ਵੱਧ ਤੋਂ ਵੱਧ ਕਿਸਾਨਾਂ ਨੂੰ ਸਕੀਮ ਦਾ ਲਾਭ ਪਹੁੰਚਾਉਣ ਲਈ ਚੁੱਕਿਆ ਕਦਮ: ਮੁੱਖ ਮੰਤਰੀ
ਸਕੀਮ ਦੇ 10 ਜੂਨ ਨੂੰ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਤਕਰੀਬਨ 1.28 ਲੱਖ ਕਿਸਾਨਾਂ ਨੇ ਬਚਾਏ 123 ਕਰੋੜ ਰੁਪਏ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਜੁਲਾਈ: ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਇੱਛੁਕ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਸਵੈ ਇੱਛਾ ਨਾਲ ਲੋਡ ਦਾ ਖੁਲਾਸਾ ਸਕੀਮ (ਵੀ.ਡੀ.ਐਸ.) ਦੀ ਮਿਤੀ 15 ਸਤੰਬਰ ਤੱਕ ਵਧਾ ਦਿੱਤੀ ਹੈ।ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸੂਬੇ ਦੇ ਅੰਨਦਾਤਿਆਂ ਦੀ ਸਹੂਲਤ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 10 ਜੂਨ ਨੂੰ ਵੀ.ਡੀ.ਐਸ. 45 ਦਿਨਾਂ ਲਈ 24 ਜੁਲਾਈ ਤੱਕ ਸ਼ੁਰੂ ਕੀਤੀ ਸੀ, ਜਿਸ ਤਹਿਤ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕੀਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਸੂਬੇ ਦੇ 1.28 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ 123 ਕਰੋੜ ਰੁਪਏ ਬਚਾਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਮਿਲੇ ਵੱਡੇ ਹੁੰਗਾਰੇ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਇੱਛੁਕ ਹਨ, ਉਹ ਸਤੰਬਰ ਦੇ ਅੱਧ ਤੱਕ ਬਿਨੈ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਘਟੀਆਂ ਹੋਈਆਂ ਦਰਾਂ ਉਤੇ ਲੋਡ ਵਧਾਉਣ ਲਈ ਬਿਨੈ ਕਰਨ।ਇਸ ਦੌਰਾਨ ਖੇਤੀਬਾੜੀ ਨੂੰ ਲਾਭ ਵਾਲਾ ਕਿੱਤਾ ਬਣਾਉਣ ਦੀ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਇਸ ਦਿਸ਼ਾ ਵਿੱਚ ਸਹੀ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਰਥਚਾਰਾ ਖੇਤੀਬਾੜੀ ਆਧਾਰਤ ਹੈ ਅਤੇ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਉਤੇ ਨਿਰਭਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਕਦਮ ਦਾ ਉਦੇਸ਼ ਲਾਗਤਾਂ ਘਟਾ ਕੇ ਕਿਸਾਨਾਂ ਦਾ ਲਾਭ ਵਧਾਉਣਾ ਹੈ।
Share the post "ਪੰਜਾਬ ਸਰਕਾਰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਹੱਦ 15 ਸਤੰਬਰ ਤੱਕ ਵਧਾਈ"