ਕਿਹਾ, ਸਕੂਲੀ ਬੱਚਿਆਂ ਦੀ ਕਰੋਨਾ ਵੈਕਸੀਨੇਸ਼ਨ ਕੀਤੀ ਜਾਵੇ ਲਾਜ਼ਮੀ
ਮਹੀਨਾਵਾਰ ਮੀਟਿੰਗ ਦੌਰਾਨ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ
ਸੁਖਜਿੰਦਰ ਮਾਨ
ਬਠਿੰਡਾ, 6 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਦੁਆਰਾ ਮਹੀਨੇ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੀ ਜਿੱਥੇ ਸਮੀਖਿਆ ਕੀਤੀ ਉੱਥੇ ਉਨਾਂ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਟੀਚੇ ਸਮੇਂ-ਸਿਰ ਪੂਰੇ ਕਰਨੇ ਯਕੀਨੀ ਬਣਾਉਣ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਕਰੋਨਾ ਟੀਕਾਕਰਨ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਹਰ ਰੋਜ ਕਰੋਨਾ ਵੈਕਸੀਨੇਸ਼ਨ ਦੀ ਰਿਪੋਰਟ ਦਫ਼ਤਰ ਵਿਖੇ ਭੇਜਣੀ ਲਾਜ਼ਮੀ ਬਣਾਈ ਜਾਵੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਾ ਛੁਡਾਓ ਤੇ ਸਰਕਾਰੀ ਪੁਨਰਵਾਸ ਕੇਂਦਰ ਦੀ ਸਮੀਖਿਆ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਸਿੱਖਿਆ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਸਕੂਲਾਂ ਦੇ ਬੁਨਿਆਦੀ ਢਾਂਚੇ, ਡਰਾਪਆਊਟ, ਆਊਟ ਆਫ਼ ਸਕੂਲ ਚਿਲਡਰਨ, ਪੋਸਟ ਮੈਟਿ੍ਰਕ ਸਕਾਲਰਸ਼ਿਪ, ਪੜੋ ਪੰਜਾਬ, ਪੜ੍ਹਾਓ ਪੰਜਾਬ ਤੋਂ ਇਲਾਵਾ ਸਕੂਲਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਭਲਾਈ ਵਿਭਾਗ ਨਾਲ ਸਬੰਧਤ ਅਸ਼ੀਰਵਾਦ ਸਕੀਮ, ਆਦਰਸ਼ ਗ੍ਰਾਮ ਯੋਜਨਾ, ਅੰਤਰਜਾਤੀ ਵਿਆਹ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਪੈਂਡਿੰਗ ਕੇਸਾਂ ਦੇ ਜਲਦ ਨਿਪਟਾਰੇ ਸਬੰਧੀ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਨਾਲ ਸਬੰਧਤ ਬੇਟੀ ਬਚਾਓ, ਬੇਟੀ ਪੜ੍ਹਾਓ ਆਦਿ ਸਰਕਾਰੀ ਲੋਕ ਭਲਾਈ ਸਕੀਮਾਂ ਬਾਰੇ ਚਰਚਾ ਕਰਦਿਆਂ ਇਨ੍ਹਾਂ ਦਾ ਲਾਭ ਵੱਧ ਤੋਂ ਵੱਧ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਟ੍ਰੈਫ਼ਿਕ ਪੁਲਿਸ, ਰੀਜ਼ਨਲ ਟਰਾਂਸਪੋਰਟ ਅਥਾਰਟੀ, ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਂਝੇ ਤੌਰ ਤੇ ਸੇਫ਼ ਵਾਹਨ ਪਾਲਿਸੀ ਤਹਿਤ ਟ੍ਰੈਫ਼ਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਵਾਹਨਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਉਣ। ਇਸ ਮੌਕੇ ਜ਼ਿਲ੍ਹ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ, ਡਾ. ਅਰੁਣ ਬਾਂਸਲ, ਜ਼ਿਲ੍ਹਾ ਭਲਾਈ ਅਫ਼ਸਰ ਸ਼੍ਰੀ ਵਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਿਵਪਾਲ, ਉਪ ਜ਼ਿਲ੍ਹਾ ਸਿੱਖਿਅ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਤੋਂ ਇਲਾਵ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਅਧਿਕਾਰੀ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਟੀਚੇ ਸਮੇਂ-ਸਿਰ ਕਰਨ ਪੂਰੇ-ਵਧੀਕ ਡਿਪਟੀ ਕਮਿਸ਼ਨਰ"