ਮਾਮਲਾ ਵਧਦਾ ਦੇਖ ਡੀਸੀ ਨੇ ਪ੍ਰਾਪਤ ਕੀਤਾ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 16 ਅਪੈਰਲ:- ਅਪਣੇ ਤਿੱਖੇ ਸੰਘਰਸ਼ਾਂ ਨੂੰ ਜਾਣੀ ਜਾਂਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਮ.ਐਸ.ਪੀ. ਤੇ ਹੋਰ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਮੰਗ ਪੱਤਰ ਪ੍ਰਾਪਤ ਕਰਨ ਲਈ ਨਾ ਆਉਣ ’ਤੇ ਰੋਹ ਵਿਚ ਆਏ ਕਿਸਾਨਾਂ ਨੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕਰ ਲਿਆ। ਇਸ ਦੌਰਾਨ ਮਾਮਲਾ ਵਧਦਾ ਦੇਖ ਨਾ ਸਿਰਫ਼ ਡੀਸੀ ਨੇ ਕਿਸਾਨ ਜਥੇਬੰਦੀਆਂ ਕੋਲੋਂ ਮੰਗ ਪੱਤਰ ਪ੍ਰਾਪਤ ਕੀਤਾ, ਬਲਕਿ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਕਿਸਾਨ ਮੰਗਾਂ ਦੀ ਪੂਰਤੀ ਲਈ ਇਸਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ। ਇਸੇ ਤਰ੍ਹਾਂ ਨਰਮੇ ਦੇ ਖਰਾਬੇ ਦਾ ਮੁਆਵਜ਼ਾ ਜਲਦੀ ਵੰਡਣ ਦਾ ਭਰੋਸਾ ਦਿਵਾਇਆ, ਜਿਸਤੋਂ ਬਾਅਦ ਕਿਸਾਨਾਂ ਨੇ ਕੋਠੀ ਦਾ ਘਿਰਾਓ ਸਮਾਪਤ ਕਰ ਦਿੱਤਾ। ਦਸਣਾ ਬਣਦਾ ਹੈ ਕਿ ਸੁਯੰਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਮਨਾਏ ਜਾ ਰਹੇ ਐਮਐਸਪੀ ਗਰੰਟੀ ਹਫਤੇ ਤਹਿਤ ਅੱਜ ਸਥਾਨਕ ਡੀਸੀ ਦਫ਼ਤਰ ਅੱਗੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਪੁੱਜੇ ਹੋਏ ਸਨ। ਇਸ ਦੌਰਾਨ ਲਗਾਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਮੋਦੀ ਭਾਜਪਾ ਸਰਕਾਰ ਵੱਲੋਂ ਸਾਰੀਆਂ ਫਸਲਾਂ ਦੀ ਐਮ ਐੱਸ ਪੀ ‘ਤੇ ਖਰੀਦ ਦੀ ਕਾਨੂੰਨੀ ਗਰੰਟੀ ਕਰਨ ਬਾਰੇ ਕੀਤੇ ਗਏ ਲਿਖਤੀ ਵਾਅਦੇ ਤੋਂ ਪਿੱਛੇ ਹਟਣ ਦੀ ਜੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਸਰਕਾਰੀ ਜਿੰਮੇਵਾਰੀ ਤੈਅ ਕਰਦਾ ਕਾਨੂੰਨ ਬਣਾਵੇ। ਸਵਾਮੀਨਾਥਨ ਕਮਿਸਨ ਅਤੇ ਰਮੇਸ ਚੰਦਰ ਕਮੇਟੀ ਦੀਆਂ ਸਿਫਾਰਸਾਂ ਅਨੁਸਾਰ ਸਾਰੇ ਲਾਗਤ ਖਰਚੇ ਗਿਣ ਕੇ -2+50% ਫਾਰਮੂਲੇ ਦੇ ਹਿਸਾਬ ਨਾਲ ਸਾਰੀਆਂ ਫਸਲਾਂ ਦੇ ਐਮ ਐੱਸ ਪੀ ਤਹਿ ਕਰੇ।
