ਕਿਹਾ, ਸਿੱਧੂ ਕਾਂਗਰਸ ਪਾਰਟੀ ਦਾ ਕਰ ਰਹੇ ਹਨ ਨੁਕਸਾਨ
ਕੀਤਾ ਦਾਅਵਾ, ਰੈਲੀ ਕਰਵਾਉਣ ਵਾਲੇ ਹਰਵਿੰਦਰ ਲਾਡੀ ਦਾ ਨਹੀਂ ਹੈ ਕਾਂਗਰਸ ਨਾਲ ਸਬੰਧ
ਬਠਿੰਡਾ, 6 ਜਨਵਰੀ: ਭਲਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਕੋਟਸ਼ਮੀਰ ਵਿਖੇ ਹੋਣ ਜਾ ਰਹੀ ਰੈਲੀ ਤੋਂ ਪਹਿਲਾਂ ਹੁਣ ਬਠਿੰਡਾ ਦਿਹਾਤੀ ਕਾਂਗਰਸ ਦੇ ਅਹੁੱਦੇਦਾਰਾਂ ਨੇ ਉਨ੍ਹਾਂ ਵਿਰੁਧ ਮੋਰਚਾ ਖ਼ੋਲ ਦਿੱਤਾ ਹੈ। ਇਸ ਸਬੰਧ ਵਿਚ ਬਕਾਇਦਾ ਅੱਜ ਜ਼ਿਲਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੀ ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ ਵਿਰਕ, ਜਨਰਲ ਸੈਕਟਰੀ ਬਲਦੇਵ ਸਿੰਘ ਮੈਂਬਰ ਬਲਾਕ ਸੰਮਤੀ, ਬਠਿੰਡਾ ਦਿਹਾਤੀ ਹਲਕੇ ਨਾਲ ਸਬੰਧਤ ਬਲਾਕ ਪ੍ਰਧਾਨ ਮਨਜੀਤ ਸਿੰਘ ਤੇ ਜਗਜੀਤ ਸਿੰਘ ਵਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਨਵਜੋਤ ਸਿੰਘ ਸਿੱਧੂ ’ਤੇ ਪਾਰਟੀ ਨੂੰ ਕਮਜੋਰ ਕਰਨ ਦਾ ਦੋਸ਼ ਲਗਾਉਂਦਿਆਂ ਅਨੁਸਾਸਨੀ ਕਾਰਵਾਈ ਦੀ ਮੰਗ ਕੀਤੀ।
ਅਲਕਾ ਲਾਂਬਾ ਬਣੀ ਕੌਮੀ ਮਹਿਲਾ ਕਾਂਗਰਸ ਦੀ ਪ੍ਰਧਾਨ
ਇਸ ਮੌਕੇ ਇੰਨ੍ਹਾਂ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਨਵਜੋਤ ਸਿੰਘ ਸਿੱਧੂ ਵਲੋਂ ਵੱਖ ਹੋ ਕੇ ਇਸ ਤਰ੍ਹਾਂ ਅਪਣੇ ਸਮਾਗਮ ਕਰਨ ਦੇ ਨਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ’ਤੇ ਗਲਤ ਪ੍ਰਭਾਵ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਪ੍ਰਧਾਨ ਸਨ ਤਾਂ ਉਸ ਵੇਲੇ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਉਹਨਾਂ ਦਾ ਪੂਰਾ ਸਾਥ ਦਿੱਤਾ ਗਿਆ ਤੇ ਹੁਣ ਉਹਨਾਂ ਨੂੰ ਵੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਕਬੂਲ ਕਰਨੀ ਚਾਹੀਦੀ ਹੈ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਉਨ੍ਹਾਂ ਦੇ ਹਲਕੇ ਵਿਚ ਇਹ ਰੈਲੀ ਹੋ ਰਹੀ ਹੈ ਤੇ ਕਾਂਗਰਸ ਪਾਰਟੀ ਦੇ ਮੁਕਾਮੀ ਲੀਡਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਕੋਈ ਜਾਣਕਾਰੀ ਜਾਂ ਸੱਦਾ ਨਹੀਂ ਦਿੱਤਾ ਗਿਆ।
ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ
ਇੰਨ੍ਹਾਂ ਕਾਂਗਰਸੀ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਰੈਲੀ ਨੂੰ ਕਰਵਾਉਣ ਵਾਲੇ ਹਰਵਿੰਦਰ ਸਿੰਘ ਲਾਡੀ ਪਹਿਲਾਂ ਹੀ ਕਾਂਗਰਸ ਪਾਰਟੀ ਵਿਚੋਂ ਕੱਢੇ ਜਾ ਚੁੱਕੇ ਹਨ ਤੇ ਹੁਣ ਉਹ ਜਾਣਬੁੱਝ ਕੇ ਕਾਂਗਰਸ ਪਾਰਟੀ ਦਾ ਨੁਕਸਾਨ ਕਰਨ ਲੱਗੇ ਹੋਏ ਹਨ। ਉਨ੍ਹਾਂ ਪਾਰਟੀ ਹਾਈ ਕਮਾਂਡ ਤੋਂ ਮੰਗ ਕੀਤੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਲੀਡਰਾਂ ਨੂੰ ਤੁਰੰਤ ਬਾਹਰ ਦਾ ਰਾਸਤਾ ਦਿਖਾਇਆ ਜਾਵੇ। ਇਸ ਮੌਕੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸੀਨੀਅਰ ਆਗੂ ਜਵਾਹਰ ਸਿੰਘ ਨੰਦਗੜ੍ਹ, ਬਲਵੀਰ ਸਿੰਘ ਸਰਪੰਚ ਸੈਣੇਵਾਲਾ, ਜਗਰਾਜ ਸਿੰਘ ਬਹਿਮਣ, ਗੁਰਪੰਤ ਸਿੰਘ ਗੋਲਡੀ ਯੂਥ ਪ੍ਰਧਾਨ , ਬਲਦੀਪ ਸਿੰਘ ਕੋਟਸ਼ਮੀਰ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਪੰਚ ਸਰਪੰਚ ਆਦਿ ਹਾਜ਼ਰ ਸਨ।
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਸਿੱਧੂ ਸਮਰਥਕਾਂ ਵਲੋਂ ਰੈਲੀ ਦੀਆਂ ਤਿਆਰੀਆਂ ਮੁਕੰਮਲ
ਬਠਿੰਡਾ: ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵਲੋਂ ਇਸ ਰੈਲੀਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸਦੀ ਦੇਖਰੇਖ ਖੁਦ ਹਰਵਿੰਦਰ ਸਿੰਘ ਲਾਡੀ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਪੁੱਜ ਰਹੇ ਹਨ। ਇਸਤੋਂ ਇਲਾਵਾ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਪੰਜਾਬੀਆਂ ਦੇ ਭਲੇ ਲਈ ਅਰਦਾਸ ਕਰਨਗੇ। ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਰੈਲੀ ਨੂੰ ਪਾਰਟੀ ਵਿਰੋਧੀ ਕਰਾਰ ਦੇਣ’ਤੇ ਲਾਡੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਕਿਹਾ ਕਿ ਉਹ ਕਾਂਗਰਸ ਦੀ ਮਜਬੂਤੀ ਲਈ ਹੀ ਇਹ ਰੈਲੀ ਕਰ ਰਹੇ ਹਨ।
Share the post "ਰੈਲੀ ਤੋਂ ਪਹਿਲਾਂ ਬਠਿੰਡਾ ਦਿਹਾਤੀ ਦੀ ਟੀਮ ਨੇ ਕੀਤੀ ਨਵਜੋਤ ਸਿੱਧੂ ਵਿਰੁਧ ਕਾਰਵਾਈ ਦੀ ਮੰਗ"