ਪੰਜਾਬੀ ਖਬਰਸਾਰ ਬਿਉਰੋ
ਬਠਿੰਡਾ, 26 ਦਸੰਬਰ: ਵੀਰ ਬਾਲ ਦਿਵਸ ਦੇ ਮੌਕੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਮਹਾਨ ਬਹਾਦਰੀ ਅਤੇ ਸਰਵੋਤਮ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ‘ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ’ ਵਿਸ਼ੇ ਤੇ ਇੱਕ ਵਿਸ਼ੇਸ਼ ਆਨਲਾਈਨ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਸੀਯੂਪੀਬੀ ਦੇ ਪੰਜਾਬੀ ਵਿਭਾਗ ਵੱਲੋਂ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਅਯੋਜੀਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਵਿੱਚ ਪ੍ਰੋ. ਹਰਪਾਲ ਸਿੰਘ ਪੰਨੂ, ਚੇਅਰ ਪ੍ਰੋਫੈਸਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚੇਅਰ, ਸੀਯੂਪੀਬੀ, ਮਹਿਮਾਨ ਬੁਲਾਰੇ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਰਮਨਪ੍ਰੀਤ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਕਿਹਾ ਕਿ ਸਿੱਖ ਇਤਿਹਾਸ ਸ਼ਹੀਦੀਆਂ ਦੀਆਂ ਘਟਨਾਵਾਂ ਨਾਲ ਭਰਿਆ ਹੋਇਆ ਹੈ ਅਤੇ ਸਿੱਖ ਗੁਰੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਿੱਖਾਂ ਲਈ ਮਿਸਾਲ ਕਾਇਮ ਕੀਤੀ ਹੈ। ਇਹਨਾਂ ਮਹਾਨ ਸ਼ਹੀਦਾਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਦੀ ਸ਼ਹਾਦਤ ਸਭ ਨੂੰ ਪ੍ਰੇਰਨਾ ਦੇਣ ਵਾਲੀ ਹੈ।ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਪ੍ਰੋ: ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਿਤਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਬਚਾਉਣ ਲਈ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਅਨਿਆਂ ਅਤੇ ਜ਼ੁਲਮ ਦੇ ਖਿਲਾਫ ਲੜਾਈ ਲੜੀ ਸੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਨੇ ਆਪਣੇ ਪਿਤਾ ਅਤੇ ਦਾਦਾ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਧਰਮ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਛੋਟੇ ਸਾਹਿਬਜ਼ਾਦਿਆਂ, ਜਿਨ੍ਹਾਂ ਨੂੰ 7 ਅਤੇ 9 ਸਾਲ ਦੀ ਛੋਟੀ ਉਮਰ ਵਿੱਚ ਜ਼ਿੰਦਾ ਹੀ ਕੰਧਾਂ ਵਿੱਚ ਚਿਣਿਆ ਗਿਆ ਸੀ, ਉਹਨਾਂ ਦੇ ਸ਼ਹੀਦੀ ਦਿਹਾੜੇ ਨੂੰ ਹਮੇਸ਼ਾਂ ਸਰਵਉੱਚ ਮੰਨਿਆ ਜਾਵੇਗਾ।ਇਸ ਮੌਕੇ ਵਾਈਸ-ਚਾਂਸਲਰ ਪ੍ਰੋ: ਰਾਘਵੇਂਦਰ ਪੀ. ਤਿਵਾਰੀ ਨੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਵੱਲੋਂ ਦਰਸਾਏ ਆਦਰਸ਼ਾਂ ’ਤੇ ਚੱਲਣ ਅਤੇ ਦਲੇਰੀ, ਬਹਾਦਰੀ ਤੇ ਆਪਣੇ ਵਿਸ਼ਵਾਸ ’ਤੇ ਮਜ਼ਬੂਤੀ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਵੀਂ ਪੀੜ੍ਹੀ ਵਿੱਚ ਸਿੱਖ ਇਤਿਹਾਸ ਬਾਰੇ ਜਾਗਰੂਕਤਾ ਫੈਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਅਜੋਕੇ ਸਮੇਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਪ੍ਰੋਗਰਾਮ ਦੇ ਹਿੱਸੇ ਵਜੋਂ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਯੂਨੀਵਰਸਿਟੀ ਕੈਂਪਸ ਵਿੱਚ ਚਾਰ ਸਾਹਿਬਜ਼ਾਦੇ ਫਿਲਮ ਦੀ ਇੱਕ ਵਿਸ਼ੇਸ਼ ਸਕ੍ਰੀਨਿੰਗ ਰੱਖੀ ਗਈ। ਅੰਤ ਵਿੱਚ ਡਾ. ਅਮਨਦੀਪ ਸਿੰਘ ਨੇ ਇਸ ਪ੍ਰੋਗਰਾਮ ਦੀ ਸਫ਼ਲਤਾ ਵਿੱਚ ਯੋਗਦਾਨ ਪਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
Share the post "ਕੇਂਦਰੀ ਯੂਨੀਵਰਸਿਟੀ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ"