ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਜ਼ਿਲ੍ਹੇ ਦੇ ਸਕੂਲਾਂ, ਰਾਸ਼ਨ ਡਿਪੂਆਂ ਅਤੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਸੁਖਜਿੰਦਰ ਮਾਨ
ਬਠਿੰਡਾ, 11 ਅਪ੍ਰੈਲ : ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇਅ ਮੀਲ ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਆਰਪੀ ਸਿੰਘ ਵਿਸ਼ੇਸ਼ ਤੌਰ ਹਾਜ਼ਰ ਰਹੇ। ਆਪਣੇ ਦੌਰੇ ਦੌਰਾਨ ਮੈਂਬਰ ਫੂਡ ਕਮਿਸ਼ਨ ਪੰਜਾਬ ਚੇਤਨ ਪ੍ਰਕਾਸ਼ ਧਾਲੀਵਾਲ ਨੇ ਸਥਾਨਕ ਘਨੱਈਆ ਨਗਰ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ, ਚੰਦਰ ਬਸਤੀ ਵਿਖੇ ਬਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇਅ ਮੀਲ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਮਿਡ ਡੇਅ ਮੀਲ ਬਣਾਉਣ ਸਮੇਂ ਵਰਤੀਆਂ ਜਾਣ ਵਾਲੀਆਂ ਵਸਤਾਂ (ਚਾਵਲ, ਆਟਾ, ਨਮਕ, ਪਿਆਜ਼, ਟਮਾਟਰ ਆਦਿ) ਤੋਂ ਇਲਾਵਾ ਇਥੇ ਵਰਤੇ ਜਾਣ ਵਾਲੇ ਬਰਤਨਾਂ ਅਤੇ ਸਾਫ਼-ਸਫ਼ਾਈ ਦੀ ਡੂੰਗਾਈ ਨਾਲ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸਾਫ਼-ਸੁਥਰਾ ਅਤੇ ਤਾਜ਼ੀਆਂ ਵਸਤਾਂ ਦਾ ਖਾਣਾ ਦਿੱਤਾ ਜਾਵੇ ਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਇਸ ਤੋਂ ਇਲਾਵਾ ਉਨਾਂ ਸਕੂਲੀ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਿਲਣ ਵਾਲੇ ਮਿਡ-ਡੇਅ-ਮੀਲ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ।ਇਸ ਮੌਕੇ ਮੈਂਬਰ ਫੂਡ ਕਮਿਸ਼ਨ ਨੇ ਕਿਹਾ ਕਿ ਮਿਡ-ਡੇਅ-ਮੀਲ ਰਸੋਈ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਗੰਦਗੀ ਕਾਰਨ ਸਕੂਲੀ ਬੱਚਿਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਨਾ ਪਵੇ। ਉਨਾਂ ਮਿਡ ਡੇਅ ਮੀਲ ਦੇ ਇੰਚਾਰਜਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਾਣੇ ਨੂੰ ਤਿਆਰ ਕਰਨ ਇਸ ਦੀ ਗੁਣਵੱਤਾ ਤੇ ਮਾਤਰਾ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।ਇਸ ਦੌਰਾਨ ਉਨ੍ਹਾਂ ਤਿੰਨੋਕਨੀ ਪਾਰਕ ਚ ਬਣੀ 266 ਨੰਬਰ ਆਂਗਣਵਾੜੀ ਸੈਂਟਰ ਦੀ ਵੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਇੱਥੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾਣ ਵਾਲੇ ਪੌਸਟਿਕ ਆਹਾਰ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਵਿਸ਼ੇਸ਼ ਤੌਰ ਤੇ ਆਂਗਣਵਾੜੀ ਸੈਂਟਰ ਵਿਖੇ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨਾਲ ਵੀ ਵਿਸ਼ੇਸ਼ ਗੱਲਬਾਤ ਕੀਤੀ। ਇਸ ਤੋਂ ਉਪਰੰਤ ਮੈਂਬਰ ਫੂਡ ਕਮਿਸ਼ਨ ਵੱਲੋਂ ਸ਼ਹਿਰ ਅੰਦਰ ਚੱਲ ਰਹੇ ਰਾਸ਼ਨ ਡਿਪੂਆਂ ਦੀ ਚੈਕਿੰਗ ਦੌਰਾਨ ਉਨ੍ਹਾਂ ਵਲੋਂ ਡਿਪੂਆਂ ਤੇ ਪਏ ਆਨਾਜ਼ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਪ੍ਰਾਪਤ ਸਮੱਗਰੀ ਦੀ ਵੰਡ ਸਮੇਂ-ਸਿਰ ਤੇ ਸਹੀ ਮਾਤਰਾਂ ਵਿੱਚ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਨ ਦੀ ਵੰਡ ਦੌਰਾਨ ਸਬੰਧਤ ਇੰਸਪੈਕਟਰ ਡਿਪੂ ’ਤੇ ਮੌਜੂਦ ਰਹਿਣਾ ਲਾਜ਼ਮੀ ਬਣਾਵੇ।ਇਸ ਤੋਂ ਪਹਿਲਾਂ ਉਨ੍ਹਾਂ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਥਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਖੁਰਾਕੀ ਵਸਤਾਂ ਸਬੰਧੀ ਇੱਕ ਵਿਸ਼ੇਸ਼ ਬੈਠਕ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਸਿਹਤ ਅਫ਼ਸਰ ਮੈਡਮ ਊਸ਼ਾ ਗੋਇਲ, ਜ਼ਿਲ੍ਹਾ ਪ੍ਰੀਸ਼ਦ ਦੇ ਉਪ ਮੁੱਖ ਕਾਰਜਕਾਰੀ ਅਫ਼ਸਰ ਜਗਤਾਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਸਹਾਇਕ ਪ੍ਰੋਜੈਕਟ ਅਫ਼ਸਰ ਜਸਵਿੰਦਰ ਸਿੰਘ ਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਇਕਬਾਲ ਸਿੰਘ ਬੁੱਟਰ ਤੋਂ ਇਲਾਵਾ ਸੀਡੀਪੀਓ ਬਠਿੰਡਾ ਮੈਡਮ ਊਸ਼ਾ ਰਾਣੀ ਆਦਿ ਹਾਜ਼ਰ ਸਨ।
Share the post "ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇਅ ਮੀਲ ਚ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ : ਚੇਤਨ ਪ੍ਰਕਾਸ਼ ਧਾਲੀਵਾਲ"