8 ਨੂੰ ਬਰਗਾੜੀ ਵਿਖੇ ਕੀਤਾ ਜਾਵੇਗਾ ਵੱਡਾ ਇਕੱਠ
ਸੁਖਜਿੰਦਰ ਮਾਨ
ਬਠਿੰਡਾ, 6 ਅਗਸਤ : ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੰਗ ਕੀਤੀ ਹੈ ਕਿ ਜੇਕਰ ਪੰਜਾਬ ਸਰਕਾਰ ਦੇ ਮੰਤਰੀ ਇਹ ਸਮਝਦੇ ਹਨ ਕਿ ਗੁਰੂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਹਾਜ਼ਰੀ ’ਚ ਕੀਤੇ ਵਾਅਦੇ ਉਹ ਪੂਰਾ ਨਹੀਂ ਕਰਵਾ ਸਕਦੇ ਤਾਂ ਉਨ੍ਹਾਂ ਨੂੰ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ। ਅੱਜ ਸਥਾਨਕ ਸਰਕਟ ਹਾਊਸ ’ਚ ਪੁੱਜੇ ਸਾਬਕਾ ਸੰਸਦ ਮੈਂਬਰ ਸ: ਮਾਨ ਨੇ ਇਹ ਵੀ ਕਿਹਾ ਕਿ ਜੇਕਰ ਉਕਤ ਮੰਤਰੀ ਭਾਈ ਧਿਆਨ ਸਿੰਘ ਮੰਡ ਨੂੰ ਡਿਕਟੇਟਰ ਮੰਨਦੇ ਹਾਂ ਤਾਂ ਵੀ ਉਨ੍ਹਾਂ ਨੂੰ ਪੇਸ਼ ਹੋਣਾ ਚਾਹੀਦਾ ਹੈ। ਸਿਮਰਨਜੀਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਹੋਏ ਜਿਸਦੇ ਚੱਲਦੇ ਹੁਣ ਇੰਨ੍ਹਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਲੋਕਾਂ ਕੋਲ ਕਿਹੜਾ ਮੂੰਹ ਲੈ ਕੇ ਜਾਣਗੇ । ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ 8 ਅਗਸਤ ਨੂੰ ਬਰਗਾੜੀ ਵਿਖੇ ਰੱਖੇ ਵੱਡੇ ਇਕੱਠ ਵਿਚ ਸਮੂਹ ਸਿੱਖ ਸੰਗਤ ਤੇ ਸਮੂਹ ਜਥੇਬੰਦੀਆਂ ਨੂੰ ਪੁੱਜਣ ਦੀ ਅਪੀਲ ਕਰਦਿਆਂ ਸ: ਮਾਨ ਨੇ ਕਿਹਾ ਕਿ ਉਹ ਅਪਣੇ ਵਲੋਂ ਗੁਰੂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਵਿੱਢੇ ਸੰਘਰਸ਼ ਨੂੰ ਖ਼ਤਮ ਨਹੀਂ ਕਰਨਗੇ ਤੇ ਗਿ੍ਰਫਤਾਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਬਰਗਾੜੀ ਦੇ ਇਕੱਠ ਵਿੱਚ ਅਗਲੀ ਰੂਪ ਰੇਖਾ ਵੀ ਉਲੀਕੀ ਜਾਵੇਗੀ। ਇਸ ਮੌਕੇ ਉਨ੍ਹਾਂ ਪਾਕਿਸਤਾਨ ਵਿੱਚ ਸ਼ਿਵ ਮੰਦਰ ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੂੰ ਗੁਆਂਢੀ ਮੁਲਕ ਵਿੱਚ ਹਿੰਦੂ ਧਰਮ ਤੇ ਹੋਏ ਹਮਲੇ ਦਾ ਫ਼ਿਕਰ ਹੈ ਤਾਂ ਫਿਰ ਪੰਜਾਬ ਵਿੱਚ ਗੁਰੂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਤੇ ਚੁੱਪ ਕਿਉਂ ਹਨ ? ਸਿੱਖਾਂ ਨੂੰ ਇਨਸਾਫ਼ ਕਿਉਂ ਨਹੀਂ? ਇਸ ਮੌਕੇ ਉਨ੍ਹਾਂ ਦੇ ਨਾਲ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ ਮਹਿੰਦਰ ਸਿੰਘ, ਗੁਰਸੇਵਕ ਸਿੰਘ ਜਵਾਹਰਕੇ, ਪਰਮਿੰਦਰ ਸਿੰਘ ਬਾਲਿਆਂਵਾਲੀ , ਹਰਫੂਲ ਸਿੰਘ ਬਠਿੰਡਾ, ਮਹਿੰਦਰ ਸਿੰਘ ਖ਼ਾਲਸਾ, ਸਿਮਰਨਜੋਤ ਸਿੰਘ ਖਾਲਸਾ, ਸੁਖਦੇਵ ਸਿੰਘ ਕਾਲਾ ਆਦਿ ਹਾਜਰ ਸਨ ।
ਜੇਕਰ ਗੁਰੂ ਗਰੰਥ ਸਾਹਿਬ ਦੀ ਹਜ਼ੂਰੀ ’ਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਮੰਤਰੀ ਅਸਤੀਫ਼ੇ ਦੇਣ: ਮਾਨ
15 Views