ਪੰਜਾਬੀ ਖ਼ਬਰਸਾਰ ਬਿਉਰੋ
ਸ੍ਰੀ ਮੁਕਤਸਰ ਸਾਹਿਬ, 01 ਸਤੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ ਭਲਾਈਆਣਾ, ਤਹਿਸੀਲ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਨਕਸ਼ਾ ਦੇਣ ਬਦਲੇ 4,000 ਰੁਪਏ ਦੀ ਮੰਗ ਕਰ ਰਿਹਾ ਹੈ। ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Share the post "ਵਿਜੀਲੈਂਸ ਵੱਲੋਂ ਮਾਲ ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ"