ਮੀਟਿੰਗ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨੇ ਜਤਾਇਆ ਐਸਵਾਈਐਲ ’ਤੇ ਹੱਕ
ਸੂਬਾ ਸਰਕਾਰ ਪੂਰੀ ਤਿਆਰੀ ਨਾਲ ਮੀਟਿੰਗ ਵਿੱਚ ਸਾਮਲ ਹੋਵੇਗੀ: ਭਗਵੰਤ ਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 11 ਅਕਤੂਬਰ – ਪਿਛਲੇ ਕਰੀਬ 55 ਸਾਲਾਂ ਤੋਂ ਦੇਸ ਦੇ ਦੋ ਸੂਬਿਆਂ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀਆਂ ਦੇ ਮੁੱਦਿਆਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਹਾਲੇ ਖ਼ਤਮ ਹੁੰਦਾ ਦਿਖ਼ਾਈ ਨਹੀਂ ਦੇ ਰਿਹਾ ਹੈ। ਹਾਲਾਂਕਿ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਤਹਿਤ ਇਸ ਮਸਲੇ ’ਤੇ ਕੋਈ ਆਪਸੀ ਗੱਲਬਾਤ ਕਰਕੇ ਹੱਲ ਕੱਢਣ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਮੁੜ 14 ਅਕਤੂਬਰ ਨੂੰ ਮੀਟਿੰਗ ਰੱਖ ਲਈ ਹੈ ਪ੍ਰੰਤੂ ਇਸ ਮੀਟਿੰਗ ਤੋਂ ਪਹਿਲਾਂ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਐਸਵਾਈਐਲ ਹਰਿਆਣਾ ਵਾਸੀਆਂ ਦਾ ਹੱਕ ਹੈ ਅਤੇ ਇਹ ਉਨਾਂ ਨੂੰ ਜਰੂਰ ਮਿਲੇਗਾ। ਮੁੱਖ ਮੰਤਰੀ ਅੱਜ ਇੱਥੇ ਮੀਡੀਆ ਸੈਂਟਰ ਦੇ ਨਵੀਨੀਕਰਣ ਕੰਮ ਦਾ ਉਦਘਾਟਨ ਕਰਨ ਬਾਅਦ ਮੀਡੀਆ ਪਰਸਨਸ ਨਾਲ ਗਲਬਾਤ ਕਰ ਰਹੇ ਸਨ। ਉਨਾਂ ਨੇ ਕਿਹਾ ਕਿ ਹਰਿਆਣਾ ਦੇ ਲਈ ਐਸਵਾਈਐਲ ਦਾ ਪਾਣੀ ਬਹੁਤ ਜਰੂਰੀ ਹੈ। ਹੁਣ ਇਸ ਮਾਮਲੇ ਵਿਚ ਇਕ ਟਾਇਮ ਲਾਇਨ ਤੈਅ ਹੋਣਾ ਜਰੂਰੀ ਹੈ, ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਹੋ ਸਕੇ।
ਵਰਨਣਯੋਗ ਹੈ ਕਿ ਐਸਵਾਈਐਲ ਦੇ ਮੁੱਦੇ ‘ਤੇ ਚਰਚਾ ਲਈ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 6 ਮਈ 2022 ਨੂੰ ਇਥ ਅਰਥ-ਸਰਕਾਰੀ ਪੱਤਰ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਭੇਜਿਆ ਗਿਆ ਸੀ, ਜਿਸ ਵਿਚ ਪੰਜਾਬ ਤੇ ਹਰਿਆਣਾ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਦੂਜੇ ਦੌਰ ਦੀ ਮੀਟਿੰਗ ਜਲਦੀ ਤੋਂ ਜਲਦੀ ਬਲਾਉਣ ਦੀ ਅਪੀਲ ਕੀਤੀ ਗਈ ਸੀ। ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਇਸ ਵਿਸ਼ਾ ਵਿਚ ਇਕ ਅਰਥ-ਸਰਕਾਰੀ ਪੱਤਰ ਲਿਖਿਆ ਸੀ, ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਪ੍ਰਬੰਧਿਤ ਕਰਨ ਦੀ ਗਲ ਕਹੀ ਗਈ ਸੀ।