ਕੀਤਾ ਦਾਅਵਾ ਕਿ 30 ਨਵੰਬਰ ਨੂੰ ਪੰਜਾਬ ਦੇ ਮੁੱਖ ਸਕੱਤਰ ਨੂੰ ਆਈ.ਪੀ.ਐਸ ਅਧਿਕਾਰੀਆਂ ਦਾ ਪੈਨਲ ਭੇਜਣ ਲਈ ਕਿਹਾ ਸੀ
ਯੂ.ਟੀ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ ਮੰਗਿਆ ਆਈ.ਪੀ.ਐਸ ਅਧਿਕਾਰੀਆਂ ਦਾ ਪੈਨਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 14 ਦਸੰਬਰ: ਦੋ ਦਿਨ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਅਚਨਚੇਤ ਫ਼ਾਰਗ ਕਰਨ ਤੋਂ ਬਾਅਦ ਉੱਠੇ ਵਿਵਾਦ ਦੌਰਾਨ ਜਿੱਥੇ ਅੱਜ ਯੂ.ਟੀ ਨੇ ਪੰਜਾਬ ਸਰਕਾਰ ਤੋਂ ਆਈ.ਪੀ.ਐਸ ਅਧਿਕਾਰੀਆਂ ਦਾ ਪੈਨਲ ਮੰਗ ਲਿਆ ਹੈ, ਉਥੇ ਬੀਤੇ ਕੱਲ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਦੇ ਮੁੱਖ ਪ੍ਰਸ਼ਾਸਕ ਜੋਕਿ ਪੰਜਾਬ ਦੇ ਰਾਜਪਾਲ ਵੀ ਹਨ, ਨੂੰ ਲਿਖੇ ਪੱਤਰ ਦੇ ਜਵਾਬ ਵਿਚ ਰਾਜਪਾਲ ਨੇ ਵੱਡੇ ਖ਼ੁਲਾਸੇ ਕੀਤੇ ਹਨ। ਜਿਸ ਵਿਚ ਦਾਅਵਾ ਕੀਤਾ ਹੈ ਕਿ ਐਸ.ਐਸ.ਪੀ ਨੂੰ ਵਾਪਸ ਭੇਜਣ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ 30 ਨਵੰਬਰ ਨੂੰ ਜਾਣੂ ਕਰਵਾ ਦਿੱਤਾ ਸੀ। ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅਪਣੇ ਪੱਤਰ ਵਿਚ ਪੰਜਾਬ ਕਾਡਰ ਦੇ ਆਈ.ਪੀ.ਐਸ ਅਧਿਕਾਰੀ ਨੂੰ ਇਸ ਤਰ੍ਹਾਂ ਫ਼ਾਰਗ ਕਰਨ ਦੇ ਅਮਲ ’ਤੇ ਰੋਸ਼ ਜਤਾਇਆ ਸੀ। ਮੁੱਖ ਮੰਤਰੀ ਨੇ ਪੱਤਰ ਵਿਚ ਇਹ ਵੀ ਲਿਖਿਆ ਸੀ ਕਿ ਜੇਕਰ ਐਸ.ਐਸ.ਪੀ ਨੂੰ ਮਿਆਦ ਤੋਂ ਅਗਾਊਂ ਵੀ ਫ਼ਾਰਗ ਕਰਨਾ ਸੀ ਤਾਂ ਇਸਦੇ ਲਈ ਪੰਜਾਬ ਸਰਕਾਰ ਨੂੰ ਸੂਚਿਤ ਕਰਨ ਦੇ ਨਾਲ-ਨਾਲ ਪਹਿਲਾਂ ਪੰਜਾਬ ਦੇ ਆਈ.ਪੀ.ਐਸ ਅਧਿਕਾਰੀਆਂ ਦਾ ਪੈਨਲ ਲਿਆ ਜਾਣਾ ਚਾਹੀਦਾ ਸੀ। ਸ਼੍ਰੀ ਬਨਵਾਰੀ ਨਾਲ ਪੁਰੋਹਿਤ ਵਲੋਂ ਲਿਖੇ ਪੱਤਰ ਵਿਚ ਦਾਅਵਾ ਕੀਤਾ ਕਿ ਉਨ੍ਹਾਂ ਇਸ ਮੁੱਦੇ ’ਤੇ 28 ਨਵੰਬਰ 2022 ਨੂੰ ਮੁੱਖ ਸਕੱਤਰ ਪੰਜਾਬ ਨਾਲ ਟੈਲੀਫੋਨ ’ਤੇ ਗੱਲਬਾਤ ਕਰਕੇ ਕੁਲਦੀਪ ਸਿੰਘ ਚਾਹਲ ਦੇ ਇਸ ਪੋਸਟ ’ਤੇ ਕੰਮ ਕਰਨ ਦੇ ਢੰਗਾਂ ਨੂੰ ਦੇਖਦਿਆਂ ਐਸ.ਐਸ.ਪੀ. ਯੂ.ਟੀ. ਦੇ ਅਹੁਦੇ ਲਈ ਕੁਸ਼ਲ ਆਈ.ਪੀ.ਐਸ. ਅਫ਼ਸਰਾਂ ਦਾ ਪੈਨਲ ਭੇਜਣ ਦੀ ਸਲਾਹ ਦਿੱਤੀ ਸੀ। ਇਹੀਂ ਨਹੀਂ ਯੂ.ਟੀ ਦੇ ਡੀ.ਜੀ.ਪੀ.ਪ੍ਰਵੀਰ ਰੰਜਨ ਨੇ ਵੀ 30 ਨਵੰਬਰ ਨੂੰ ਮੁੱਖ ਸਕੱਤਰ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਾਰੇ ਤੱਥਾਂ ਤੋਂ ਜਾਣੂ ਕਰਵਾਇਆ ਸੀ। ਇਸਤੋਂ ਇਲਾਵਾ ਉਸੇ ਦਿਨ ਹੀ ਸਲਾਹਕਾਰ ਯੂ.ਟੀ. ਪ੍ਰਸ਼ਾਸਨ ਨੇ ਸੀ.ਐਸ.ਨਾਲ ਵੀ ਟੈਲੀਫੋਨ ’ਤੇ ਗੱਲ ਕੀਤੀ ਅਤੇ ਪੈਨਲ ਭੇਜਣ ਦੀ ਮੰਗ ਕੀਤੀ। ਜਿਸਤੋਂ ਬਾਅਦ ਪੰਜਾਬ ਦੇ ਮੁੱਖ ਸਕੱਤਰ ਨੇ ਉਨ੍ਹਾਂ ਨਾਲ ਉਸੇ ਦਿਨ ਸ਼ਾਮ 5.30 ਵਜੇ ਰਾਜਪਾਲ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਵੀ ਹੋਰਨਾਂ ਮੁੱਦਿਆਂ ’ਤੇ ਚਰਚਾ ਕਰਨ ਤੋਂ ਇਲਾਵਾ, ਉਨ੍ਹਾਂ ਨੂੰ ਮੇਰੇ ਦੁਆਰਾ, ਜਿੰਨੀ ਜਲਦੀ ਹੋ ਸਕੇ, ਆਈਪੀਐਸ ਅਧਿਕਾਰੀਆਂ ਦਾ ਇੱਕ ਪੈਨਲ ਭੇਜਣ ਦੀ ਸਲਾਹ ਦਿੱਤੀ ਗਈ ਸੀ। ਰਾਜਪਾਲ ਨੇ ਅਪਣੇ ਪੱਤਰ ਵਿਚ ਇਹ ਵੀ ਖ਼ੁਲਾਸਾ ਕੀਤਾ ਹੈ ਕਿ ਐਸ.ਐਸ.ਪੀ ਕੁਲਦੀਪ ਚਾਹਲ ਨਾਲ ਵੀ ਉਨ੍ਹਾਂ ਦੀ ਟੈਲੀਫ਼ੋਨ ’ਤੇ ਗੱਲਬਾਤ ਹੋਈ ਸੀ, ਜਿਸ ਵਿਚ ਉਸਨੂੰ ਸਾਫ਼-ਸਾਫ਼ ਦੱਸਿਆ ਗਿਆ ਕਿ ਉਸਨੂੰ ਆਪਣੇ ਪੰਜਾਬ ਕਾਡਰ ਵਿੱਚ ਵਾਪਸ ਜਾਣਾ ਪਵੇਗਾ। ਰਾਜਪਾਲ ਨੇ ਮੁੱਖ ਮੰਤਰੀ ਨੂੰ ਇਹ ਵੀ ਲਿਖਿਆ ਕਿ ਕਿਉਂਕਿ ਇਸ ਸਮੇਂ ਦੌਰਾਨ ਤੁਸੀਂ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਰੁੱਝੇ ਹੋਏ ਸੀ, ਮੇਰੇ ਲਈ ਤੁਹਾਡੇ ਨਾਲ ਸੰਪਰਕ ਕਰਨਾ ਸੰਭਵ ਨਹੀਂ ਸੀ। ਸ਼੍ਰੀ ਪੁਰੋਹਿਤ ਨੇ ਅਸਿੱਧੇ ਢੰਗ ਨਾਲ ਮੁੱਖ ਮੰਤਰੀ ਨਾਲ ਨਰਾਜ਼ਗੀ ਜਤਾਉਂਦਿਆਂ ਕਿਹਾ ਕਿ ‘‘ ਤੁਸੀਂ ਇਸ ਸਬੰਧ ਵਿੱਚ ਪੰਜਾਬ ਬਨਾਮ ਹਰਿਆਣਾ ਦਾ ਬੇਲੋੜਾ ਮੁੱਦਾ ਵੀ ਉਠਾਇਆ ਹੈ ਜੋ ਕਿ ਐਡਹਾਕ ਨਿਯੁਕਤੀ ਦੇ ਇਸ ਕੇਸ ਵਿੱਚ ਲਾਗੂ ਨਹੀਂ ਹੁੰਦਾ ਹੈ।’’
ਅਕਾਲੀ ਦਲ ਨੇ ਮੁੱਖ ਮੰਤਰੀ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੇ ਲਗਾਏ ਦੋਸ਼
ਮੁੱਖ ਮੰਤਰੀ ਦੱਸਣ ਕਿ ਮੁੱਖ ਸਕੱਤਰ ਨੇ ਮਾਮਲੇ ਬਾਰੇ ਉਹਨਾਂ ਨੂੰ ਜਾਣਕਾਰੀ ਦਿੱਤੀ ਸੀ ਜਾਂ ਨਹੀਂ : ਡਾ. ਚੀਮਾ
ਚੰਡੀਗੜ੍ਹ, 14 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਝੂਠ ਕਿਉਂ ਬੋਲਿਆ ਕਿ ਯੂ ਟੀ ਪ੍ਰਸ਼ਾਸਨ ਨੇ ਪੰਜਾਬ ਕੇਡਰ ਦੇ ਅਫਸਰ ਕੁਲਦੀਪ ਚਾਹਲ ਨੂੰ ਐਸ ਐਸ ਪੀ ਚੰਡੀਗੜ੍ਹ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਕਰ ਕੇ ਪੰਜਾਬ ਤੋਂ ਅਫਸਰਾਂ ਦਾ ਪੈਨਲ ਨਹੀਂ ਮੰਗਿਆ।ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਝੂਠ ਬੋਲ ਕੇ ਪੰਜਾਬ ਅਤੇ ਪੰਜਾਬੀਆਂ ਨੂੰ ਨਮੋਸ਼ੀ ਦਾ ਪਾਤਰ ਬਣਾਉਣਾ ਮੁੱਖ ਮੰਤਰੀ ਦੀ ਆਦਤ ਬਣ ਗਈ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਗੁੰਮਰਾਹਕੁੰਨ ਪੱਤਰ ਲਿਖ ਕੇ ਪ੍ਰਸ਼ਾਸਨ ਦਾ ਮਖੌਲ ਉਡਾਇਆ ਅਤੇ ਬਿਨਾਂ ਠੋਸ ਆਧਾਰ ’ਤੇ ਵੱਡੇ ਵੱਡੇ ਝੂਠੇ ਦਾਅਵੇ ਵੀ ਕੀਤੇ। ਉਹਨਾਂ ਕਿਹਾ ਕਿ ਹੁਣ ਇਹ ਮੁੱਖ ਮੰਤਰੀ ਹੀ ਦੱਸਣ ਕਿ ਉਹਨਾਂ ਨੇ ਝੂਠਾ ਦਾਅਵਾ ਕਿਉਂ ਕੀਤਾ ਕਿ ਯੂ ਟੀ ਪ੍ਰਸ਼ਾਸਨ ਨੇ ਐਸ ਐਸ ਪੀ ਕੁਲਦੀਪ ਚਾਹਲ ਨੂੰ ਹਟਾਉਣ ਦਾ ਫੈਸਲਾ ਕਰਨ ਮਗਰੋਂ ਪੰਜਾਬ ਸਰਕਾਰ ਤੋਂ ਅਫਸਰਾਂ ਦਾ ਪੈਨਲ ਨਹੀਂ ਮੰਗਿਆ।