ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਜੁਲਾਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਨੇ ਵਾਤਾਵਰਣ ਨੂੰ ਹਰਿਆ-ਭਰਿਆ, ਸ਼ੁੱਧਤਾ ਅਤੇ ਪ੍ਰਦੂਸ਼ਣ ਰਹਿਣ ਬਣਾਈ ਰੱਖਣ ਦੇ ਮੱਦੇਨਜ਼ਰ ਸੂਬੇ ਚ 1 ਲੱਖ 25 ਹਜ਼ਾਰ ਫਲਦਾਰ ਬੂਟੇ ਲਗਾਉਣ ਦੀ ਆਰੰਭੀ ਗਈ ਮੁਹਿੰਤ “ਫਲਦਾਰ ਬੂਟੇ ਲਗਾਓ, ਧਰਤੀ ਹੇਠਲਾ ਪਾਣੀ ਬਚਾਓ“ ਤਹਿਤ ਜ਼ਿਲ੍ਹੇ ਚ ਪੈਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਵੱਖ-ਵੱਖ ਸਕੂਲਾਂ ਅਤੇ ਥਾਵਾਂ ਉੱਤੇ ਫ਼ਲਦਾਰ ਬੂਟੇ ਲਗਾਏ।
ਇਸ ਮੌਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਸ਼੍ਰੀ. ਬਲਕਾਰ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਪਿੰਡ ਘੱਢਾ ਬੰਨਾ ਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਫ਼ਲਦਾਰ ਬੂਟੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਸ਼੍ਰੀਮਤੀ ਬਲਜਿੰਦਰ ਕੌਰ ਨੇ ਪਿੰਡ ਜਗ੍ਹਾ ਰਾਮ ਤੀਰਥ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ, ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਪਿੰਡ ਮਾਈਸਰਖਾਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ ਨੇ ਸਥਾਨਕ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੈਨਾਲ ਕਲੌਨੀ ਵਿਖੇ 10-10 ਫ਼ਲਦਾਰ ਬੂਟੇ ਲਗਾਏ।
ਇਸ ਮੌਕੇ ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਪਿੰਡ ਮਾਈਸਰਖਾਨਾ ਦੇ ਸਕੂਲ ਵਿੱਚ ਬੂਟੇ ਲਗਾਉਣ ਉਪਰੰਤ ਸਕੂਲੀ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਪੌਦੇ ਅਤੇ ਪਾਣੀ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੁੱਖਾਂ ਦੀ ਸਾਡੇ ਜੀਵਨ ਵਿੱਚ ਬਹੁਤ ਮਹੱਤਤਾ ਹੈ। ਇਸ ਲਈ ਰੁੱਖ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸਾਂਭ-ਸੰਭਾਲ ਕਰਨੀ ਸਾਡੇ ਸਾਰਿਆਂ ਦਾ ਫ਼ਰਜ਼ ਹੈ ਤਾਂ ਜੋ ਅਸੀਂ ਆਪਣੇ ਵਾਤਾਵਰਨ ਤੇ ਆਉਣ ਵਾਲੇ ਭਵਿੱਖ ਨੂੰ ਸਰੁੱਖਿਅਤ ਰੱਖ ਸਕੀਏ।
ਇਸ ਮੌਕੇ ਪਿੰਡ ਜਗ੍ਹਾ ਰਾਮ ਤੀਰਥ ਦੇ ਸਕੂਲ ਵਿੱਚ ਫ਼ਲਦਾਰ ਬੂਟੇ ਲਗਾਉਣ ਮੌਕੇ ਵਿਧਾਇਕ ਸ਼੍ਰੀਮਤੀ ਬਲਜਿੰਦਰ ਕੌਰ ਨੇ ਸਕੂਲੀ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰਕੇ ਬੱਚਾ ਆਪੋਂ-ਆਪਣੇ ਜਨਮ ਦਿਨ ਮੌਕੇ 1-1 ਫ਼ਲਦਾਰ ਬੂਟਾ ਜ਼ਰੂਰ ਲਗਾਏ ਅਤੇ ਉਸ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਵੇ ਤਾਂ ਜੋ ਅਸੀਂ ਸਾਫ਼-ਸੁਥਰੇ ਵਾਤਾਵਰਨ ਵਿੱਚ ਰਹਿ ਸਕੀਏ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਸ਼੍ਰੀ. ਬਲਕਾਰ ਸਿੰਘ ਸਿੱਧੂ ਨੇ ਵੀ ਸਕੂਲੀ ਬੱਚਿਆਂ ਨੂੰ ਬੂਟਿਆਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਡੇ ਸਰੀਰ ਨੂੰ ਸ਼ੁੱਧ ਹਵਾ ਦੀ ਬੇਹੱਦ ਲੋੜ ਹੈ, ਜੋ ਕਿ ਸਾਨੂੰ ਇਨ੍ਹਾਂ ਪੌਦਿਆਂ ਤੋਂ ਪ੍ਰਾਪਤ ਹੁੰਦੀ ਹੈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ ਨੇ ਬੋਲਦਿਆਂ ਕਿਹਾ ਕਿ ਬਾਗਬਾਨੀ ਵਿਭਾਗ ਦੇ ਸਹਿਯੋਗ ਸਦਕਾ ਜ਼ਿਲ੍ਹੇ ਦੇ 280 ਸਕੂਲਾਂ ਅਤੇ ਵੱਖ-ਵੱਖ 18 ਸਾਂਝੀਆਂ ਥਾਵਾਂ ਤੇ ਕੁੱਲ 2980 ਫ਼ਲਦਾਰ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਗੁਰਸ਼ਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਇੱਕਬਾਲ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਸਕੂਲ ਦੇ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Share the post "ਹਲਕੇ ਦੇ ਵਿਧਾਇਕਾਂ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਲਗਾਏ ਵੱਖ-ਵੱਖ ਥਾਵਾਂ ਤੇ ਫ਼ਲਦਾਰ ਬੂਟੇਹਰਕੇ ਸਕੂਲ ਵਿੱਚ ਲਗਾਏ 10-10 ਫ਼ਲਦਾਰ ਬੂਟੇ"