ਬਠਿੰਡਾ ਦੇ ਕਈ ਪਿੰਡਾਂ ’ਚ ਬਾਰਸਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਮੁੱਖ ਮੰਤਰੀ
ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਕੀਤਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 26 ਮਾਰਚ : ਪਿਛਲੇ ਦਿਨਾਂ ‘ਚ ਹੋਈ ਬੇਮੌਸਮੀ ਬਾਰਸ਼ ਅਤੇ ਗੜੇ੍ਹਮਾਰੀ ਕਾਰਨ ਕਿਸਾਨਾਂ ਦੇ ਹੋਏ ਭਾਰੀ ਨੁਕਸਾਨ ਨੂੰ ਦੇਖਦਿਆਂ ਅੱਜ ਖੇਤਾਂ ਦਾ ਜਾਇਜ਼ਾ ਲੈਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ‘‘ ਮੁਆਵਜੇ ਲਈ ਹੋਣ ਵਾਲੀਆਂ ਵਿਸੇਸ ਗਿਰਦਾਵਰੀਆਂ ਪਾਰਦਰਸ਼ੀ ਤਰੀਕੇ ਨਾਲ ਕੀਤੀਆਂ ਜਾਣ। ’’ ਬਠਿੰਡਾ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਪੁੱਜੇ ਮੁੱਖ ਮੰਤਰੀ ਸ: ਮਾਨ ਨੇ ਹਿਦਾਇਤਾਂ ’ਚ ਕਿਹਾ ਕਿ ‘‘ ਗਿਰਦਾਵਰੀ ਤੋਂ ਇੱਕ ਦਿਨ ਪਹਿਲਾਂ ਸਬੰਧਤ ਪਿੰਡ ਦੇ ਗੁਰਦੂਆਰਾ ਸਾਹਿਬ ਵਿਚ ਅਨਾਉਸਮੈਂਟ ਕੀਤੀ ਜਾਵੇ ਕਿ ਭਲਕੇ ਪਟਵਾਰੀ ਆ ਰਹੇ ਹਨ ਤੇ ਨਾਲ ਹੀ ਪਟਵਾਰੀ ਇਕੱਲਾ ਕਿਸੇ ਦੇ ਘਰ ਬੈਠ ਕੇ ਨਹੀਂ, ਬਲਕਿ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਖੇਤਾਂ ਵਿਚ ਜਾ ਕੇ ਗਿਰਦਾਵਰੀ ਕਰੇਗਾ। ’’ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਗਿਰਦਾਵਰੀ ਦੀ ਰੀਪੋਰਟ ਉੱਪਰ ਇਕੱਲੇ ਪਟਵਾਰੀ ਦੇ ਨਹੀਂ, ਬਲਕਿ ਪਿੰਡ ਦੇ ਮੋਹਤਬਰ ਲੋਕਾਂ ਦੇ ਵੀ ਦਸਖ਼ਤ ਹੋਣੇ ਚਾਹੀਦੇ ਹਨ। ਭਾਈਰੂਪਾ ਕਸਬੇ ਦੇ ਆਸਪਾਸ ਖੇਤਰਾਂ ਵਿਚ ਜਾਇਜ਼ਾ ਲੈਣ ਮੌਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘‘ ਉਹ ਪਿੰਡ ਦੇ ਵਸਨੀਕ ਹਨ ਤੇ ਉਨ੍ਹਾਂ ਨੂੰ ਪਤਾ ਹੈ ਕਿ ਇੰਨ੍ਹਾਂ ਗਿਰਦਾਵਰੀਆਂ ਵਿਚ ਕੀ ਚੱਲਦਾ ਹੈ ਪ੍ਰੰਤੂ ਉਹ ਕਿਸੇ ਦਾ ਹੱਕ ਨਹੀਂ ਮਰਨ ਦੇਣਗੇ। ’’ ਉਨ੍ਹਾਂ ਇਹ ਵੀ ਹੁਕਮ ਦਿੱਤੇ ਕਿ ਗਿਰਦਾਵਰੀ ਸਮੇਂ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਮੁਆਵਜ਼ਾ ਕਾਸ਼ਤਕਾਰ ਨੂੰ ਹੀ ਮਿਲੇ, ਕਿਉਂਕਿ ਬਾਅਦ ਵਿਚ ਜਮੀਨ ਮਾਲਕ ਤੋਂ ਪੈਸੇ ਲੈਣ ਲੱਗਿਆ ਦਿੱਕਤਾਂ ਆਉਂਦੀਆਂ ਹਨ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਬਜਾਏ ਨਰਮੇ ਤੇ ਹੋਰ ਬਦਲਵੀਆਂ ਫ਼ਸਲਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਬਦਲੀਆਂ ਫ਼ਸਲਾਂ ਲਈ ਆਰਥਿਕ ਤੌਰ ’ਤੇ ਉਤਸ਼ਾਹਤ ਕਰਨ। ਮੁੱਖ ਮੰਤਰੀ ਨੇ ਬਿਜਲੀ ਦੇਣ ਦੇ ਸਮੇਂ ਉੱਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਅੱਠ ਨਹੀਂ, ਦਸ-ਬਾਰਾਂ ਘੰਟੇ ਬਿਜਲੀ ਦਿੱਤੀ ਜਾਵੇਗੀ। ਇਸਤੋਂ ਇਲਾਵਾ ਫ਼ਸਲੇ ਦੇ ਖ਼ਰਾਬੇ ਕਾਰਨ ਸਹਿਕਾਰੀ ਬਂੈਕਾਂ ਤੇ ਸੁਸਾਇਟੀਆਂ ਦੀ ਕਿਸਤ ਵੀ ਨਹੀਂ ਭਰਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਸੂਏ ਦੇ ਪੁਲ ’ਤੇ ਖੜਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਮੁਆਵਜ਼ਾ ਦੇਣ ਦੀ ਪ੍ਰਕ੍ਰਿਆ ਵੀ ਕਾਫ਼ੀ ਗੁੰਝਲਦਾਰ ਹੈ, ਜਿਸ ਕਾਰਨ ਪ੍ਰਭਾਵਸ਼ਾਲੀ ਲੋਕ ਮੁਆਵਜ਼ਾ ਲੈਣ ਵਿਚ ਸਫ਼ਲ ਹੋ ਜਾਂਦੇ ਸਨ। ਇਸਦੇ ਨਾਲ ਹੀ ਉਨ੍ਹਾਂ ਮੁਆਵਜ਼ਾ ਰਾਸ਼ੀ ਵੀ 25 ਫ਼ੀਸਦੀ ਵਧਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇ ਫ਼ਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਿਆਏਗੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਬਲਕਾਰ ਸਿੱਧੂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ।
Share the post "ਪਿੰਡਾਂ ਦੇ ਗੁਰੂਘਰਾਂ ’ਚ ਅਨਾਉਸਮੈਂਟਾਂ ਤੋਂ ਬਾਅਦ ਲੋਕਾਂ ਦੀ ਹਾਜ਼ਰੀ ਹੋਣਗੀਆਂ ਗਿਰਦਾਵਰੀਆਂ: ਭਗਵੰਤ ਮਾਨ"