ਸੇਲਬਰਾਹ ਵਿਖੇ ਖੇਡ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਪੰਜਾਬੀ ਖ਼ਬਰਸਾਰ ਬਿਉਰੋ
ਸੇਲਬਰਾਹ (ਬਠਿੰਡਾ), 21 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਵਿੱਚ ਖੇਡਾਂ ਤੇ ਖਿਡਾਰੀਆਂ ਨੂੰ ਬੁਲੰਦੀਆ ਤੇ ਪਹੁੰਚਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹੇ ਦੇ ਪਿੰਡ ਸੇਲਬਰਾਹ ਵਿਖੇ ਕਰਵਾਏ ਗਏ 47ਵੇਂ ਕਬੱਡੀ ਕੱਪ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੱਧੂ ਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੌਕੇ ਕਿਹਾ ਕਿ ਕਿਸੇ ਸਮੇਂ ਸੂਬਾ ਖੇਡਾਂ ਵਿੱਚ ਨੰਬਰ 1 ਹੋਇਆ ਕਰਦਾ ਸੀ, ਪਰ ਪਿਛਲੇ ਸਮੇਂ ਦੌਰਾਨ ਸੂਬਾ ਖੇਡਾਂ ਵਿੱਚ ਕਾਫ਼ੀ ਪਿੱਛੇ ਚਲਾ ਗਿਆ ਸੀ, ਹੁਣ ਸਾਨੂੰ ਸਾਰਿਆਂ ਨੂੰ ਜ਼ਰੂਰਤ ਹੈ ਰਲਮਿਲ ਕੇ ਹੰਭਲਾ ਮਾਰਨ ਦੀ ਤਾਂ ਜੋ ਸੂਬੇ ਨੂੰ ਫ਼ਿਰ ਤੋਂ ਖੇਡਾਂ ਵਿੱਚ ਨੰਬਰ 1 ਤੇ ਲਿਆਂਦਾ ਜਾ ਸਕੇ।
ਸ੍ਰੀ ਮੀਤ ਹੇਅਰ ਨੇ ਇਸ ਮੌਕੇ ਮੌਜੂਦ ਇਕੱਠ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਖੇਡਾਂ, ਸਿੱਖਿਆ, ਸਿਹਤ ਸੇਵਾਵਾਂ ਅਤੇ ਹੋਰ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪਿੰਡ ਵਾਸੀਆਂ ਅਤੇ ਖਿਆਰੀਆਂ ਦੀ ਮੰਗ ਅਨੁਸਾਰ ਉਨ੍ਹਾਂ ਪਿੰਡ ਸੇਲਬਰਾਹ ਲਈ ਵਾਲੀਬਾਲ ਦਾ ਗਰਾਊਂਡ, ਜਿੰਮ ਅਤੇ ਖੇਡ ਗਰਾਊਂਡ ਵਿੱਚ ਸੈਡ ਬਣਾਉਣ ਦਾ ਵੀ ਐਲਾਨ ਕੀਤਾ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਨੇ ਗਰਾਊਂਡ ਵਿਚ ਜਾਕੇ ਨੌਜਵਾਨ ਖਿਡਾਰੀਆਂ ਨਾਲ ਗੱਲਬਾਤ ਦੌਰਾਨ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਅੱਜ ਤੁਸੀਂ ਖੇਡ ਦੇ ਮੈਦਾਨ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਏ ਹਨ, ਉਸੇ ਤਰ੍ਹਾਂ ਤੁਸੀਂ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਬੁਲੰਦੀਆਂ ਤੇ ਪਹੁੰਚੋਗੇ। ਉਨ੍ਹਾਂ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਖੇਡ ਦੌਰਾਨ ਜਿੱਤ ਹਾਰ ਤਾਂ ਹੁੰਦੀ ਰਹਿੰਦੀ ਹੈ, ਪਰ ਸਾਨੂੰ ਪੂਰੇ ਜਜ਼ਬੇ ਤੇ ਹਿੰਮਤ ਨਾਲ ਖੇਡ ਦੇ ਮੈਦਾਨ ਵਿੱਚ ਉਤਰਕੇ ਆਪਣੀ ਖੇਡ ਦੇ ਜੌਹਰ ਦਿਖਾਉਣੇ ਚਾਹੀਦੇ ਹਨ। ਇਸ ਮੌਕੇ ਖੇਡ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸੂਬੇ ਨੂੰ ਖੇਡਾਂ ਚ ਦੇਸ਼ ਦਾ ਨੰਬਰ 1 ਬਣਾਉਣ ਦਾ ਸੁਪਨਾ ਹੈ : ਮੀਤ ਹੇਅਰ
10 Views