ਮਾਨ ਸਰਕਾਰ “ਰੰਗਲਾ ਪੰਜਾਬ” ਬਣਾਉਣ ਲਈ ਦਿਨ-ਰਾਤ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ: ਅਮਨ ਅਰੋੜਾ
ਪਿੰਡ ਛਲੇੜੀ ਖੁਰਦ ਵਿਖੇ “ਆਮ ਆਦਮੀ ਕਲੀਨਿਕ” ਕੀਤਾ ਲੋਕਾਂ ਨੂੰ ਸਮਰਪਿਤ
ਪੰਜਾਬੀ ਖ਼ਬਰਸਾਰ ਬਿਉਰੋ
ਫ਼ਤਹਿਗੜ੍ਹ ਸਾਹਿਬ, 15 ਅਗਸਤ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ।ਸ੍ਰੀ ਅਮਨ ਅਰੋੜਾ ਨੇ ਇਸ ਪਵਿੱਤਰ ਦਿਹਾੜੇ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ-ਰਾਤ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਜਲਦੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।
ਸਮਾਗਮ ਉਪਰੰਤ ਜ਼ਿਲ੍ਹੇ ਦੇ ਪਿੰਡ ਛਲੇੜੀ ਖੁਰਦ ਵਿਖੇ “ਆਮ ਆਦਮੀ ਕਲੀਨਿਕ” ਦਾ ਉਦਘਾਟਨ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਆਜ਼ਾਦੀ ਦਿਹਾੜੇ ਮੌਕੇ 75 “ਆਮ ਆਦਮੀ ਕਲੀਨਿਕ” ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਸਾਰੇ ਕਲੀਨਿਕ ਅੱਜ ਤੋਂ ਸੇਵਾਵਾਂ ਪ੍ਰਦਾਨ ਕਰਨੀਆਂ ਸ਼ੁਰੂ ਕਰ ਦੇਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਿੰਨ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਵੀ ਅਪਗ੍ਰੇਡ ਕਰੇਗੀ ਤਾਂ ਜੋ ਲੋਕਾਂ ਨੂੰ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਸਿਹਤ ਸੇਵਾਵਾਂ ਮਿਲ ਸਕਣ।
ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਦੇਸ਼ ਦੀ ਰੱਖਿਆ ਲਈ ਵੱਖ-ਵੱਖ ਅਪਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਆਸ਼ਰਿਤਾਂ ਨੂੰ ਸੂਬਾ ਸਰਕਾਰ ਵੱਲੋਂ ਇਹ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਮਾਨ ਸਰਕਾਰ ਸੂਬੇ ਨੂੰ ਗੈਂਗਸਟਰਾਂ, ਨਸ਼ਿਆਂ ਅਤੇ ਰੇਤ ਮਾਫੀਆ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਰਾਜ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਬਹੁਤ ਸਾਰੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ/ਢੇਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ਲਈ ਮਾਨ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਹਰੇਕ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ ਤੋਂ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਮੂੰਗੀ ਖਰੀਦੀ ਜਾ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਸੂਬਾ ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਝੋਨੇ ਜਾਂ ਕਣਕ ਤੋਂ ਇਲਾਵਾ ਕੋਈ ਹੋਰ ਫ਼ਸਲ ਖ਼ਰੀਦੀ ਹੈ।ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਇਸ ਸਾਲ ਪਹਿਲੀ ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ।
ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੰਡੇ ਗਏ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਡੀ.ਆਈ.ਜੀ. ਰੂਪਨਗਰ ਰੇਂਜ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈ ਸਿੰਘ ਲਿਬੜਾ ਹਾਜ਼ਰ ਸਨ।
Share the post "ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਆਜ਼ਾਦੀ ਦਿਹਾੜੇ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਇਆ"