ਅੰਮ੍ਰਿਤਸਰ, 6 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਤੇ ਵਿਧਾਇਕਾਂ ਨੇ ਸੂਬੇ ਤੋਂ ਇਸਦੇ ਕੁਦਰਤੀ ਸਰੋਤ ਲੁੱਟਣ ਵਾਸਤੇ ਆਪੋ ਆਪਣੇ ਮਾਫੀਆ ਬਣਾ ਰਹੇ ਹਨ ਤੇ ਉਹ ਸ਼ਰ੍ਹੇਆਮ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ।ਪੰਜਾਬ ਬਚਾਓ ਯਾਤਰਾ ਤਹਿਤ ਇਥੇ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਵਿਚ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕ ਆ ਕੇ ਮੈਨੂੰ ਦੱਸ ਰਹੇ ਹਨ ਕਿ ਆਪ ਦੇ ਮੰਤਰੀ ਤੇ ਵਿਧਾਇਕ ਗੈਰ ਕਾਨੂੰਨੀ ਮਾਇਨਿੰਗ ਵਿਚ ਲੱਗੇ ਹਨ ਤੇ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਦੇ ਰਾਹ ਵਿਚ ਰੁਕਾਵਟ ਬਣ ਰਹੇ ਹਨ।
ਯਾਤਰਾ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੂੰ ਦਿਹਾਤੀ ਤੇ ਸ਼ਹਿਰੀ ਦੋਵਾਂ ਖੇਤਰਾਂ ਵਿਚ ਭਰਵਾਂ ਹੁੰਗਾਰਾ ਮਿਲਿਆ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਆਮ ਆਦਮੀ ਦੇ ਹਿੱਤਾਂ ਦਾ ਨੁਕਸਾਨ ਕਰ ਰਹੀ ਹੈ ਜਦੋਂਕਿ ਇਸਦਾ ਦਾਅਵਾ ਸੀ ਕਿ ਉਹ ਆਮ ਆਦਮੀ ਦੀ ਪ੍ਰਤੀਨਿਧਤਾ ਕਰਦੀ ਹੈ ਪਰ ਇਸੇ ਵਰਗ ਲਈ ਉਹਨਾਂ ਘਰਾਂ ਦੀ ਉਸਾਰੀ ਦੀ ਕੀਮਤ ਕਈ ਗੁਣਾ ਵਧਾ ਦਿੱਤੀ ਹੈ।ਸ: ਬਾਦਲ ਨੇ ਇਹ ਵੀ ਮੰਗ ਕੀਤੀ ਕਿ ਭਾਰਤੀ ਅਸ਼ਟਾਮ ਐਕਟ ਅਤੇ ਦਾ ਰਜਿਸਟਰੇਸ਼ਨ ਬਿੱਲ ਵਿਚ ਸੋਧ ਕਰ ਕੇ ਕਰਜ਼ਿਆਂ ਅਤੇ ਮੁਖ਼ਤਿਆਰਨਾਮਿਆਂ ’ਤੇ ਲਗਾਈ ਗੈਰ ਲੋੜੀਂਦੀ ਅਸ਼ਟਾਮ ਡਿਊਟੀ ਤੁਰੰਤ ਵਾਪਸ ਲਈ ਜਾਵੇ ਕਿਉਂਕਿ ਇਸ ਨਾਲ ਵਾਹਨ ਤੇ ਘਰ ਮਹਿੰਗੇ ਹੋ ਜਾਣਗੇ ਜੋ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਣਗੇ।
ਹਰਿਆਣਾ ਦੇ ਯਮੁਨਾਨਗਰ ’ਚ 800 ਮੈਗਾਵਾਟ ਯੂਨਿਟ ਦੀ ਸਮਰੱਥਾ ਵਾਲਾ ਲੱਗੇਗਾ ਥਰਮਲ ਪਾਵਰ ਪਲਾਂਟ
ਅਕਾਲੀ ਦਲ ਦੇ ਪ੍ਰਧਾਨ ਨੇ ਉਦਯੋਗ ਤੇ ਵਪਾਰ ਦੇ ਪ੍ਰਤੀਨਿਧਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਝਾ ਖੇਤਰ ਵਿਚ ਸਾਰਾ ਅਰਥਚਾਰਾ ਬੁਰੀ ਤਰ੍ਹਾਂ ਕਾਨੂੰਨਹੀਣਤਾ, ਉਦਯੋਗਿਕ ਸੈਕਟਰ ਲਈ ਬਿਜਲੀ ਦਰਾਂ ਵਿਚ ਵਾਧੇ ਅਤੇ ਇਸਦੇ ਨਾਲ ਹੀ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਉਹਨਾਂ ਨੂੰ ਦਿੱਤੇ ਜਾ ਰਹੇ ਪ੍ਰੋਤਸਾਹਨ ਦੀ ਅਣਹੋਂਦ ਵਿਚ ਪ੍ਰਭਾਵਤ ਹੋਇਆ ਹੈ। ਉਹਨਾਂ ਕਿਹਾ ਕਿ ਫਿਰੌਤੀਆਂ ਤੇ ਅਗਵਾਕਾਰੀਆਂ ਵਿਚ ਤਿੱਖੇ ਵਾਧੇ ਨੇ ਵੀ ਉਦਯੋਗ ਨੂੰ ਹੋਰ ਰਾਜਾਂ ਵਿਚ ਸ਼ਿਫਟ ਹੋਣ ਵਾਸਤੇ ਮਜਬੂਰ ਕੀਤਾ ਹੈ।ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਬਲਜੀਤ ਸਿੰਘ ਜਲਾਲਉਸਮਾਂ, ਰਣਜੀਤ ਸਿੰਘ ਛੱਜਲਵੱਡੀ, ਸਤਿੰਦਰਜੀਤ ਸਿੰਘ ਛੱਜਲਵੱਡੀ ਅਤੇ ਰਾਜਵਿੰਦਰ ਸਿੰਘ ਰਾਜਾ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।
Share the post "ਅਕਾਲੀ ਦਲ ਦੇ ਪ੍ਰਧਾਨ ਨੇ ਆਪ ਦੇ ਮੰਤਰੀਆਂ ਤੇ ਵਿਧਾਇਕਾਂ ’ਤੇ ਆਪੋ-ਆਪਣੇ ਮਾਫੀਆ ਬਣਾਉਣ ਦੇ ਲਗਾਏ ਦੋਸ਼"