ਬਠਿੰਡਾ, 02 ਅਗਸਤ (ਸੁਖਜਿੰਦਰ ਮਾਨ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਵੱਲੋਂ ਅੱਜ ਪੰਥਕ ਤੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਸਥਾਨਕ ਮਿੰਨੀ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਘਟਨਾਵਾਂ ਦੀ ਚਾਰ ਹਫਤਿਆਂ ਵਿੱਚ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਨਸ਼ਿਆਂ ਦਾ ਖਾਤਮਾ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਦੇ ਵਾਅਦੇ ਕੀਤੇ ਸਨ ਪਰ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸੇ ਤਰ੍ਹਾਂ ਉਨ੍ਹਾਂ ਕਿਸਾਨੀ ਮੁੱਦਿਆਂ ਦੇ ਹੱਲ ਦੀ ਵੀ ਮੰਗ ਕੀਤੀ। ਪੰਥਕ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ 8 ਅਗਸਤ ਨੂੰ ਵੱਡਾ ਸੰਘਰਸ਼ ਉਲੀਕਿਆ ਜਾਵੇਗਾ, ਜਿਸਦੀ ਜਿੰਮੇਵਾਰੀ ਸਰਕਾਰ ਹੋਵੇਗੀ। ਉਨ੍ਹਾਂ ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੀ ਜਾਂਚ ਟੀਮ ਵੱਲੋਂ ਸੌਦਾ ਸਾਧ ਨੂੰ ਰਾਹਤ ਦੇਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਹਤੀ। ਇਸ ਮੌਕੇ ਹਰਫੂਲ ਸਿੰਘ ਖ਼ਾਲਸਾ, ਮਹਿੰਦਰ ਸਿੰਘ ਖ਼ਾਲਸਾ, ਸੁਖਦੇਵ ਸਿੰਘ ਕਾਲਾ, ਸਿਮਰਨਜੋਤ ਸਿੰਘ ਖਾਲਸਾ ਆਦਿ ਆਗੂ ਵੀ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਦਿੱਤਾ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ
15 Views