ਅੰਮ੍ਰਿਤਸਰ 17 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿਵਲ ਲਾਈਨ ਰਾਮਪੁਰ (ਉੱਤਰ ਪ੍ਰਦੇਸ਼) ਵਿਖੇ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਮਿਸ਼ਨ ਹਾਪੁੜ ਵੱਲੋਂ ਕਰਵਾਏ ਗਏ ਇਸ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜੱਥਿਆਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਸਮੇਂ ਸੰਗਤ ਨੂੰ ਸੰਬੋਧਨ ਕਰਦਿਆਂ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ 19ਵੀਂ ਸਦੀ ਅੰਦਰ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਕਈ ਹਮਲੇ ਹੋਏ। ਸਿੱਖਾਂ ਨੂੰ ਆਪਣੀਆਂ ਪ੍ਰੰਪਰਾਵਾਂ ਅਤੇ ਮਾਨਤਾਵਾਂ ਤੋਂ ਦੂਰ ਕਰਨ ਦੇ ਯਤਨ ਕੀਤੇ ਗਏ।
ਭਾਜਪਾ ਨੂੰ ਵੱਡਾ ਝਟਕਾ, ਮੋਹਾਲੀ ਦੇ ਡਿਪਟੀ ਮੇਅਰ ਕਾਂਗਰਸ ‘ਚ ਸ਼ਾਮਲ
ਉਨ੍ਹਾਂ ਕਿਹਾ ਕਿ ਸਿੱਖ ਧਰਮ ’ਤੇ ਹੋ ਰਹੇ ਹਮਲਿਆਂ ਨੂੰ ਠੱਲ ਪਾਉਣ ਲਈ ਉਸ ਸਮੇਂ ਦੇ ਸੁਹਿਰਦ ਸਿੱਖਾਂ ਨੇ ਸਿੰਘ ਸਭਾ ਲਹਿਰ ਦੀ ਸਥਾਪਨਾ ਕੀਤੀ। ਇਸ ਲਹਿਰ ਨੇ ਜਿਥੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਦੇ ਯਤਨ ਕੀਤੇ ਉਥੇ ਹੀ ਵਿਦਿਅਕ ਖੇਤਰ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ ਸਥਾਪਨਾ ਦੀ 150 ਸਾਲਾ ਸ਼ਤਾਬਦੀ ਜਿਥੇ ਸ੍ਰੀ ਅੰਮ੍ਰਿਤਸਰ ਵਿਖੇ ਵੱਡੇ ਪੱਧਰ ’ਤੇ ਮਨਾਈ ਗਈ ਹੈ, ਉਥੇ ਹੀ ਦੇਸ਼ ਦੇ ਵੱਖ-ਵੱਖ ਸੂਬਿਆ ਅੰਦਰ ਵੀ ਇਸ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ। ਭਾਈ ਅਭਿਆਸੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਸ ਗੁਰਮਤਿ ਸਮਾਗਮ ਵਿਚ ਸਹਿਯੋਗ ਕਰਨ ਲਈ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਹਜ਼ਾਰਾਂ ਨੌਜਵਾਨਾਂ ਨੇ ਪਿੰਡ ਸਤੌਜ ਵਿਖੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ
ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਭਾਈ ਇੰਦਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਪ੍ਰਚਾਰਕ ਭਾਈ ਬਲਦੇਵ ਸਿੰਘ ਉਗਰਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਭਾਈ ਸਤਨਾਮ ਸਿੰਘ ਸੌਂਕੀ ਦੇ ਕਵੀਸ਼ਰ ਜਥੇ ਨੇ ਸਿੰਘ ਸਭਾ ਲਹਿਰ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਵੱਲੋਂ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਭਾਈ ਬ੍ਰਿਜਪਾਲ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਮਪੁਰ ਦੇ ਪ੍ਰਧਾਨ ਸ. ਨਿਰਮਲ ਸਿੰਘ, ਸਕੱਤਰ ਸ. ਮਨਮੀਤ ਸਿੰਘ, ਵੀਰ ਖਾਲਸਾ ਦਲ ਦੇ ਪ੍ਰਧਾਨ ਸ. ਅਵਤਾਰ ਸਿੰਘ, ਸ. ਦਰਸ਼ਨ ਸਿੰਘ ਖੁਰਾਣਾ, ਸ. ਲਖਵਿੰਦਰ ਸਿੰਘ ਅਤੇ ਸ. ਅਨੂਪ ਸਿੰਘ (ਵੀਰ ਜੀ), ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਮਨਜਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Share the post "ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਨੂੰ ਸਮਰਪਿਤ ਰਾਮਪੁਰ ਯੂ.ਪੀ. ਵਿਖੇ ਗੁਰਮਤਿ ਸਮਾਗਮ ਕਰਵਾਇਆ"