ਅਕਾਲੀ ਦਲ ਅਤੇ ਕਾਂਗਰਸ ਦੀ ਮੈਚ ਫਿਕਸਿੰਗ ਕਾਰਨ ਬੇਅਦਬੀ ਦੇ ਮਾਮਲਿਆਂ ‘ਚ ਇਨਸਾਫ਼ ‘ਚ ਹੋਈ ਦੇਰੀ: ਆਪ
ਮਾਨ ਸਰਕਾਰ ਦੀ ਗੰਭੀਰਤਾਂ ਕਾਰਨ ਦੋਸ਼ੀਆਂ ਦੀ ਪਟੀਸ਼ਨ ਹੋਈ ਰੱਦ, ਆਪ ਸਰਕਾਰ ਦੋਸੀਆਂ ਨੂੰ ਸਖਤ ਸਜਾਵਾਂ ਦੇ ਕੇ ‘ਸਿੱਖ ਸੰਗਤ‘ ਨੂੰ ਇਨਸਾਫ ਦਿਵਾਏਗੀ: ਮਲਵਿੰਦਰ ਕੰਗ
ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ‘ਚ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ, ਦੋਸ਼ੀਆਂ ਨੂੰ ਬਚਾਉਣ ਲਈ ਕੋਰਟ ‘ਚ ਕੇਸ ਦੀ ਕੀਤੀ ਕਮਜ਼ੋਰ ਪੈਰਵੀ: ਕੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 5 ਜੁਲਾਈ: ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਕਾਂਗਰਸ ਸਰਕਾਰਾਂ ‘ਤੇ ਦੋਸ ਲਗਾਉਂਦੇ ਹੋਏ ਕੰਗ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਮੈਚ-ਫਿਕਸਿੰਗ ਕਾਰਨ ਇਨ੍ਹਾਂ ਮੰਦਭਾਗੀਆਂ ਘਟਨਾਵਾਂ ‘ਤੇ ਕਾਰਵਾਈ ਅਤੇ ਇਨਸਾਫ਼ ਮਿਲਣ ਵਿੱਚ ਦੇਰੀ ਹੋਈ ਹੈ। ਉਹਨਾਂ ਸਾਫ਼ ਕੀਤਾ ਕਿ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ ‘ਚ ਕਿਸੇ ਨੂੰ ਕੋਈ ਕਲੀਨ ਚਿੱਟ ਨਹੀਂ ਮਿਲੀ ਹੈ। ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਯਤਨਾਂ ਸਦਕਾ ਐਡਵੋਕੇਟ ਜਨਰਲ (ਏ.ਜੀ.) ਨੇ ਇਸ ਕੇਸ ਦੀ ਸੰਜੀਦਗੀ ਨਾਲ ਪੈਰਵੀ ਕੀਤੀ ਜਿਸ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਫ.ਆਈ.ਆਰ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਕਈ ਪਟੀਸਨਾਂ ਨੂੰ ਖਾਰਜ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੌਰਾਨ ਸਿਆਸੀ ਆਗੂਆਂ ਦੀ ਦਖ਼ਲਅੰਦਾਜ਼ੀ ਕਾਰਨ ਅਤੇ ਸੀਨੀਅਰ ਅਧਿਕਾਰੀਆਂ ਦੀ ਅਕੁਸ਼ਲਤਾ ਕਾਰਨ ਮਾਨਯੋਗ ਹਾਈ ਕੋਰਟ ਨੇ ਕੇਸ ਰੱਦ ਕਰ ਦਿੱਤਾ ਸੀ। ਜਦਕਿ ਇਸ ਵਾਰ ਕੋਰਟ ਦਾ ਫ਼ੈਸਲਾ, ਆਪ ਸਰਕਾਰ ਦੀ ਦੋਸੀਆਂ ਨੂੰ ਸਜਾਵਾਂ ਦਿਵਾਉਣ ਅਤੇ ‘ਸਿੱਖ ਸੰਗਤਾਂ’ ਅਤੇ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਲਈ ਦਿ੍ਰੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕੰਗ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਨਿਰਦੋਸ ਪ੍ਰਦਰਸਨਕਾਰੀਆਂ ‘ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਕਾਰਜਕਾਲ ਦੌਰਾਨ ਹੋਈਆਂ ਸਨ, ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰਵਾਉਣ ‘ਚ ਅਸਫਲ ਰਹੀ। ਉਹਨਾਂ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਦੋਸ਼ੀਆਂ ਨੂੰ ਬਚਾਉਣ ਲਈ ਕੋਰਟ ਵਿੱਚ ਕੇਸ ਦੀ ਕਮਜ਼ੋਰ ਪੈਰਵੀ ਕੀਤੀ ਗਈ।
ਉਹਨਾਂ ਸਾਫ਼ ਕੀਤਾ ਕਿ ਆਪ ਦੀ ਸਰਕਾਰ ਇਹਨਾਂ ਗੰਭੀਰ ਮੁੱਦਿਆਂ ‘ਤੇ ਬਿਨਾਂ ਕੋਈ ਸਿਆਸਤ ਕੀਤੇ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਚੋਰੀ ਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਹੋਰ ਮਾਮਲਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਜਲਦੀ ਹੀ ਇਨਸਾਫ ਦਿਵਾਏਗੀ।ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਆਪ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਜਲਦ ਹੀ ਇਨ੍ਹਾਂ ਮਾਮਲਿਆਂ ਦੇ ਸਾਰੇ ਦੋਸੀਆਂ ਨੂੰ ਕਾਨੂੰਨ ਅਨੁਸਾਰ ਸਖਤ ਸਜਾਵਾਂ ਦਿਵਾਏਗੀ।
Share the post "ਬੇਅਦਬੀ ਅਤੇ ਗੋਲੀ ਕਾਂਡ ਦੇ ਕਿਸੇ ਦੋਸ਼ੀ ਨੂੰ ਨਹੀਂ ਮਿਲੀ ਕੋਈ ਕਲੀਨ ਚਿੱਟ : ਆਪ"