ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ। ਸ੍ਰੀ ਅਰੋੜਾ ਇੱਥੇ ਆਪਣੇ ਦਫ਼ਤਰ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿੱਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ।
ਸਰਕਾਰ ਵਲੋਂ ਖ਼ਰੀਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਭਗਵੰਤ ਮਾਨ ਤੇ ਕੇਜਰੀਵਾਲ 11 ਨੂੰ ਕਰਨਗੇ ਰਾਜ ਦੇ ਲੋਕਾਂ ਨੂੰ ਸਮਰਪਿਤ
ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਣਗੇ। ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
Share the post "ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ.ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ"