ਸੁਖਜਿੰਦਰ ਮਾਨ
ਬਠਿੰਡਾ, 5 ਮਈ :ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਪਹਿਲਵਾਨ ਖਿਡਾਰਨਾਂ ਵੱਲੋਂ ਇਨਸਾਫ਼ ਲਈ ਜੰਤਰ-ਮੰਤਰ ’ਤੇ ਚੱਲ ਰਹੇ ਧਰਨੇ ਦੌਰਾਨ ਉਹਨਾਂ ਉਪਰ ਸੁਰੱਖਿਆ ਬਲਾਂ ਰਾਹੀਂ ਦਿੱਲੀ ਪੁਲਿਸ ਦੁਆਰਾ ਕੀਤੇ ਗਏ ਲਾਠੀਚਾਰਜ ਅਤੇ ਗ੍ਰਿਫਤਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈੈ। ਜਥੇਬੰਦੀ ਦੇ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਜਬਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਲਈ 7 ਮਈ ਨੂੰ ਜ਼ਿਲੇ ਵਿੱਚੋਂ ਔਰਤਾਂ ਦਾ ਜਥਾ ਦਿੱਲੀ ਜਾਵੇਗਾ। ਸੂਬਾ ਕਮੇਟੀ ਦੇ ਅਗਲੇ ਸੱਦੇ ਤਹਿਤ 11,12 ਅਤੇ 13 ਮਈ ਨੂੰ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾਵੇਗੀ ਕਿ ਨਾਮਵਰ ਕੁਸ਼ਤੀ ਖਿਡਾਰਨਾਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਤੋਂ ਅਸਤੀਫਾ ਲੈਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਦੀ ਘੇਰਾਬੰਦੀ ਖਤਮ ਕਰਕੇ ਜ਼ਖ਼ਮੀਆਂ ਦਾ ਸਰਕਾਰੀ ਇਲਾਜ਼ ਅਤੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਗ੍ਰਿਫਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕੀਤਾ ਜਾਵੇ। ਇਸ ਦੀ ਤਿਆਰੀ ਲਈ 8 ਮਈ ਚੱਕ ਫਤਿਹ ਸਿੰਘ ਵਾਲਾ ਵਿਖੇ ਜ਼ਿਲ੍ਹੇ ਦੀ ਵਧਵੀਂ ਮੀਟਿੰਗ ਕੀਤੀ ਜਾਵੇਗੀ।
Share the post "ਕਿਸਾਨ ਜਥੈਬੰਦੀ ਦੇ ਆਗੂਆਂ ਨੇ ਮਹਿਲਾ ਪਹਿਲਵਾਨਾਂ ਉਪਰ ਲਾਠੀਚਾਰਜ ਦੀ ਕੀਤੀ ਨਿੰਦਾ"