ਸੁਖਜਿੰਦਰ ਮਾਨ
ਬਠਿੰਡਾ, 12 ਜੁਲਾਈ : ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਵਲੋਂ ਅੱਜ ਬਠਿੰਡਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਦੀ ਮੁਸਕਿਲਾਂ ਸੁਣੀਆਂ। ਸੂਤਰਾਂ ਅਨੁਸਾਰ ਜੇਲ੍ਹ ਦੌਰੇ ਦੌਰਾਨ ਅੰਦਰਲੇ ਹਸਪਤਾਲ ਵਿਚ ਮੈਡੀਕਲ ਦਵਾਈਆਂ ਦੀ ਘਾਟ ਦਾ ਮਾਮਲਾ ਸਾਹਮਣੇ ਆਇਆ, ਜਿਸਨੂੰ ਹੱਲ ਕਰਨ ਲਈ ਮੌਕੇ ’ਤੇ ਮੌਜੂਦ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੂੰ ਕਿਹਾ ਗਿਆ। ਇਸਤੋਂ ਇਲਾਵਾ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ ਅੰਦਰ ਬਣੇ ਹਸਪਤਾਲ ਵਿਚ ਟੈਸਟਾਂ ਲਈ ਲੈਬ ਖੋਲਣ ਦੀ ਵੀ ਮੰਗ ਰੱਖੀ। ਪਤਾ ਚੱਲਿਆ ਹੈ ਕਿ ਇਸ ਦੌਰੇ ਦੌਰਾਨ ਕੁੱਝ ਕੈਦੀਆਂ ਵਲੋਂ ਛੁੱਟੀ ਨਾ ਮਿਲਣ ਦਾ ਮੁੱਦਾ ਚੂੱਕਿਆ ਪ੍ਰੰਤੂ ਮਾਮਲਾ ਐਨ.ਡੀ.ਪੀ.ਐਸ ਐਕਟ ਕੇਸਾਂ ਨਾਲ ਸਬੰਧਤ ਹੋਣ ਕਾਰਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਚੱਲਣ ਲਈ ਕਿਹਾ। ਸੂਚਨਾ ਮੁਤਾਬਕ ਜੇਲ੍ਹ ’ਚ ਬੰਦ ਆਮ ਕੈਦੀਆਂ ਤੇ ਹਵਾਲਾਤੀਆਂ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਵਲੋਂ ਜੇਲ੍ਹ ਅੰਦਰ ਹੀ ਖ਼ਤਰਨਾਕ ਗੈਂਗਸਟਰਾਂ ਲਈ ਬਣੇ ਹਾਈ ਸਕਿਊਰਟੀ ਜੋਨ ਦਾ ਵੀ ਦੌਰਾ ਕੀਤਾ ਗਿਆ। ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਇਸ ਮੁਲਾਕਾਤ ਦੌਰਾਨ ਕੁੱਝ ਗੈਂਗਸਟਰਾਂ ਨੇ ਡਿਪਟੀ ਕਮਿਸ਼ਨਰ ਸਾਹਮਣੇ ਅਪਣਾ ਪੱਖ ਰੱਖਦਿਆਂ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਵਿਚ ਸਾਮਲ ਕਰਨ ਲਈ ਕਿਹਾ। ਉਨ੍ਹਾਂ ਦਲੀਲ ਦਿੱਤੀ ਕਿ ਜੇਕਰ ਨਕਸਲੀਆਂ ਨੂੰ ਮੁੱਖ ਧਾਰਾ ਵਿਚ ਸ਼ਾਮਲ ਕਰਕੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਉਨ੍ਹਾਂ ਨੂੰ ਇਹ ਮੌਕਾ ਕਿਉਂ ਨਹੀਂ ਦਿੱਤਾ ਜਾ ਰਿਹਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਸਮਾਜ ਨਾਲ ਮੁੜ ਜੁੜਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਹ ਕੋਈ ਅਜਿਹਾ ਕੰਮ ਨਾ ਕਰਨ, ਜਿਸਦੇ ਨਾਲ ਕਾਨੂੰਨ ਜਾਂ ਸਮਾਜ ਦੀ ਸ਼ਾਂਤੀ ਭੰਗ ਹੁੰਦੀ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਤੇ ਉਨ੍ਹਾਂ ਦੇ ਨਾਲ ਗਏ ਅਧਿਕਾਰੀਆਂ ਨੇ ਜੇਲ੍ਹ ਦੀ ਰੋਟੀ ਵੀ ਖ਼ਾਧੀ। ਇਸ ਦੌਰਾਨ ਜਿੱਥੇ ਜੇਲ੍ਹ ਸੁਪਰਡੈਂਟ ਐਨ.ਡੀ.ਨੇਗੀ,ਵਧੀਕ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋ ਤੇ ਡਿਪਟੀ ਸੁਪਰਡੈਂਟ ਫੈਕਟਰੀ ਭੁਪਿੰਦਰ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੇ ਨਾਲ ਗਏ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ, ਐਕਸੀਅਨ ਮਨਪ੍ਰੀਤ ਅਰਸੀ ਜਨ ਸਿਹਤ ਵਿਭਾਗ, ਐਕਸੀਅਨ ਲੋਕ ਨਿਰਮਾਣ ਵਿਭਾਗ ਤੋਂ ਇਲਾਵਾ ਕਈ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਪੁੱਜੇ ਹੋਏ ਸਨ।
Share the post "ਡਿਪਟੀ ਕਮਿਸ਼ਨਰ ਨੇ ਕੀਤਾ ਬਠਿੰਡਾ ਜੇਲ੍ਹ ਦਾ ਦੌਰਾ, ਸੁਣੀਆਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ"