ਬਠਿੰਡਾ ਜ਼ਿਲ੍ਹੇ ਦਾ ਸਰਵ ਪੱਖੀ ਵਿਕਾਸ ਹੋਵੇਗੀ ਮੁੱਢਲੀ ਤਰਜੀਹ : ਅਗਰਵਾਲ
ਅੰਮਿ੍ਰਤ ਲਾਲ ਅਗਰਵਾਲ ਨੇ ਮੁੱਖ ਮੰਤਰੀ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
ਸੁਖਜਿੰਦਰ ਮਾਨ
ਬਠਿੰਡਾ, 21 ਅਕਤੂਬਰ : ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਸ੍ਰੀ ਅੰਮਿ੍ਰਤ ਲਾਲ ਅਗਰਵਾਲ ਨੇ ਅੱਜ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਧਾਇਕ ਬਠਿੰਡਾ (ਦਿਹਾਤੀ) ਸ੍ਰੀ ਅਮਿਤ ਰਤਨ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸ੍ਰੀ ਅੰਮਿ੍ਰਤ ਲਾਲ ਅਗਰਵਾਲ ਨੂੰ ਪਾਰਟੀ ਦਾ ਵਫ਼ਦਾਰ ਸਿਪਾਹੀ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਦੱਸਦਿਆਂ ਇਹ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਅਗਰਵਾਲ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਇਨ੍ਹਾਂ ਨੂੰ ਨੇਪਰੇ ਚੜ੍ਹਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਮੇਰੇ ਵੱਲੋਂ ਪੂਰੀ ਇਮਾਨਦਾਰੀ ਅਤੇ ਮੇਹਨਤ ਨਾਲ ਨਿਭਾਇਆ ਜਾਵੇਗਾ ਅਤੇ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ/ਸ਼ਹਿਰਾਂ/ਕਸਬਿਆਂ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਹਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਮੁੱਚੀ ਟੀਮ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਤਤਪਰ ਤੇ ਸਮਰਪਿਤ ਹੈ। ਜਿਕਰਯੋਗ ਹੈ ਕਿ ਸ੍ਰੀ ਅਗਰਵਾਲ ਖੇਤੀਬਾੜੀ ਵਿਭਾਗ ਵਿੱਚ ਕਰੀਬ 38 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਸੀਨੀਅਰ ਸਹਾਇਕ ਵਜੋਂ ਸੇਵਾ ਮੁਕਤ ਹੋਏ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸਨਰ (ਜ) ਸ਼੍ਰੀ ਰਾਹੁਲ, ਐਸਡੀਐਮ ਮੈਡਮ ਇਨਾਯਤ, ਆਪ ਦੀ ਸੂਬਾ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸਤਵੀਰ ਕੌਰ ਕਾਲਝਰਾਨੀ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਸ. ਗੁਰਇਕਬਾਲ ਸਿੰਘ ਚਹਿਲ ਤੋਂ ਇਲਾਵਾ ਬਠਿੰਡਾ ਵਾਸੀ ਤੇ ਭਾਰੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।
Share the post "ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਅੰਮਿ੍ਰਤ ਲਾਲ ਅਗਰਵਾਲ ਨੇ ਸੰਭਾਲਿਆ ਅਹੁਦਾ"