ਸਰਕਾਰ ਨੂੰ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾ ਕੇ ਫਸਲਾਂ ਦਾ ਮੁਆਵਜ਼ਾ ਦੇਣ ਦੀ ਅਪੀਲ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਰੋਪੜ, 12 ਜੁਲਾਈ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬਾਰਿਸ਼ ਨਾਲ ਪ੍ਰਭਾਵਿਤ ਰੋਪੜ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਵਾਰਡ ਨੰਬਰ 3, ਬਸੰਤ ਨਗਰ, ਅੰਬੇਡਕਰ ਕਲੋਨੀ, ਗੋਬਿੰਦ ਬੇਲੀ ਮਾਜਰੀ ਰੋਡ ਦੇ ਲੋਕਾਂ ਨੂੰ ਮਿਲੇ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨਾਲ ਇਲਾਕੇ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਦਰਿਆਵਾਂ ਵਿੱਚ ਉਫਾਨ ਅਤੇ ਪਾਣੀ ਭਰ ਜਾਣ ਕਾਰਨ ਇਲਾਕੇ ਦਾ ਕਾਫੀ ਨੁਕਸਾਨ ਹੋਇਆ ਹੈ। ਇਲਾਕੇ ਨੂੰ ਜੋੜਨ ਵਾਲੀਆਂ ਸੜਕਾਂ ਟੁੱਟ ਚੁੱਕੀਆਂ ਹਨ, ਜਿਸ ਕਾਰਨ ਲੋਕਾਂ ਦਾ ਆਉਣਾ-ਜਾਣਾ ਮੁਸ਼ਕਲ ਹੋ ਗਿਆ ਹੈ ਅਤੇ ਮੁੱਢਲੀਆਂ ਸਹੂਲਤਾਂ ਮੁਹਈਆ ਵਿੱਚ ਵੀ ਦਿੱਕਤ ਆ ਰਹੀ ਹੈ। ਇਸ ਤੋਂ ਇਲਾਵਾ, ਘਰਾਂ ਤੇ ਫਸਲਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਥਿਤੀ ਨੂੰ ਆਮ ਵਾਂਗ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਭਾਰੀ ਮੀਂਹ ਕਾਰਨ ਅਜਿਹੇ ਹਾਲਾਤ ਪੈਦਾ ਹੋਏ ਸਨ ਪਰ ਫਿਰ ਸਰਕਾਰ ਵੱਲੋਂ ਸਮੇਂ ਸਿਰ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਰੋਪੜ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਵਿੱਚ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ।ਇਸ ਮੌਕੇ ਉਨ੍ਹਾਂ ਨਾਲ ਬਰਿੰਦਰ ਢਿੱਲੋਂ ਹਲਕਾ ਇੰਚਾਰਜ ਰੋਪੜ ਅਤੇ ਜਰਨਲ ਸਕੱਤਰ ਇੰਡੀਅਨ ਯੂਥ ਕਾਂਗਰਸ, ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ, ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰੋਪੜ ਚਰਨਜੀਤ ਚੰਨੀ, ਪ੍ਰਵੇਸ਼ ਸੋਨੀ ਵਾਈਸ ਪ੍ਰਧਾਨ ਯੂਥ ਕਾਂਗਰਸ ਰੋਪੜ, ਬਲਾਕ ਪ੍ਰਧਾਨ ਸਰਬਜੀਤ ਸਿੰਘ ਸੈਣੀ, ਪਰਮਿੰਦਰ ਸਿੰਘ ਪਿੰਕਾ, ਭਰਤ ਵਾਲੀਆ, ਗੁਰਮੀਤ ਸਿੰਘ ਰਿੰਕੂ ਕੌਂਸਲਰ ਵੀ ਹਾਜ਼ਰ ਸਨ।
Share the post "ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੋਪੜ ਵਿੱਚ ਬਰਸਾਤ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ"