31 Views
ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕ ਰਹੀ ਹੈ ਉਚੇਚੇ ਕਦਮ : ਮਾਸਟਰ ਜਗਸੀਰ ਸਿੰਘ
ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਲੈਣਾ ਚਾਹੀਦਾ ਹੈ ਵੱਧ ਚੜ੍ਹ ਕੇ ਹਿੱਸਾ : ਡਿਪਟੀ ਕਮਿਸ਼ਨਰ
ਸੁਖਜਿੰਦਰ ਮਾਨ
ਬਠਿੰਡਾ, 10 ਦਸੰਬਰ : ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿਖੇ ਅੱਜ ਸਲਾਨਾ ਸਪੋਰਟਸ ਮੀਟ 2022 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਇਸ ਦਾ ਉਦਘਾਟਨ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।ਪ੍ਰੋਗਰਾਮ ਦੌਰਾਨ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਨੂੰ ਖੇਡਾਂ ਵਿੱਚ ਅੱਵਲ ਦਰਜੇ ਦਾ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਸਕੂਲ ਪ੍ਰਿੰਸੀਪਲ ਅਤੇ ਸਕੂਲ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਦੀ ਵੱਖ-ਵੱਖ ਖੇਡਾਂ ਰੇਸਲਿੰਗ, ਫੁੱਟਬਾਲ, ਐਥਲੈਟਿਕਸ, ਬਾਸਕਟਬਾਲ ਵਿੱਚ ਸਟੇਟ ਲੈਵਲ ਤੇ ਚੋਣ ਹੋਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਇਨਾਮ ਵੰਡ ਸਮਾਰੋਹ ਉਪਰੰਤ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ, ਖੇਡਾਂ ਖੇਡਣ ਨਾਲ ਬੱਚਿਆਂ ਦਾ ਸਰੀਰਿਕ ਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਤ-ਹਾਰ ਦੀ ਪ੍ਰਵਾਹ ਨਾ ਕਰਦਿਆਂ ਕੋਈ ਵੀ ਖੇਡ ਹੋਵੇ, ਪੂਰੇ ਜੋਸ਼ ਨਾਲ ਖੇਡਣਾ ਚਾਹੀਦਾ ਹੈ।ਇਸ ਮੌਕੇ ਸਕੂਲੀ ਬੱਚਿਆਂ ਵੱਲੋਂ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜ, ਲੌਂਗ ਜੰਪ, ਰਿਲੇਅ ਰੇਸ਼, ਸ਼ਾਟ ਪੁੱਟ, ਰੱਸ਼ਾਕਸੀ, ਜੈਵਲਿਨ, ਛੋਟੇ ਬੱਚਿਆਂ ਦੀਆਂ ਖੇਡਾਂ ਬਾਸਕਿਟ, ਸਕੀਪਿੰਡ, ਫਰਾਗ ਰੇਸ ਆਦਿ ਵਿਚਕਾਰ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਰੰਗਾਰੰਗ ਪ੍ਰੋਗਰਾਮ ਤੋਂ ਇਲਾਵਾ ਬੱਚਿਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ।
ਇਸ ਤੋਂ ਪਹਿਲਾਂ ਡਾਇਰੈਕਟਰ ਅਡਵਾਂਸਡ ਕੈਂਸਰ ਰਿਸਰਚ ਇੰਸਟੀਚਿਊਟ ਡਾ. ਦੀਪਕ ਅਰੋੜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ.ਅਰੋੜਾ ਵੱਲੋਂ ਸਕੂਲੀ ਵਿਦਿਆਰਥੀਆਂ ਦੁਆਰਾ ਰਾਜ ਭਰ ਵਿੱਚ ਖੇਡਾਂ ਵਿੱਚ ਪ੍ਰਾਪਤ ਕੀਤੀਆਂ ਗਈਆਂ ਉਪਲੱਬਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸ਼ਿਵਪਾਲ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ, ਪ੍ਰਿੰਸੀਪਲ ਮੈਡਮ ਕੰਚਨ, ਐਡਵੋਕੇਟ ਸੁਰਜੀਤ ਸਿੰਘ ਢਿੱਲੋਂ, ਪ੍ਰਬੰਧਕ ਸੋਨੀਆ ਧਵਨ, ਰਚਨਾ ਜਿੰਦਲ, ਮੈਡਮ ਕੁਲਵੰਤ ਕੌਰ ਤੋਂ ਇਲਾਵਾ ਸਕੂਲੀ ਬੱਚੇ ਆਦਿ ਹਾਜ਼ਰ ਸਨ।
Share the post "ਵਿਧਾਇਕ ਜਗਸੀਰ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਸਲਾਨਾ ਸਪੋਰਟਸ ਮੀਟ ਵਿੱਚ ਖਿਡਾਰੀਆਂ ਦੀ ਕੀਤੀ ਹੋਸਲਾ ਅਫਜਾਈ"