ਉਹਨਾਂ ਬੇਮੌਸਮੀਆਂ ਬਾਰਸ਼ਾਂ ਅਤੇ ਇੱਕਦਮ ਗਰਮੀ ਵਧਣ ਕਰਕੇ ਕਣਕ ਦਾ ਝਾੜ ਘਟਣ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੰਗ ਕੀਤੀ ਗਈ ਕਿ ਸਰਕਾਰ ਕਿਸਾਨਾਂ ਨੂੰ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਫੌਰੀ ਐਲਾਨ ਕਰੇ। ਇਸੇ ਵਜ੍ਹਾ ਕਰਕੇ ਪਤਲੇ ਰਹਿ ਗਏ ਕਣਕ ਦੇ ਦਾਣਿਆਂ ਬਾਰੇ ਖਰੀਦ ਸਮੇਂ ਲਾਈ ਗਈ ਗੈਰ-ਵਾਜਬ ਸਰਤ ਰੱਦ ਕਰਕੇ ਰੋਕੀ ਹੋਈ ਸਰਕਾਰੀ ਖਰੀਦ ਆਮ ਵਾਂਗ ਸੁਰੂ ਕਰੇ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਹ ਕਿਸਾਨ ਵਿਰੋਧੀ ਸਰਤ ਨਹੀਂ ਹਟਾਈ ਜਾਂਦੀ ਤਾਂ ਸਰਕਾਰ ਨੂੰ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨਾ ਪਵੇਗਾ। ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਸਰਕਾਰ ਦੀ ਇਸ ਬੇਨਿਆਂਈਂ ਵਿਰੁੱਧ ਥਾਂ ਥਾਂ ਰੋਸ ਪ੍ਰਦਰਸਨ ਕੀਤੇ ਜਾਣ ਅਤੇ ਸਰਕਾਰ ਵੱਲੋਂ ਹਠਧਰਮੀ ਧਾਰਨ ਦੀ ਸੂਰਤ ਵਿੱਚ ਤਿੱਖੇ ਘੋਲ ਲਈ ਕਮਰਕੱਸੇ ਕੱਸ ਲਏ ਜਾਣ। ਪ੍ਰੰਤੂ ਇਸ ਦੌਰਾਨ ਡਿਪਟੀ ਕਮਿਸ਼ਨਰ ਦੇ ਮੰਗ ਪੱਤਰ ਲੈਣ ਨਾ ਪੁੱਜਣ ’ਤੇ ਰੋਹ ਵਿਚ ਆਏ ਕਿਸਾਨਾਂ ਨੇ ਬੈਰੀਗੇਡ ਤੋੜਦਿਆਂ ਉਨ੍ਹਾਂ ਦੀ ਰਿਹਾਇਸ਼ ਵੱਲ ਚਾਲੇ ਪਾ ਦਿੱਤੇ ਤੇ ਪੁਲਿਸ ਦੀਆਂ ਰੋਕਾਂ ਦੇ ਬਾਅਦ ਕੋਠੀ ਦਾ ਘਿਰਾਓ ਕਰ ਲਿਆ। ਜਿਸਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੋਂ ਮੰਗ ਪੱਤਰ ਸਵੀਕਾਰ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਮੰਗਾਂ ਲਈ ਇਹ ਮੰਗ ਪੱਤਰ ਉਚ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ ਤੇ ਨਾਲ ਹੀ ਪਿਛਲੇ ਸਾਲ ਨਰਮੇ ਦੀ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ਾ ਵੰਡਣ ਵਿਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ, ਬਸੰਤ ਸਿੰਘ ਕੋਠਾ ਗੁਰੂ ,ਔਰਤ ਆਗੂ ਹਰਿੰਦਰ ਬਿੰਦੂ,ਪਰਮਜੀਤ ਕੌਰ ਕੋਟੜਾ, ਜਗਦੇਵ ਸਿੰਘ ਜੋਗੇਵਾਲਾ ,ਮਾਸਟਰ ਸੁਖਦੇਵ ਸਿੰਘ,ਅਮਰੀਕ ਸਿੰਘ ਸਿਵੀਆਂ, ਕੁਲਵੰਤ ਰਾਏ ਸ਼ਰਮਾ,ਗੁਰਤੇਜ ਸਿੰਘ ਗੁਰੂਸਰ ,ਰਾਜਵਿੰਦਰ ਸਿੰਘ ਰਾਮਨਗਰ,ਹੁਸਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ ਨੇ ਵੀ ਸੰਬੋਧਨ ਕੀਤਾ।
Share the post "ਐਮ.ਐਸ.ਪੀ. ਗਰੰਟੀ ਤੇ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਘੇਰੀ ਡੀਸੀ ਦੀ ਕੋਠੀ"