ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ
ਅਗਾਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 21 ਜੁਲਾਈ : ਮੁਲਕ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ 2022 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਇੱਥੇ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਸਮਾਗਮ ਦੀਆਂ ਅਗਾਊਂ ਤਿਆਰੀਆਂ ਬਾਰੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਦਾ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਕੌਮੀ ਝੰਡਾ ਲਹਿਰਾਉਣ ਉਪਰੰਤ ਪੁਲਿਸ ਦੀ ਟੁਕੜੀ ਕੋਲੋਂ ਸਲਾਮੀ ਲਈ ਜਾਵੇਗੀ। ਇਸ ਉਪਰੰਤ ਸ. ਸੰਧਵਾਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜੋ ਵੀ ਉਨ੍ਹਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਮੇਂ-ਸਿਰ ਨਿਭਾਇਆ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪਰੇਡ, ਪੀ.ਟੀ.ਸ਼ੋਅ, ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਅਤੇ ਗਿੱਧਾ ਵੀ ਸ਼ਾਮਲ ਹੋਵੇਗਾ। ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟ੍ਰਾਈ ਸਾਈਕਲ ਵੀ ਦਿੱਤੇ ਜਾਣਗੇ। ਇਸ ਦਿਨ ਸ਼ਾਮ ਨੂੰ ਖੇਡ ਵਿਭਾਗ ਵੱਲੋਂ ਖੇਡਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਦੀ ਸਜਾਵਟ ਕੀਤੀ ਜਾਵੇਗੀ ਅਤੇ ਸਵਾਗਤੀ ਗੇਟ ਵੀ ਲਗਾਏ ਜਾਣਗੇ। ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮਵਾਰੀ ਸੌਂਪਦਿਆਂ ਆਪੋ-ਆਪਣੇ ਕਾਰਜਾਂ ਨੂੰ ਸਮੇਂ-ਸਿਰ ਮੁਕੰਮਲ ਕਰਨ ਲਈ ਹਦਾਇਤ ਕੀਤੀ।ਸਮਾਗਮ ਨੂੰ ਸ਼ਾਨਦਾਰ ਅਤੇ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਉਨ੍ਹਾਂ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ, ਆਰਜੀ ਟੂਆਇਲਟਸ, ਸਟੇਡੀਅਮ ਦੀ ਸਾਫ਼-ਸਫ਼ਾਈ, ਰੰਗ ਰੋਗਨ, ਬੈਰੀਕੇਟਿੰਗ, ਸਟੇਜ ਦੀ ਸਜਾਵਟ ਆਦਿ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀਮਤੀ ਇਨਾਯਤ, ਆਰ.ਟੀ.ਏ. ਡਾ. ਮਨਦੀਪ ਕੌਰ, ਜ਼ਿਲ੍ਹਾ ਸ਼ਿਕਾਇਤ ਅਫ਼ਸਰ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।
Share the post "ਸੁਤੰਤਰਤਾ ਦਿਵਸ ਮੌਕੇ ਬਠਿੰਡਾ ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੁਤੰਤਰਤਾ ਦਿਵਸ ਮੌਕੇ ਬਠਿੰਡਾ ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਰਾਹੁਲ"