ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ।ਅੱਜ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁਕਰ ਜਾਵੇ। ਉਹਨਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਇਕ ਆਮ ਉਮਰ ਕੈਦ ਨਾਲੋਂ ਦੁੱਗਣਾ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟ ਲਿਆ ਹੈ। ਬੀਬੀ ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦਿੱਲੀ ਦੀ ਆਪ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਰਿਹਾਅ ਕਰਨ ਤੋਂ ਇਨਕਾਰੀ ਹੈ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਫਾਈਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫਤਰ ਵਿਚ ਇਕ ਸਾਲ ਤੋਂ ਪਈ ਹੈ ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਉਹਨਾਂ ਦੀ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਬਹੁਤ ਨਤੀਜਾ ਮੁਖੀ ਮੀਟਿੰਗ ਹੋਈ ਹੈ। ਉਹਨਾਂ ਕਿਹਾ ਕਿ ਉਹ ਮਹਿਲਾ ਵਿੰਗ ਦੇ ਵਰਕਰਾਂ ਦੇ ਉਤਸ਼ਾਹ ਤੋਂ ਹੈਰਾਨ ਹਨ ਕਿਉਂਕਿ ਉਹ ਦਹਾਕਿਆਂ ਤੋਂ ਬਿਨਾਂ ਕਿਸੇ ਲੋਭ ਲਾਲਚ ਤੇ ਇਨਾਮਾਂ ਦੇ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਵਿਚ ਮਹਿਲਾਵਾਂ ਦਾ ਵੱਡਾ ਰੋਲ ਰਿਹਾ ਹੈ ਪ੍ਰੰਤੂ ਹੁਣ ਇਹ ਮਹਿਲਾਵਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
Share the post "ਮੋਦੀ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਵਾਅਦੇ ਤੋਂ ਭੱਜ ਕੇ ਗੁਰੂਆਂ ਨਾਲ ਧਰੋਹ ਕਮਾਇਆ: ਹਰਸਿਮਰਤ ਬਾਦਲ"