ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਬੈਠਕ ਦੌਰਾਨ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
ਗੈਰ ਕਾਨੂੰਨੀ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ਦੀ ਕੀਤੀ ਜਾਵੇ ਜਾਂਚ
ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ, ਸੰਪੂਰਨ ਚੈਕਅੱਪ ਅਤੇ ਸੰਸਥਾਗਤ ਜਣੇਪਾ ਬਣਾਇਆ ਜਾਵੇ ਲਾਜ਼ਮੀ
ਘਰੈਲੂ ਜਣੇਪਿਆਂ ਨੂੰ ਸਖਤੀ ਨਾਲ ਜਾਵੇ ਰੋਕਿਆ
ਸੁਖਜਿੰਦਰ ਮਾਨ
ਬਠਿੰਡਾ, 8 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਹੋਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਲੋੜਵੰਦ ਤੇ ਗਰੀਬ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਨੂੰ ਚ ਹੋਰ ਤੇਜ਼ੀ ਲਿਆਉਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਮੁਢਲੀਆਂ ਸਿਹਤ ਸੇਵਾਵਾਂ ਨੂੰ ਸਲੱਮ ਏਰੀਏ ਦੇ ਲੋਕਾਂ ਤੱਕ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਜ਼ਿਲ੍ਹੇ ਚ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ, ਸੰਪੂਰਨ ਚੈਕਅੱਪ ਅਤੇ ਸੰਸਥਾਗਤ ਜਣੇਪਾ ਕਰਵਾਇਆ ਜਾਣਾ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘਰੇਲੂ ਜਣੇਪਿਆਂ ਨੂੰ ਸਖਤੀ ਨਾਲ ਰੋਕਿਆ ਜਾਵੇ ਤਾਂ ਜੋ ਇੱਕ ਵੀ ਗਰਭਵਤੀ ਔਰਤ ਦੀ ਜਣੇਪੇ ਦੌਰਾਨ ਮੌਤ ਨਾ ਹੋਵੇ। ਉਨ੍ਹਾਂ ਇਹ ਵੀ ਸਖਤ ਹਦਾਇਤ ਕੀਤੀ ਕਿ ਜੋ ਗੈਰ-ਤਜ਼ਰਬੇਕਾਰ ਵਿਅਕਤੀ ਘਰ ਵਿੱਚ ਜਣੇਪਾ ਕਰਦੇ ਹਨ ਉਨ੍ਹਾਂ ਤੇ ਸਖਤੀ ਵਰਤੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਪ੍ਰਗਤੀ ਰਿਪੋਰਟ ਦਾ ਰਿਵਿਊ ਕਰਦਿਆਂ ਇਹ ਵੀ ਆਦੇਸ਼ ਦਿੱਤੇ ਕਿ ਬੱਚਿਆਂ ਦਾ 100ਫ਼ੀਸਦੀ ਟੀਕਾਕਰਨ ਅਤੇ ਅਨੀਮੀਆ ਦੀ ਕਮੀ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾ ਕਿਹਾ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ ਇਲਾਜ਼ ਕਰਵਾਉਣ ਆਉਣ ਵਾਲੇ ਹਰੇਕ ਵਿਅਕਤੀ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾਣ, ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਜੇਕਰ ਇਲਾਜ ਦੌਰਾਨ ਐਮਰਜੈਂਸੀ ਸੇਵਾਵਾਂ ਤਹਿਤ ਐਂਬੂਲੈਂਸ ਆਦਿ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਵੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹੇ ਅੰਦਰ ਚੱਲ ਰਹੇ ਅਲਟਰਾਸਾਊਂਡ ਸੈਂਟਰਾਂ ਦੀ ਬਾਰੀਕੀ ਨਾਲ ਜਾਂਚ ਅਤੇ ਮੈਡੀਕਲ ਸਟੋਰਾਂ ਦੀ ਵੀ ਲਗਾਤਾਰ ਚੈਕਿੰਗ ਜਾਰੀ ਰੱਖਣ ਲਈ ਆਦੇਸ਼ ਦਿੱਤੇ ਤਾਂ ਜੋ ਗੈਰਕਾਨੂੰਨੀ ਦਵਾਈਆਂ ਦੀ ਵਿਕਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਦੌਰਾਨ ਫ਼ੈਮਿਲੀ ਪਲੈਨਿੰਗ, ਜਨਨੀ ਸੁਰੱਖਿਆ ਯੋਜ਼ਨਾ, ਨੈਸ਼ਨਲ ਅਰਬਨ ਹੈਲਥ ਸਿਸਟਮ, ਮਲੇਰੀਆ, ਡੇਂਗੂ, ਕੋਵਿਡ-19, ਹੈਪੇਟਾਇਟਿਸ-ਸੀ, ਹੈਂਡ ਫੁੱਟ ਮਾਊਥ, ਮੰਕੀ ਪੌਕਸ, ਸਵਾਈਨ ਫ਼ਲੂ ਤੋਂ ਇਲਾਵਾ ਜ਼ਿਲ੍ਹੇ ਅੰਦਰ ਚੱਲ ਰਹੇ ਓਟ ਤੇ ਰੀਹੈਬਲੀਟੇਸਨ ਸੈਂਟਰਾਂ ਦੀ ਸਮੀਖਿਆ ਕਰਦਿਆਂ ਸਬੰਧਿਤ ਸਿਹਤ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਗਏ। ਇਸ ਦੌਰਾਨ ਡਬਲਿਊ.ਐਚ.ਓ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਮੇਘਾ ਦੁਆਰਾ ਮਾਈਗਰੇਟਰੀ ਪਲਸ ਪੋਲੀਓ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ, ਸਿਖਲਾਈ ਅਧੀਨ ਆਈ.ਏ.ਐਸ ਅਧਿਕਾਰੀ ਮਿਸ ਮਾਨਸੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀ ਰਮਨ ਸਿੰਗਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰੋਜ਼ੀ ਅਗਰਵਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਮਿਯੰਕਜੋਤ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਸੀਮਾ ਗੁਪਤਾ ਅਤੇ ਡਾ. ਅਰੁਣ ਬਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਿਵਪਾਲ ਤੋਂ ਇਲਾਵਾ ਸਿਹਤ ਵਿਭਾਗ ਨਾਲ ਸਬੰਧਤ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਆਦਿ ਹਾਜ਼ਰ ਸਨ।
Share the post "ਲੋੜਵੰਦ ਤੇ ਗਰੀਬ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਬਣਾਈਆਂ ਜਾਣ ਯਕੀਨੀ : ਡਿਪਟੀ ਕਮਿਸ਼ਨਰ"