ਬਠਿੰਡਾ ਸ਼ਹਿਰ ਸਮੇਤ ਵੱਖ-ਵੱਖ ਪਿੰਡਾਂ ਦੇ 7700 ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀਆਂ ਕੱਢੀਆਂ
ਸੁਖਜਿੰਦਰ ਮਾਨ
ਬਠਿੰਡਾ, 8 ਫ਼ਰਵਰੀ : ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਤੇ ਬਣਦਾ ਮਾਣ-ਸਤਿਕਾਰ ਦੇਣ ਲਈ ਜ਼ਮੀਨੀ ਪੱਧਰ ਤੇ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ’ਮੈਂ ਪੰਜਾਬੀ,ਬੋਲੀ ਪੰਜਾਬੀ’ ਨਾਮ ਹੇਠ 21 ਫ਼ਰਵਰੀ ਤੱਕ ਚਲਾਈ ਜਾ ਰਹੀ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਨੀਲ ਗਰਗ ਵਲੋਂ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਵਿਖੇ ਤੋਂ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਕੀਤਾ।ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਦੱਸਿਆ ਕਿ ਅੱਜ ਅੱਠਵੇਂ ਦਿਨ ਬਠਿੰਡਾ ਸ਼ਹਿਰ ਸਮੇਤ ਜ਼ਿਲ੍ਹੇ ਦੇ 26 ਪਿੰਡਾਂ ਚ 7700 ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀਆਂ ਚ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਦੱਸਿਆ ਕਿ 21 ਰੋਜ਼ਾ ਮੁਹਿੰਮ ਵਿੱਚ ਜ਼ਿਲ੍ਹਾ ਵਾਸੀਆਂ ਦੀ ਸ਼ਮੂਲੀਅਤ ਨਾਲ ਜੋਸ਼ ਵਧਦਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਸਹਿਯੋਗ ਲਈ ਭਾਸ਼ਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦੀ ਹੈ। ਉਨ੍ਹਾਂ ਦੱਸਿਆ ਕਿ ਇਹ ਰੈਲੀ ਪਰਸਰਾਮ ਨਗਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਪਰਸਰਾਮ ਨਗਰ ਬਜ਼ਾਰ ਅਤੇ ਪਰਤਾਪ ਨਗਰ ਬਜ਼ਾਰ ਹੁੰਦੀ ਹੋਈ ਵਾਪਿਸ ਸਕੂਲ ਪਹੁੰਚੀ। ਰੈਲੀ ਦੌਰਾਨ ਵਿਦਿਆਰਥੀਆਂ ਵੱਲੋਂ ਰਸਤੇ ਵਿੱਚ ਆਉਂਦੀਆਂ ਦੁਕਾਨਾਂ ਅਤੇ ਸੰਸਥਾਵਾਂ ਨੂੰ ਮਾਂ-ਬੋਲੀ ਦੀ ਮਹੱਤਤਾ ਬਾਬਤ ਜਾਗਰੂਕ ਕਰਦੇ ਹੋਏ, ਸ਼ਨਾਖਤੀ ਬੋਰਡਾਂ ਨੂੰ ਪਹਿਲਾਂ ਪੰਜਾਬੀ ਤੇ ਬਾਅਦ ਵਿੱਚ ਕਿਸੇ ਵੀ ਹੋਰ ਭਾਸ਼ਾ ’ਚ ਲਿਖਣ ਦੀ ਅਪੀਲ ਨੂੰ ਦੁਕਾਨਦਾਰਾਂ ਨੇ ਖਿੜੇ ਮੱਥੇ ਸਵੀਕਾਰ ਕੀਤਾ। ਉਨ੍ਹਾਂ ਦੱਸਿਆ ਕਿ ਕੱਲ੍ਹ ਨੌਵੇਂ ਦਿਨ ਰੈਲੀ ਆਰਿਆ ਸਕੂਲ ਕੰਨਿਆ ਤੋਂ ਸ਼ੁਰੂ ਹੋ ਕੇ ਕਿਤਾਬ ਬਜ਼ਾਰ ਅਤੇ ਮਹਿਣਾ ਚੌਂਕ ਵਿੱਚੋਂ ਹੁੰਦੀ ਹੋਈ ਵਾਪਸੀ ਹੋਵੇਗੀ। ਇਸ ਮੌਕੇ ਆਪ ਦੇ ਐਸ.ਸੀ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਚਿਮਨ ਲਾਲ ਹੈਪੀ, ਬਲਾਕ ਪ੍ਰਧਾਨ ਬਲਜੀਤ ਸਿੰਘ ਬੱਲੀ, ਪ੍ਰਿੰਸੀਪਲ ਗੁਰਮੇਲ ਸਿੰਘ, ਖੋਜ ਅਫ਼ਸਰ ਨਵਪ੍ਰੀਤ ਸਿੰਘ,ਗੁਰਵਿੰਦਰ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਮੈਂਬਰ ਅਤੇ ਵਿਦਿਆਰਥੀ ਆਦਿ ਮੌਜੂਦ ਸਨ ।
Share the post "ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਲਈ ਕਰ ਰਹੀ ਵਿਸ਼ੇਸ਼ ਉਪਰਾਲੇ : ਨੀਲ ਗਰਗ"