ਉਹਨਾਂ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਕੀ ਇਸ ਮਾਮਲੇ ਵਿਚ ਯੂ ਟੀ ਪ੍ਰਸ਼ਾਸਕ ਤੇ ਮੁੱਖ ਸਕੱਤਰ ਵਿਚਾਲੇ ਹੋਈ ਗੱਲਬਾਤ ਬਾਰੇ ਉਹਨਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਜਾਂ ਨਹੀਂ ਕਿਉਂਕਿ ਮੁੱਖ ਸਕੱਤਰ ਸਿੱਧਾ ਸ੍ਰੀ ਅਰਵਿੰਦ ਕੇਜਰੀਵਾਲ ਤੇ ਸ੍ਰੀ ਰਾਘਵ ਚੱਢਾ ਨੂੰ ਰਿਪੋਰਟ ਕਰਦੇ ਹਨ ਅਤੇ ਸ੍ਰੀ ਭਗਵੰਤ ਮਾਨ ਨੂੰ ਨਹੀਂ।ਡਾ. ਚੀਮਾ ਨੇ ਕਿਹਾ ਕਿ ਯੂ ਟੀ ਪ੍ਰਸ਼ਾਸਕ ਦੇ ਮੁੱਖ ਮੰਤਰੀ ਨੂੰ ਦਿੱਤੇ ਜਵਾਬ ਜੋ ਜਨਤਕ ਹੈ, ਤੋਂ ਸਪਸ਼ਟ ਹੈ ਕਿ ਪ੍ਰ਼ਸ਼ਾਸਕ ਨੇ 28 ਨਵੰਬਰ ਨੂੰ ਹੀ ਅਫਸਰਾਂ ਦਾ ਪੈਨਲ ਮੰਗਿਆ ਸੀ ਤੇ ਫਿਰ ਪ੍ਰਸ਼ਾਸਕ ਦੇ ਸਲਾਹਕਾਰ ਨੇ ਇਹੀ ਬੇਨਤੀ 30 ਨਵੰਬਰ ਨੂੰ ਦੁਹਰਾਈ। ਉਹਨਾਂ ਕਿਹਾ ਕਿ ਪ੍ਰਸ਼ਾਸਕ ਨੇ ਇਹ ਵੀ ਸਪਸ਼ਟ ਹੈ ਕਿ ਯੂ ਟੀ ਪ੍ਰਸ਼ਾਸਨ ਇਸ ਮਾਮਲੇ ਵਿਚ ਲਗਾਤਾਰ ਪੰਜਾਬ ਸਰਕਾਰ ਦੇ ਸੰਪਰਕ ਵਿਚ ਸੀ।ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਉਹਨਾਂ ਨੇ ਯੂ ਟੀ ਪ੍ਰਸ਼ਾਸਨ ਦੀ ਬੇਨਤੀ ’ਤੇ ਕੋਈ ਫੈਸਲਾ ਕਿਉਂ ਨਹੀਂ ਲਿਆ ਅਤੇ ਉਲਟਾ ਸ੍ਰੀ ਕੁਲਦੀਪ ਚਾਹਲ ਨੁੰ ਹਟਾਏ ਜਾਣ ਮਗਰੋਂ ਗੁੰਮਰਾਹਕੁੰਨ ਜਵਾਬ ਕਿਉਂ ਦਿੱਤਾ। ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਦੱਸਣ ਕਿ ਕੀ ਹੁਣ ਤੱਕ ਵੀ ਪੈਨਲ ਭੇਜ ਦਿੱਤਾ ਗਿਆ ਹੈ ਜਾਂ ਨਹੀਂ।