ਸ਼ੋਰ ਪ੍ਰਦੂਸ਼ਣ ਘਟਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਹੋਈ ਮਹੀਨਾਵਾਰ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 31 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵਾਤਾਵਰਣ ਦੀ ਸ਼ੁੱਧਤਾ, ਪਾਣੀ ਦੀ ਸਾਂਭ-ਸੰਭਾਲ, ਸਾਫ਼-ਸਫ਼ਾਈ, ਸ਼ੋਰ ਪ੍ਰਦੂਸ਼ਣ ਤੋਂ ਮੁਕਤੀ ਲਈ ਅਧਿਕਾਰੀਆਂ ਨੂੰ ਆਪੋ-ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਸਬੰਧੀ ਬਣਾਈਆਂ ਗਈਆਂ ਸਾਰੀਆਂ ਯੋਜਨਾਵਾਂ ਨੂੰ ਸਿਰਫ਼ ਕਾਗਜ਼ੀ ਪੱਧਰ ਤੇ ਨਹੀਂ ਸਗੋਂ ਜ਼ਮੀਨੀ ਪੱਧਰ ’ਤੇ ਵੀ ਲਾਗੂ ਕਰਨਾ ਵੀ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਚੇਅਰਮੈਨ ਜਸਟਿਸ (ਸੇਵਾ ਮੁਕਤ) ਜਸਵੀਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਗਰੀਨ ਟ੍ਰਿਬਊਨਲ ਦੁਆਰਾ ਬਣਾਈ ਗਈ ਮੋਨੀਟਰਿੰਗ ਕਮੇਟੀ ਜਿਸ ਚ ਮੈਬਰ ਆਰ.ਐਸ ਅਗਰਵਾਲ ਅਤੇ ਟੈਕਨੀਕਲ ਮੈਂਬਰ ਬਾਬੂ ਰਾਮ ਸ਼ਾਮਲ ਹਨ, ਵਲੋਂ ਪਿਛਲੇ ਸਮੇਂ ਦੌਰਾਨ ਕੀਤੀ ਗਈ ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਨੂੰ ਦਿੱਤੇ ਗਏ ਟੀਚਿਆਂ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ ਗਏ। ਬੈਠਕ ਦੌਰਾਨ ਸੋਲਡ ਵੇਸਟ ਮੈਨੇਜਮੈਂਟ ਸਬੰਧੀ ਨਗਰ ਨਿਗਮ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਖ਼ਾਤਮੇ ਲਈ ਵੱਧ ਤੋਂ ਵੱਧ ਚਲਾਣ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਖ਼ਾਸ ਤੌਰ ਤੇ ਸੀਵਰੇਜ਼ ਟਰੀਟਮੈਂਟ ਪਲਾਂਟ ਸਬੰਧੀ ਵੀ ਲੋੜੀਂਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕੋਟਫੱਤਾ ਵਿਖੇ ਸੋਲਰ ਏਰੀਏਟਰ ਵੀ ਜਲਦ ਲਗਾਉਣ ਲਈ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਤੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸ਼ੁੱਧਤਾ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਨੂੰ ਦੇਖਦੇ ਹੋਏ ਅਧਿਕਾਰੀਆਂ ਨੂੰ ਧਾਰਮਿਕ ਸਥਾਨਾਂ ਵਿਖੇ ਸਪੀਕਰਾਂ ਦੀ ਆਵਾਜ਼ ਨੂੰ ਘੱਟ ਕਰਨ ਲਈ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਅਕ ਸਥਾਨਾਂ ਅਤੇ ਹਸਪਤਾਲਾਂ ਦੇ ਨੇੜੇ ਸ਼ੋਰ ਪ੍ਰਦੂਸ਼ਣ ਘੱਟ ਕਰਨ ਲਈ ਜਾਗਰੂਕਤਾ ਸਾਇਨ ਬੋਰਡ ਲਗਾਉਣ ਲਈ ਵੀ ਹਦਾਇਤ ਕੀਤੀ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਏਡੀਸੀ (ਜਨਰਲ) ਮੈਡਮ ਪਲਵੀ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਮੈਡਮ ਮਾਨਸੀ, ਐਡੀਐਮ ਮੌੜ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼ ਤੋਂ ਇਲਾਵਾ ਖੇਤੀਬਾੜੀ, ਸਿੰਚਾਈ ਵਿਭਾਗ, ਸਿਹਤ, ਸੀਵਰੇਜ ਅਤੇ ਭੂਮੀ ਰੱਖਿਆ ਵਿਭਾਗ, ਸਮੂਹ ਨਗਰ ਕੌਂਸਲਾਂ, ਨਗਮ ਪੰਚਾਇਤਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Share the post "ਵਾਤਾਵਰਣ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਤੋਂ ਮੁਕਤੀ ਲਈ ਅਧਿਕਾਰੀ ਤਨਦੇਹੀ ਨਾਲ ਜਿੰਮੇਵਾਰੀ ਨਿਭਾਉਣ : ਡਿਪਟੀ ਕਮਿਸ਼ਨਰ"