ਵਿਦਿਅਕ ਸੰਸਥਾਵਾਂ, ਟਰੱਕ-ਟੈਂਪੂ ਯੂਨੀਅਨਾਂ ਤੇ ਹੋਰ ਥਾਵਾਂ ਤੇ ਕਰਵਾਏ ਜਾਣਗੇ ਜਾਗਰੂਕਤਾ ਸੈਮੀਨਾਰ
ਸੁਖਜਿੰਦਰ ਮਾਨ
ਬਠਿੰਡਾ, 12 ਜਨਵਰੀ : ਸੂਬਾ ਸਰਕਾਰ ਵੱਲੋਂ ‘‘ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ’’ ਦੇ ਨਾਂ ਹੇਠ 17 ਜਨਵਰੀ ਤੱਕ ਮਨਾਏ ਜਾ ਰਹੇ ‘‘ਸੜ੍ਹਕ ਸੁਰੱਖਿਆ ਸਪਤਾਹ’’ ਦੀ ਲੜੀ ਤਹਿਤ ਅੱਜ ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਸੈਮੀਨਾਰ ਦਾ ਆਯੋਜਿਨ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਆਰ.ਟੀ.ਏ. ਬਠਿੰਡਾ ਸ੍ਰੀ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੀ ਪ੍ਰਧਾਨਗੀ ਸੇਵਾ ਮੁਕਤ ਐਸ.ਐਸ.ਪੀ. ਵਿਜੀਲੈਂਸ ਅਤੇ ਮੌਜੂਦਾ ਸਮੇਂ ਜੁਆਇੰਟ ਡਾਇਰੈਕਟਰ ਟਰੈਫ਼ਿਕ ਸ੍ਰੀ ਦੇਸ਼ ਰਾਜ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਸਪਤਾਹ ਦੀ ਅਹਿਮੀਅਤ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਅਤਿ ਜ਼ਰੂਰੀ ਹੈ, ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਇਨ੍ਹਾਂ ਹਾਦਸਿਆਂ ਕਾਰਨ ਕਈ ਕੀਮਤੀ ਮਨੁੱਖੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਇਨ੍ਹਾਂ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਮਨੁੱਖ ਦਾ ਮੁੱਢਲਾ ਫਰਜ ਬਣਦਾ ਹੈ। ਇਸ ਮੌਕੇ ਆਰ.ਟੀ.ਏ.ਬਠਿੰਡਾ ਸ. ਰਾਜਦੀਪ ਸਿੰਘ ਬਰਾੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ ਅਤੇ ਹੋਰ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿੱਚ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋੜ ਅਨੁਸਾਰ ਅੱਖਾਂ ਦਾ ਚੈਕਅੱਪ ਕਰਨ ਲਈ ਕੈਂਪ ਵੀ ਲਗਾਏ ਜਾਣਗੇ । ਇਸ ਸੈਮੀਨਾਰ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਸੜਕ ਸੁਰੱਖਿਆ ਸਪਤਾਹ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਸੈਮੀਨਾਰ ਮੌਕੇ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਮਾਨ, ਟਰੈਫ੍ਰਿਕ ਇੰਚਾਰਜ ਅਮਰੀਕ ਸਿੰਘ, ਸੁਖਰਾਜ ਸਿੰਘ, ਹਾਕਮ ਸਿੰਘ ਵੱਲੋਂ ਵੀ ਟਰੈਫ਼ਿਕ ਨਿਯਮਾਂ ਸਬੰਧੀ ਜਾਣੂੰ ਕਰਵਾਇਆ ਗਿਆ। ਇਸ ਮੌਕੇ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਸਕੂਲੀ ਵਾਹਨਾਂ ਤੇ ਰਿਫ਼ਲੈਕਟਰ ਵੀ ਲਗਾਏ ਗਏ।
ਪੁਲਿਸ ਪਬਲਿਕ ਸਕੂਲ ਵਿਖੇ ਸੜਕ ਸੁਰੱਖਿਆ ਸਪਤਾਹ ਤਹਿਤ ਕਰਵਾਇਆ ਗਿਆ ਸੈਮੀਨਾਰ
10 Views