ਚੰਡੀਗੜ੍ਹ, 17 ਫਰਵਰੀ: ਐਮ ਐਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਖਾਤਰ ਦਿੱਲੀ ਜਾਣ ਲਈ ਸ਼ੰਭੂ ਤੇ ਖਨੌਰੀ ਬਾਡਰਾਂ ’ਤੇ ਡਟੇ ਕਿਸਾਨਾਂ ਨਾਲ ਤਾਲਮੇਲਵੇਂ ਸੰਘਰਸ਼ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ ’ਤੇ ਮੋਦੀ ਸਰਕਾਰ ਨੂੰ ਸਿਆਸੀ ਝਟਕਾ ਦੇਣ ਲਈ ਪ੍ਰਮੁੱਖ ਭਾਜਪਾ ਆਗੂਆਂ ਸੁਨੀਲ ਕੁਮਾਰ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਅਤੇ 13 ਜ਼ਿਲ੍ਹਿਆਂ ਵਿੱਚ 21 ਟੌਲ ਫਰੀ ਕਰਨ ਲਈ ਦਿਨ-ਰਾਤ ਦੇ ਦੋ ਰੋਜ਼ਾ ਧਰਨਿਆਂ ਵਿੱਚ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਡਟ ਚੁੱਕੇ ਹਨ।ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾ ਨੇ ਇਸਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਨਿਆਂ ਦੀ ਸ਼ੁਰੂਆਤ ਬੀਤੇ ਦਿਨ ਸ਼ੰਭੂ ਬਾਰਡਰ ’ਤੇ ਆਇਆ ਸ਼ਹੀਦ ਕਿਸਾਨ ਗਿਆਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਰਾਹੀਂ ਕੀਤੀ ਗਈ।
ਬਠਿੰਡਾ ’ਚ ਕਿਸਾਨਾਂ ਨੇ ਸਾਰੇ ਟੋਲ ਪਲਾਜ਼ੇ ਕੀਤੇ ਫ਼ਰੀ
ਮੋਦੀ ਭਾਜਪਾ ਸਰਕਾਰ ਦੇ ਕਿਸਾਨ ਦੁਸ਼ਮਣ ਵਤੀਰੇ ਨੂੰ ਮੁੱਖ ਰੱਖਦਿਆਂ ਜਥੇਬੰਦੀ ਵੱਲੋਂ ਪਹਿਲਾਂ ਐਲਾਨ ਕੀਤਾ ਹੋਇਆ 24 ਫਰਵਰੀ ਤੋਂ ਪੰਜਾਬ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਚੰਡੀਗੜ੍ਹ ਮੋਰਚਾ ਅਣਮਿਥੇ ਸਮੇਂ ਲਈ ਮੁਲਤਵੀ ਕਰਕੇ ਸਾਂਝੇ ਮੁਲਕ ਪੱਧਰੇ ਕਿਸਾਨ ਘੋਲ ਨੂੰ ਅੱਗੇ ਵਧਾਉਣ ਲਈ ਕੌਮੀ ਸੰਯੁਕਤ ਕਿਸਾਨ ਮੋਰਚੇ ਦਾ ਅਗਲਾ ਸੱਦਾ ਆਉਣ ਤੱਕ ਇਹ ਫੈਸਲਾ ਕੀਤਾ ਗਿਆ ਹੈ। ਅਗਲੇ ਸੱਦੇ ਲਈ ਜ਼ੂਮ ਮੀਟਿੰਗ ਅੱਜ ਰਾਤ ਨੂੰ ਹੀ ਹੋ ਰਹੀ ਹੈ। ਇੰਨ੍ਹਾਂ ਧਰਨਿਆਂ ਨੂੰ ਮੁੱਖ ਆਗੂਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਗਤਾਰ ਸਿੰਘ ਕਾਲਾਝਾੜ,ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ ਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਹੋਰ ਸੂਬਾ/ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ।
Share the post "ਕਿਸਾਨ ਜਥੇਬੰਦੀ ਉਗਰਾਹਾਂ ਨੇ ਪੰਜਾਬ ਦੇ 21 ਟੋਲ ਪਲਾਜ਼ੇ ਕੀਤੇ ਫ਼ਰੀ, ਭਾਜਪਾ ਆਗੂਆਂ ਦੇ ਘਰਾਂ ਦਾ ਕੀਤਾ ਘਿਰਾਓ"