ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਦੇਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ
ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਕਰਦੇ ਹਾਂ-ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਜੁਲਾਈ: ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਲਗਭਗ ਸਤੰਬਰ ਮਹੀਨ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਬਿੱਲ ਜੀਰੋ ਆਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੀ ਵੱਡੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਕ ਜੁਲਾਈ, 2022 ਤੋਂ ਸੂਬੇ ਦੇ ਹਰ ਘਰ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰਾਂ ਦੀ ਬਿਜਲੀ ਦੀ ਖਪਤ ਜੇਕਰ ਹਰੇਕ ਬਿੱਲ ’ਤੇ 600 ਯੂਨਿਟ ਤੱਕ ਹੈ ਤਾਂ ਉਹ ਜੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਫੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜੀਰੋ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਕਿਉਂ ਜੋ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਲਈ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ।ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਵਾਅਦੇ ਨੂੰ ਪੂਰਾ ਵੀ ਕਰਦੇ ਹਾਂ। ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾ ਕੇ ਇਸ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Share the post "ਮੁੱਖ ਮੰਤਰੀ ਵਲੋਂ ਵੱਡਾ ਦਾਅਵਾ: ਸਤੰਬਰ ਮਹੀਨੇ ਵਿੱਚ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਜੀਰੋ ਆਵੇਗਾ"