ਹੁਸਿਆਰਪੁਰ ‘ਚ 2 ਅਕਤੂਬਰ ਨੂੰ ਮਨਾਇਆ ਜਾ ਰਿਹੈ ਰਾਜ ਪੱਧਰੀ ਸਵੱਛ ਭਾਰਤ ਦਿਵਸ- ਜਿੰਪਾ
ਪੰਜਾਬੀ ਖ਼ਬਰਸਾਰ ਬਿਉਰੋ
ਹੁਸਿਆਰਪੁਰ, 1 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਬ੍ਰਮ ਸੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਿਸਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਦੇ ਖਾਤੇ ਵਿੱਚ 23 ਲੱਖ ਰੁਪਏ (ਇਕ ਲੱਖ ਰੁਪਏ ਪ੍ਰਤੀ ਪੰਚਾਇਤ) ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 3 ਹੋਰ ਪੰਚਾਇਤਾਂ ਨੂੰ ਵੀ 10-10 ਹਜਾਰ ਰੁਪਏ ਦੇ ਕੇ ਉਤਸਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ‘ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਸਾਨਦਾਰ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ‘ਚ ਕੂੜੇ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵੀ ਕੌਮੀ ਪੱਧਰ ਉੱਤੇ ਨਾਂ ਦਰਜ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਦੇ 15 ਜਿਲ੍ਹਿਆਂ (ਹੁਸ਼ਿਆਰਪੁਰ, ਮਲੇਰਕੋਟਲਾ, ਫਰੀਦਕੋਟ, ਜਲੰਧਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਐਸ.ਏ.ਐਸ. ਨਗਰ, ਕਪੂਰਥਲਾ, ਮਾਨਸਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਐਸ.ਬੀ. ਨਗਰ) ਦੇ ਸਾਰੇ 8292 ਪਿੰਡਾਂ ਵਿਚ ਘਰ-ਘਰ ਸਾਫ ਪਾਣੀ ਦਿੱਤਾ ਜਾ ਰਿਹਾ ਹੈ। ਇਹਨਾਂ 15 ਜਿਲ੍ਹਿਆ ਨੂੰ ਵੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਨੇ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਪੜਾਅ-2) ਦੀ ਸੂਬੇ ਵਿਚ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਿਸਨ ਤਹਿਤ ਸਾਰੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਮਾਰਚ 2025 ਤੱਕ ਹਰੇਕ ਪਿੰਡ ਨੂੰ ਓਡੀਐਫ ਪਲੱਸ ਐਲਾਨਣ ਲਈ ਯਤਨ ਤੇਜ ਕਰ ਦਿੱਤੇ ਗਏ ਹਨ। ਕਬਿਲੇਗੌਰ ਹੈ ਕਿ 15 ਸਤੰਬਰ ਤੋਂ 2 ਅਕਤੂਬਰ ਤੱਕ ਪਿੰਡਾਂ ਵਿੱਚ ਫੈਲੇ ਕੂੜੇ ਦੀ ਸਫਾਈ ਅਤੇ ਕੂੜਾ ਪ੍ਰਬੰਧਨ ਦੇ ਵਿਸ਼ੇ ‘ਤੇ ਮੁਹਿੰਮ ਚਲਾ ਕੇ ਕਈ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਬ੍ਰਮ ਸੰਕਰ ਜਿੰਪਾ ਮੁੱਖ ਮਹਿਮਾਨ ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Share the post "ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ"