ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਪ੍ਰੋਗਰਾਮ ਚ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ
51 ਨਵ ਜਨਮੀਆਂ ਬੱਚੀਆਂ ਨੂੰ ਪਹਿਲੀ ਲੋਹੜੀ ਤੇ ਕੀਤਾ ਜਾਵੇਗਾ ਸਨਮਾਨਿਤ
ਸੁਖਜਿੰਦਰ ਮਾਨ
ਬਠਿੰਡਾ, 11 ਜਨਵਰੀ : ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਰਾਜ ਪੱਧਰੀ ਸਮਾਗਮ ਧੀਆਂ ਦੀ ਲੋਹੜੀ 13 ਜਨਵਰੀ ਨੂੰ ਮਨਾਈ ਜਾਵੇਗੀ। ਇਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ 51 ਨਵ-ਜਨਮੀਆਂ ਬੱਚੀਆਂ ਨੂੰ ਉਨ੍ਹਾਂ ਦੀ ਪਹਿਲੀ ਲੋਹੜੀ ਮੌਕੇ ਗਰਮ ਕੰਬਲ ਤੇ ਵਧਾਈ ਕਾਰਡਾਂ ਤੋਂ ਇਲਾਵਾ ਮਾਰਕਫੈੱਡ ਦੇ ਉਤਪਾਦਾਂ ਦੇ ਤੋਹਫ਼ੇ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਮੌਕੇ 12 ਉਨ੍ਹਾਂ ਲੜਕੀਆਂ ਜਿਨ੍ਹਾਂ ਨੇ ਖੇਡਾਂ ਦੇ ਖੇਤਰ ਚ ਅਤੇ 15 ਉਹ ਲੜਕੀਆਂ ਜਿਨ੍ਹਾਂ ਨੇ ਸਿੱਖਿਆ ਆਦਿ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ, ਨੂੰ ਮਾਰਕਫੈੱਡ ਦੇ ਉਤਪਾਦਾਂ ਦੇ ਤੋਹਫ਼ੇ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਮੌਕੇ ਸੁਕੰਨਿਆ ਸਮ੍ਰਿਧੀ ਯੋਜਨਾ ਤਹਿਤ, ਐਨਆਰਐਲਐਮ ਸਕੀਮ ਅਧੀਨ ਅਤੇ ਸਖੀ ਸੈਂਟਰ ਵਲੋਂ ਵੱਖ-ਵੱਖ ਸਟਾਲਾਂ ਵੀ ਲਗਾਈਆਂ ਜਾਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਲਾਜ਼ਮੀ ਬਣਾਇਆ ਜਾਵੇ। ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ, ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਮਾਨ, ਸਰਕਾਰੀ ਰਜਿੰਦਰ ਕਾਲਜ ਦੇ ਪ੍ਰੋਫੈਸਰ ਮੈਡਮ ਜੋਤਸ਼ਨਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Share the post "ਭਲਕੇ ਬਠਿੰਡਾ ਦੇ ਰਜਿੰਦਰਾ ਕਾਲਜ ਵਿਖੇ ਰਾਜ ਪੱਧਰ ’ਤੇ ਮਨਾਈ ਜਾਵੇਗੀ ‘ਧੀਆਂ ਦੀ ਲੋਹੜੀ’ : ਡਿਪਟੀ ਕਮਿਸ਼ਨਰ"