ਸੁਖਜਿੰਦਰ ਮਾਨ
ਬਠਿੰਡਾ, 25 ਮਈ : ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਮਨੁੱਖੀ ਏਕਤਾ ਦੇ ਸੂਤਰ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ| ਇਸ ਪ੍ਰੋਗਰਾਮ ਵਿੱਚ ਪਦਮ ਸ਼੍ਰੀ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਕੋਆਰਡੀਨੇਟਰ ਡਾ: ਬਾਵਾ ਸਿੰਘ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਸਰੋਤਿਆਂ ਨੂੰ ਪ੍ਰੋਗਰਾਮ ਦੇ ਵਿਸ਼ੇ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਛੇ ਸਿੱਖ ਗੁਰੂ ਸਾਹਿਬਾਨ, 15 ਭਗਤਾਂ, 11 ਭੱਟਾਂ ਅਤੇ ਚਾਰ ਗੁਰਸਿੱਖਾਂ ਦੀ ਬਾਣੀ ਦਰਜ ਹੈ, ਜਿਨ੍ਹਾਂ ਦੇ ਸ਼ਬਦ ਮਨੁੱਖੀ ਏਕਤਾ ਦਾ ਸੰਦੇਸ਼ ਦਿੰਦੇ ਹਨ।
ਮੁੱਖ ਬੁਲਾਰੇ ਪ੍ਰੋ. ਐੱਚ.ਐੱਸ ਬੇਦੀ ਨੇ ਆਪਣੇ ਲੈਕਚਰ ਵਿੱਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਜੋਕੇ ਸਮੇਂ ਦਾ ਇੱਕ ਪਵਿੱਤਰ ਗ੍ਰੰਥ ਹੈ ਜੋ ਸਾਡੀ ਭਾਰਤੀ ਸੰਸਕ੍ਰਿਤੀ ਨੂੰ ਦਰਸਾਉਂਦਾ ਹੈ ਅਤੇ ਮਨੁੱਖੀ ਏਕਤਾ ਦੇ ਸੂਤਰ ਦੇ ਨਾਲ-ਨਾਲ ਸਾਡੀਆਂ ਪੁਰਾਤਨ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਗ੍ਰੰਥ ਸਾਨੂੰ ਭਾਰਤੀ ਦਰਸ਼ਨ ਅਤੇ ਸੰਸਕ੍ਰਿਤੀ ਨੂੰ ਜਾਣਨ ਦਾ ਮੌਕਾ ਪ੍ਰਦਾਨ ਕਰਦਾ ਹੈ ਕਿਉਂਕਿ ਇਸ ਵਿੱਚ ਸਿੱਖ ਗੁਰੂ ਸਾਹਿਬਾਨ ਦੇ ਨਾਲ-ਨਾਲ ਸੰਤ ਕਬੀਰ, ਨਾਮਦੇਵ ਜੀ, ਰਾਮਾਨੰਦ ਜੀ, ਜੈ ਦੇਵ ਜੀ, ਰਵਿਦਾਸ ਜੀ ਵਰਗੇ ਵੱਖ-ਵੱਖ ਧਾਰਮਿਕ, ਸਮਾਜਿਕ, ਭੂਗੋਲਿਕ ਤੇ ਭਾਸ਼ਾਈ ਪਿਛੋਕੜਾਂ ਨਾਲ ਸਬੰਧਤ ਦੇਸ਼ ਭਰ ਦੇ ਮਹਾਨ ਭਾਰਤੀ ਸੰਤਾਂ ਦੀਆਂ ਬਾਣੀਆਂ ਸ਼ਾਮਿਲ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਕਲਨ ਰਾਹੀਂ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਇੱਕ ਮਹਾਨ ਭਾਰਤੀ ਸਾਹਿਤ ਦਾ ਪਹਿਲਾ ਸੰਵਾਦ ਪ੍ਰਦਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਰਾਹੀਂ ਮਨੁੱਖੀ ਏਕਤਾ ਦੇ ਵਿਚਾਰ ਨੂੰ ਪ੍ਰਫੁੱਲਤ ਕਰਦਾ ਹੈ। ਇਹ ਸੂਤਰ ਪਹਿਲੇ ਸਿੱਖ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਬਾਣੀਆਂ ਜਿਵੇਂ ਕਿ “ਗਗਨ ਮੈਂ ਥਾਲ…” ਅਤੇ ਉਨ੍ਹਾਂ ਦੀਆਂ ਸੰਸਾਰ ਪ੍ਰਸਿੱਧ ਸਿੱਖਿਆਵਾਂ “ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ” ਵਿੱਚ ਝਲਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੂਨੈਸਕੋ ਨੇ ਸ਼ਾਂਤੀ, ਸੱਚ, ਪਿਆਰ, ਦਇਆ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਪ੍ਰਫੁੱਲਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੋਰ ਗੁਰੂ ਸਾਹਿਬਾਨ ਦੀ ਬਾਣੀ ਨੂੰ ਵਿਸ਼ਵ ਦੀਆਂ ਪ੍ਰਸਿੱਧ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦਾ ਫੈਸਲਾ ਲਿਆ ਹੈ।
ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਵਿਸ਼ੇਸ਼ ਬੁਲਾਰੇ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਬਾਰੇ ਜਾਣੂ ਕਰਾਉਣ ਦੇ ਨਾਲ ਨਾਲ ਯੂਨੀਵਰਸਿਟੀ ਲਾਇਬ੍ਰੇਰੀ ਨੂੰ ਸਿੱਖ ਇਤਿਹਾਸ ਅਤੇ ਸਾਹਿਤ ਦੀਆਂ ਵਡਮੁੱਲੀਆਂ ਪੁਸਤਕਾਂ ਦਾਨ ਕਰਨ ਲਈ ਪ੍ਰੋ. ਬੇਦੀ ਦਾ ਧੰਨਵਾਦ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ ਵੁਸੀਰਿਕਾ ਨੇ ਸਵਾਗਤੀ ਭਾਸ਼ਣ ਦਿੱਤਾ। ਅੰਤ ਵਿੱਚ ਪ੍ਰੋ. ਐੱਚ.ਐੱਸ ਪੰਨੂੰ, ਚੇਅਰ ਪ੍ਰੋਫੈਸਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚੇਅਰ, ਨੇ ਰਸਮੀ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
Share the post "ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਮਨੁੱਖੀ ਏਕਤਾ ਦੇ ਸੂਤਰ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ"