ਸੁਖਜਿੰਦਰ ਮਾਨ
ਬਠਿੰਡਾ, 24 ਜੂਨ: ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਨਵੀਂ ਭਰਤੀ ਲਈ ਲਿਆਂਦੀ ਅਗਨੀਪੱਥ ਸਕੀਮ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਰੋਸ ਦਿਵਸ ਮਨਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਸ਼ਹਿਰ ਵਿੱਚ ਰੋਸ ਮੁਜਾਹਰਾ ਕਰ ਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਫੌਜ ਵਿੱਚ ਭਰਤੀ ਰਾਹੀਂ ਕਿਸਾਨਾਂ ਮਜਦੂਰਾਂ ਬੱਚਿਆਂ ਨੂੰ ਮਿਲਦੇ ਸਰਕਾਰੀ ਇੱਕੋ ਇੱਕ ਰੁਜਗਾਰ ਦਾ ਇਸ ਨਵੀਂ ਭਰਤੀ ਸਕੀਮ ਤਹਿਤ ਉਜਾੜਾ ਹੋਵੇਗਾ ਅਤੇ ਕਰਜ਼ੇ ਕਾਰਨ ਖੁਦਕੁਸ਼ੀਆਂ ਦੇ ਰਾਹ ਪਈ ਕਿਸਾਨੀ ਦੀ ਆਰਥਿਕ ਹਾਲਤ ਹੋਰ ਨਿੱਘਰ ਜਾਵੇਗੀ ਕਿਉਂਕਿ ਇਸ ਸਕੀਮ ਤਹਿਤ ਭਰਤੀ ਕੀਤੇ ਨੌਜਵਾਨ ਜਿਨ੍ਹਾਂ ਨੂੰ ਅਗਨੀ ਵੀਰ ਦਾ ਨਾਮ ਦਿੱਤਾ ਗਿਆ ਹਾਂ ਸਿਰਫ਼ ਚਾਰ ਸਾਲ ਹੀ ਨੌਕਰੀ ਕਾਰਨ ਕਰ ਸਕਣਗੇ ਉਸ ਤੋਂ ਬਾਅਦ ਰਿਟਾਇਰ ਹੋਣ ਤੇ ਉਨ੍ਹਾਂ ਦੀ ਨਾ ਪੈਨਸ਼ਨ ਹੋਵੇਗੀ ਤੇ ਨਾ ਹੀ ਕੋਈ ਹੋਰ ਸਰਕਾਰੀ ਸਹੂਲਤਾਂ ਮਿਲਣਗੀਆਂ । ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਕਾਰਨ ਵਧ ਰਹੀ ਬੇਰੁਜਗਾਰੀ ਨਾਲ ਨੌਜਵਾਨਾਂ ਵਿੱਚ ਵਧ ਰਹੇ ਨਸ਼ਿਆਂ , ਗੈਂਗਸਟਰਾਂ ਤੇ ਹੋਰ ਅਪਰਾਧਕ ਢੰਗਾਂ ਨੂੰ ਰੋਕਣ ਲਈ ਲੋੜ ਤਾਂ ਹੋਰ ਵਧੇਰੇ ਪੱਕੇ ਰੁਜਗਾਰ ਕਰਨ ਦੀ ਸੀ ਪਰ ਕੇਂਦਰ ਸਰਕਾਰ ਵੱਲੋਂ ਪਹਿਲਾਂ ਮਿਲਦਾ ਰੁਜਗਾਰ ਉਜਾੜ ਕੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ । ਬੁਲਾਰਿਆਂ ਨੇ ਕਿਹਾ ਕਿ ਨਵੀਂ ਫੌਜ ਦੀ ਭਰਤੀ ਦੇ ਨਾਦਰਸ਼ਾਹੀ ਫਰਮਾਨ ਖ਼ਿਲਾਫ਼ ਦੇਸ ਦੇ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ । ਸਰਕਾਰ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਪਰਚੇ ਦਰਜ ਕਰਨ, ਪੁਲੀਸ ਤਸ਼ੱਦਦ ਕਰਨ ਅਤੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨ ਦੀ ਆਗੂਆਂ ਵੱਲੋਂ ਜੋਰਦਾਰ ਨਿਖੇਧੀ ਕਰਦਿਆਂ ਨੌਜਵਾਨਾਂ ਤੇ ਕੀਤੇ ਪਰਚੇ ਰੱਦ ਕਰਕੇ ਉਨ੍ਹਾਂ ਨੂੰ ਤੁਰੰਤ ਜੇਲ੍ਹਾਂ ਚੋਂ ਰਿਹਾਅ ਕਰਨ ਦੀ ਮੰਗ ਕੀਤੀ । ਆਗੂਆਂ ਵਲੋਂ ਨੌਜਵਾਨਾਂ ਦੇ ਇਹ ਸਕੀਮ ਨੂੰ ਰੱਦ ਕਰਾਉਣ ਲਈ ਸਰਕਾਰ ਖ?ਿਲਾਫ ਰੋਸ ਪ੍ਰਦਰਸ਼ਨ ਦੀ ਹਮਾਇਤ ਦਾ ਐਲਾਨ ਕੀਤਾ ਗਿਆ ।
ਇਸ ਤੋਂ ਉਪਰੰਤ ਮਿੰਨੀ ਸਕੱਤਰੇਤ ਤੋਂ ਹਨੂੰਮਾਨ ਚੌਕ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ । ਅੱਜ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਰਾਸਟਰਪਤੀ ਨੂੰ ਭੇਜੇ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਅਗਨੀਪਥ ਸਕੀਮ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ, ਇਸ ਸਕੀਮ ਤਹਿਤ ਭਰਤੀ ਦਾ ਨੋਟੀਫਿਕੇਸਨ ਵਾਪਸ ਲਿਆ ਜਾਵੇ,ਫੌਜ ਵਿੱਚ ਪਿਛਲੀਆਂ 1,25,000 ਅਸਾਮੀਆਂ ਅਤੇ ਇਸ ਸਾਲ ਖਾਲੀ ਹੋਣ ਵਾਲੀਆਂ ਲਗਭਗ 60,000 ਅਸਾਮੀਆਂ ਦੇ ਵਾਸਤੇ ਪਹਿਲਾਂ ਵਾਂਗ ਰੈਗੂਲਰ ਭਰਤੀ ਤੁਰੰਤ ਸੁਰੂ ਕੀਤੀ ਜਾਵੇ,
ਜਿੱਥੇ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਹੋ ਚੁੱਕੀ ਸੀ, ਇਸ ਨੂੰ ਪੂਰਾ ਕੀਤਾ ਜਾਵੇ ਅਤੇ ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ ਵਿੱਚ 2 ਸਾਲ ਦੀ ਛੋਟ ਦਿੱਤੀ ਜਾਵੇ,ਕਿਸੇ ਵੀ ਭਰਤੀ ਲਈ ਬਿਨੈਕਾਰਾਂ ‘ਤੇ ਕੋਈ ਹਲਫ਼ਨਾਮਾ ਲੈਣ ਦੀ ਸ਼ਰਤ, ਜੋ ਉਹਨਾਂ ਨੂੰ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਪ੍ਰਦਰਸ਼ਨ ਦੇ ਅਧਿਕਾਰ ਤੋਂ ਵਾਂਝਾ ਕਰਦੀ ਹੈ, ਨਹੀਂ ਲਗਾਈ ਜਾਣੀ ਚਾਹੀਦੀ ,ਅਗਨੀਪਥ ਵਿਰੋਧੀ ਪ੍ਰਦਰਸ਼ਨਾਂ ਵਿੱਚ ਸ਼ਾਮਲ ਨੌਜਵਾਨਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਝੂਠੇ ਕੇਸ ਵਾਪਸ ਲਏ ਜਾਣ ਅਤੇ ਅੰਦੋਲਨਕਾਰੀਆਂ ਨੂੰ ਨੌਕਰੀਆਂ ਤੋਂ ਹਟਾਉਣ ਵਰਗੀਆਂ ਸ਼ਰਤਾਂ ਹਟਾਈਆਂ ਜਾਣ ।
ਅੱਜ ਦੇ ਇਕੱਠ ਨੂੰ ਬਸੰਤ ਸਿੰਘ ਕੋਠਾਗੁਰੂ ,ਜਗਦੇਵ ਸਿੰਘ ਜੋਗੇਵਾਲਾ‘ ਜਗਸੀਰ ਸਿੰਘ ਝੁੰਬਾ, ਪਰਮਜੀਤ ਕੌਰ ਕੌਟੜਾ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ , ਗੁਲਾਬ ਸਿੰਘ ਜਿਓਂਦ ,ਬਲਜੀਤ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾਗੁਰੂ, ਅਮਰੀਕ ਸਿੰਘ ਸਿਵੀਆਂ , ਕੁਲਵੰਤ ਸ਼ਰਮਾ, ਕਾਲਾ ਸਿੰਘ ਚੱਠੇਵਾਲਾ ,ਸਿਕੰਦਰ ਸਿੰਘ ਘੁੰਮਣ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਡੀਟੀਐਫ ਦੇ ਜ਼ਿਲ੍ਹਾ ਆਗੂ ਰੇਸ਼ਮ ਸਿੰਘ ਖੇਮੂਆਣਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਵੀ ਸੰਬੋਧਨ ਕੀਤਾ ।
Share the post "ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਨੇ ਕੇਂਦਰ ਦੀ ‘ਅਗਨੀਵੀਰ’ ਸਕੀਮ ਵਿਰੁਧ ਕੀਤਾ ਰੋਸ਼ ਮਾਰਚ"