ਰੋਸ਼ ਧਰਨੇ ਵਿੱਚ ਸ਼ਾਮਲ ਹੋਏ ਵਪਾਰੀਆਂ, ਸਮਾਜ ਸੇਵੀਆਂ ਅਤੇ ਅਕਾਲੀ ਦਲ ਦੇ ਵਰਕਰਾਂ ਦਾ ਕੀਤਾ ਧੰਨਵਾਦ
ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ: ਬਠਿੰਡਾ ਸ਼ਹਿਰ ਦੀ ਬਹੁਮੰਜ਼ਿਲਾ ਪਾਰਕਿੰਗ ਦੇ ਮਾਮਲੇ ਵਿੱਚ ਨਗਰ ਨਿਗਮ ਦੀ ਵਿਤ ਤੇ ਲੇਖਾ ਕਮੇਟੀ ਵਲੋਂ ਠੇਕੇਦਾਰ ਨੂੰ ਦਿੱਤੇ ਟੈਂਡਰ ਦੀਆਂ ਸ਼ਰਤਾਂ ਵਿਚ ਸੋਧ ਨੂੰ ਸ਼ਹਿਰ ਵਾਸੀਆਂ ਦੀ ਵੱਡੀ ਜਿੱਤ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਖਾਸ ਕਰਕੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹਲਕਾ ਇੰਚਾਰਜ਼ ਬਬਲੀ ਢਿੱਲੋਂ ਅਤੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਕਤ ਧੱਕੇਸ਼ਾਹੀ ਦੇ ਵਿਰੋਧ ਵਿੱਚ ਸ਼ੁਰੂ ਤੋਂ ਹੀ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਦੇ ਨਾਲ ਖੜ੍ਹਿਆ ਸੀ ਅਤੇ ਭਵਿੱਖ ਵਿੱਚ ਵੀ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ
ਇੰਨ੍ਹਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਆਪਸੀ ਭਾਈਚਾਰਕ ਸਾਂਝ ਰੱਖਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸ਼ਹਿਰ ਵਿਚ ਟਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਛੁਟਕਾਰਾ ਮਿਲ ਸਕੇ। ਉਨ੍ਹਾਂ ਠੇਕੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨਾਲ ਤਾਲਮੇਲ ਰੱਖ ਕੇ ਕੰਮ ਕਰਨ ਅਤੇ ਸ਼ਹਿਰ ਵਿੱਚ ਆਉਣ ਵਾਲੇ ਮਰੀਜ਼ਾਂ ਪ੍ਰਤੀ ਇੰਨਸਾਨੀਅਤ ਦਿਖਾਉਣ। ਇਸਦੇ ਨਾਲ ਹੀ ਅਕਾਲੀ ਆਗੂਆਂ ਨੇ ਪਾਰਕਿੰਗ ਦੇ ਮੁੱਦੇ ਨੂੰ ਲੈ ਕੇ ਆਵਾਜ਼ ਬੁਲੰਦ ਕਰਦਿਆਂ ਰੋਸ਼ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਵਪਾਰੀਆਂ, ਆਮ ਲੋਕਾਂ, ਸਮਾਜ ਸੇਵੀਆਂ ਅਤੇ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ ਹੈ।