ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 30 ਨਵੰਬਰ:ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਮੂਹਰੇ ਸ਼ਾਂਤਮਈ ਧਰਨਾ ਸ਼ੁਰੂ ਕਰਨ ਮੌਕੇ ਪੰਜਾਬ ਦੇ ਪੇਂਡੂ/ਖੇਤ ਮਜ਼ਦੂਰਾਂ ਉੱਪਰ ਕੀਤੇ ਗਏ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ ਕਿ ਆਪ ਦੀ ਮਾਨ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੈ। ਕਹਿਣ ਨੂੰ ਤਾਂ ਉਹ ਕਹਿੰਦੇ ਹਨ ਕਿ ਲੋਕਾਂ ਨੂੰ ਆਪਣੇ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਸੜਕਾਂ ਰੇਲਾਂ ਰੋਕ ਕੇ ਆਮ ਜਨਤਾ ਨੂੰ ਤੰਗ ਪ੍ਰੇਸਾਨ ਕਰਨ ਦੀ ਬਜਾਏ ਸਰਕਾਰ ਦੇ ਵਿਧਾਇਕਾਂ ਜਾਂ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨੇ ਚਾਹੀਦੇ ਹਨ, ਪ੍ਰੰਤੂ ਉੱਥੇ ਗਿਆਂ ਉੱਤੇ ਡਾਂਗਾਂ ਵਰ੍ਹਾਈਆਂ ਜਾਂਦੀਆਂ ਹਨ। ਕਿਸਾਨ ਆਗੂਆਂ ਨੇ ਪੁਲਿਸ ਜਬਰ ਦੇ ਬਾਵਜੂਦ ਧਰਨੇ ਵਿੱਚ ਡਟਣ ਵਾਲੇ ਹਜ਼ਾਰਾਂ ਮਜ਼ਦੂਰਾਂ ਦੇ ਸਿਦਕ ਦੀ ਸ਼ਲਾਘਾ ਕਰਦਿਆਂ ਐਲਾਨ ਕੀਤਾ ਹੈ ਕਿ ਕਿਸਾਨਾਂ ਵੱਲੋਂ ਇਸ ਹੱਕੀ ਧਰਨੇ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ।
Share the post "ਸੰਗਰੂਰ ਵਿਖੇ ਮਜ਼ਦੂਰਾਂ ‘ਤੇ ਲਾਠੀਚਾਰਜ ਦੀ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿੰਦਾ"