰੀ ਵਿਰੋਧ ਦੇ ਬਾਵਜੂਦ ਜਿੱਤ ਪ੍ਰਾਪਤ ਕਰਕੇ ਕਾਂਗਰਸ ਦਾ ਝੰਡਾ ਬੁਲੰਦ ਕੀਤਾ ਸੀ। ਮਹੱਤਵਪੂਰਨ ਗੱਲ ਇਹ ਵੀ ਦੱਸਣੀ ਬਣਦੀ ਹੈ ਕਿ ਚੋਣਾਂ ਦੇ ਦੌਰਾਨ ਰਾਜਾ ਵੜਿੰਗ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਪਰ ਵੀ ਅਕਾਲੀ ਦਲ ਨਾਲ ਮਿਲ ਕੇ ਹਰਾਉਣ ਦੇ ਦੋਸ਼ ਲਾਏ ਸਨ। ਇਸ ਦੇ ਚੱਲਦੇ ਉਨ੍ਹਾਂ ਵੀ ਬਠਿੰਡਾ ਤੋਂ ਲੈ ਕੇ ਜਲਾਲਾਬਾਦ ਤਕ ਸਾਰੇ ਬਾਦਲਾਂ ਨੂੰ ਹਰਾਉਣ ਦਾ ਖੁੱਲ੍ਹਾ ਸੱਦਾ ਦਿੱਤਾ ਸੀ ਅਤੇ ਇਸ ਵਾਰ ਸਾਰੇ ਬਾਦਲ ਬੁਰੀ ਤਰ੍ਹਾਂ ਚੋਣ ਹਾਰ ਗਏ ਹਨ ਜਿਸ ਦੇ ਚੱਲਦੇ ਇਸ ਨੌਜਵਾਨ ਲੀਡਰ ਦਾ ਸਿਆਸੀ ਕੱਦ ਹੋਰ ਉੱਚਾ ਹੋਇਆ ਹੈ। ਇਸੇ ਤਰ੍ਹਾਂ ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਤੋਂ ਦੂਰ ਰਹੇ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆ ਹਲਕੇ ਤੋਂ ਜਿੱਤ ਪ੍ਰਾਪਤ ਕਰ ਕੇ ਮੁੜ ਪੰਜਾਬ ਦੀ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਹੈ।ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਦਾ ਨੇਤਾ ਬਣਨ ਲਈ ਜੋਰ ਲਗਾਇਆ ਜਾ ਰਿਹਾ ਸੀ। ਕਾਂਗਰਸ ਹਾਈ ਕਮਾਂਡ ਨੇ ਇਸ ਵਾਰ ਸਾਰੇ ਅਹੁੱਦੇ ਟਕਸਾਲੀ ਕਾਂਗਰਸੀਆਂ ਨੂੰ ਦਿੱਤੇ ਹਨ । ਜਿਨ੍ਹਾਂ ਵਿੱਚ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਾ ਰਾਜ ਕੁਮਾਰ ਚੱਬੇਵਾਲ ਦੇ ਨਾਮ ਵੀ ਸਾਮਲ ਹੈ।
Share the post "ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਪ੍ਰਤਾਪ ਬਾਜਵਾ ਨੂੰ ਬਣਾਇਆ ਵਿਰੋਧੀ ਧਿਰ ਦਾ ਨੇਤਾ"