10 Views
15 ਮਾਰਚ ਤੱਕ ਚੱਲਣ ਵਾਲੇ ਇਜਲਾਸ ਨੂੰ ਸੱਦਣ ਦੀ ਪੰਜਾਬ ਵਜਾਰਤ ਨੇ ਦਿੱਤੀ ਪ੍ਰਵਾਨਗੀ
ਚੰਡੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰੇਗੀ।ਬਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਸੈਸ਼ਨ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।
ਇਸਤੋਂ ਇਲਾਵਾ ਮੀਟਿੰਗ ਵਿੱਚ ਸੁਲਤਾਨਪੁਰ ਲੋਧੀ ਵਿਖੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਨਿਆਲਾ ਦੇ ਪੰਜਾਬ ਹੋਮਗਾਰਡਜ਼ ਦੇ ਵਲੰਟੀਅਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ (ਨੰਬਰ-28475) ਦੇ ਯੋਗਦਾਨ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਸ਼ਹੀਦ ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਹੋਮਗਾਰਡਜ਼ ਦੇ ਇਸ ਵਲੰਟੀਅਰਾਂ ਦੀ ਕੁਰਬਾਨੀ ਨੂੰ ਵੀ ਪੁਲਿਸ ਅਫਸਰਾਂ, ਅਰਧ-ਸੈਨਿਕ ਬਲ ਅਤੇ ਫੌਜ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਦੇ ਵਾਸੀ ਸੈਨਿਕਾਂ ਦੇ ਬਰਾਬਰ ਦਰਜਾ ਦਿੱਤਾ ਹੈ। ਇਸ ਉਪਰਾਲੇ ਨਾਲ ਪੰਜਾਬ ਹੋਮਗਾਰਡਜ਼ ਵਲੰਟੀਅਰਾਂ ਦਾ ਮਨੋਬਲ ਹੋਰ ਵਧੇਗਾ।ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਵਿਭਾਗ ਚ ਗਰੁੱਪ-ਬੀ ਤੇ ਸੀ ਦੇ ਮੁਲਾਜ਼ਮਾਂ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵਿੱਚ ‘ਐਮ.ਐਸ.ਐਮ.ਈ. ਪੰਜਾਬ’ ਨਾਮਕ ਸਮਰਪਿਤ ਵਿੰਗ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ‘ਐਮ.ਐਸ.ਐਮ.ਈ. ਪੰਜਾਬ’ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ ਉਦਯੋਗਾਂ ਦੀ ਸਮਰੱਥਾ ਨੂੰ ਵਧਾਉਣ ਲਈ ਕੰਮ ਕਰੇਗਾ, ਵਿੱਤੀ ਸੰਸਥਾਵਾਂ ਅਤੇ ਬੈਂਕਾਂ ਤੋਂ ਐਮ.ਐਸ.ਐਮ.ਈ. ਉਦਯੋਗਾਂ ਨੂੰ ਕਰਜ਼ੇ ਦੇ ਨਿਰੰਤਰ ਪ੍ਰਵਾਹ ਨੂੰ ਯਕੀਨੀ ਬਣਾਵੇਗਾ, ਜਿਸ ਨਾਲ ਉਨ੍ਹਾਂ ਨੂੰ ਆਪਣੇ ਵਿਸਤਾਰ ਅਤੇ ਨਵੀਨਤਾ ਨੂੰ ਵਧਾਉਣ ਦੇ ਯੋਗ ਬਣਾਇਆ ਜਾ ਸਕੇ।ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਵਿੱਚ ਲਗਭਗ 8 ਲੱਖ ਮੌਜੂਦਾ ਅਤੇ ਨਵੇਂ ਐਮ.ਐਸ.ਐਮ.ਈ. ਉਦਯੋਗ ਨੂੰ ਵੱਡਾ ਲਾਭ ਮਿਲੇਗਾ।