ਹਰਿਆਣਾ ਵੱਲੋਂ ਇਸ ਮੀਟਿੰਗ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ 3 ਅਰਥ-ਸਰਕਾਰੀ ਪੱਤਰ ਲਿਖੇ ਗਏ ਸਨ। ਹੁਣ ਇਸੀ ਲੜੀ ਵਿਚ 14 ਅਕਤੂਬਰ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਵੇਗੀ, ਜਿਸ ਵਿਚ ਐਸਵਾਈਐਲ ਦੇ ਮੁੱਦੇ ‘ਤੇ ਸਥਾਈ ਹੱਲ ਦੀ ਦਿਸ਼ਾ ਵਿਚ ਕਦਮ ਵੱਧਣਗੇ।
ਬਾਕਸ
ਸੂਬਾ ਸਰਕਾਰ ਪੂਰੀ ਤਿਆਰੀ ਨਾਲ ਮੀਟਿੰਗ ਵਿੱਚ ਸਾਮਲ ਹੋਵੇਗੀ: ਭਗਵੰਤ ਮਾਨ
ਰਾਜਪਾਲ ਨਾਲ ਕਿਸੇ ਵੀ ਤਰ੍ਹਾਂ ਦੇ ਮਤਭੇਦ ਨੂੰ ਸਿਰੇ ਤੋਂ ਨਕਾਰਿਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸਾਂ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ਮੁੱਦੇ ‘ਤੇ ਪੰਜਾਬ ਦਾ ਪੱਖ ਜੋਰਦਾਰ ਢੰਗ ਨਾਲ ਰੱਖੇਗੀ।ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਸੂਬੇ ਦੇ ਅਧਿਕਾਰਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੇ ਉਲਟ, ਜੋ ਆਮ ਤੌਰ ‘ਤੇ ਅਜਿਹੀਆਂ ਮਹੱਤਵਪੂਰਨ ਮੀਟਿੰਗਾਂ ਤੋਂ ਬਚਦੇ ਰਹੇ ਹਨ, ਉਹ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਿਆਰੀ ਤੋਂ ਬਾਅਦ ਹੀ ਮੀਟਿੰਗ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਫਤੇ ਦੇ ਅੰਤ ਵਿੱਚ ਹੋਣ ਵਾਲੀ ਇਸ ਮੀਟਿੰਗ ਦੇ ਨਤੀਜਿਆਂ ਬਾਰੇ ਕੋਈ ਸਿੱਟਾ ਕੱਢਣਾ ਜਲਦਬਾਜੀ ਹੋਵੇਗੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਰਮਿਆਨ ਕੋਈ ਮੱਤਭੇਦ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿੰਗਾਈ, ਬੇਰੁਜਗਾਰੀ, ਮਾਫੀਆ ਅਤੇ ਹੋਰ ਬੁਰਾਈਆਂ ਦੇ ਖਿਲਾਫ ਹੈ ਪਰ ਰਾਜਪਾਲ ਨਾਲ ਸੁਖਾਵੇਂ ਸਬੰਧ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਾਜਪਾਲ ਚਾਹੁਣ ਤਾਂ ਸੂਬਾ ਸਰਕਾਰ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਉਨ੍ਹਾਂ ਕੋਲ ਭੇਜੇਗੀ, ਨਹੀਂ ਤਾਂ ਆਮ ਰਵਾਇਤ ਰਹੀ ਹੈ ਕਿ ਰਾਜਪਾਲ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਨਾਮ ‘ਤੇ ਸਹਿਮਤੀ ਦਿੰਦੇ ਹਨ।
ਐਸਵਾਈਐਲ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ 14 ਅਕਤੂਬਰ ਨੂੰ
7 Views