ਚੰਡੀਗੜ੍ਹ, 22 ਮਾਰਚ: ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਅਤੇ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ‘ਆਪ’ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਭੁੱਲਰ, ਚੇਤਨ ਸਿੰਘ ਚੋਡੇਮਾਜਰਾ, ਮੀਤ ਹੇਅਰ, ਅਨਮੋਲ ਗਗਨ ਮਾਨ, ਲਾਲ ਚੰਦ ਕਟਾਰੂਚੱਕ ਸਮੇਤ ਕਈ ਵਿਧਾਇਕਾਂ ਤੇ ਪਾਰਟੀ ਅਧਿਕਾਰੀਆਂ ਨੇ ਹਿੱਸਾ ਲਿਆ।ਜਦੋਂ ਉਹ ਮੁਹਾਲੀ ਤੋਂ ਚੰਡੀਗੜ੍ਹ ਵਿੱਚ ਦਾਖ਼ਲ ਹੋਏ ਤਾਂ ਚੰਡੀਗੜ੍ਹ ਪੁਲੀਸ ਨੇ ‘ਆਪ’ ਆਗੂਆਂ ’ਤੇ ਲਾਠੀਚਾਰਜ ਕੀਤਾ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ।
ਪੁਲੀਸ ਕਾਰਵਾਈ ਵਿੱਚ ਆਗੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥ ਗਈਆਂ।ਧਰਨੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ’ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ।
ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਈ.ਡੀ ਕੋਲ 6 ਦਿਨਾਂ ਦੇ ਰਿਮਾਂਡ ’ਤੇ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਡਰਦੇ ਹਨ ਕਿਉਂਕਿ ਕੇਜਰੀਵਾਲ ਦੀ ਸੋਚ ਦੇਸ਼ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀ ਸਿਹਤ ਸਹੂਲਤਾਂ ਦੇਣ ਦੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਚੋਣ ਜਿੱਤਣ ਲਈ ਵਿਰੋਧੀ ਧਿਰ ਦੇ ਆਗੂਆਂ ਅਤੇ ਮੁੱਖ ਮੰਤਰੀਆਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ। ਪਹਿਲਾਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਅਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਭਾਜਪਾ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵਿੱਚ ਡਰ ਪੈਦਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਭਾਵੇਂ ਕਿੰਨੇ ਵੀ ਅੱਤਿਆਚਾਰ ਕਰ ਲਵੇ ਪਰ ਦੇਸ਼ ਦਾ ਲੋਕਤੰਤਰ ਬਹੁਤ ਮਜ਼ਬੂਤ ਹੈ ਭਾਜਪਾ ਨੂੰ ਇਨ੍ਹਾਂ ਗੱਲਾਂ ਦਾ ਜਵਾਬ ਲੋਕ ਚੋਣਾਂ ਰਾਹੀਂ ਦੇਣਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਭਾਜਪਾ ਦੀ ਸਿਆਸੀ ਸਾਜ਼ਿਸ਼ ਹੈ। ਈ.ਡੀ ਦੀ ਵਰਤੋਂ ਕਰਦੇ ਹੋਏ ਭਾਜਪਾ ਨੇ ਇਕ ਰਾਸ਼ਟਰੀ ਪਾਰਟੀ ਦੇ ਕਨਵੀਨਰ ਨੂੰ ਅਜਿਹੇ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ, ਜਿਸ ’ਚ ਦੋ ਸਾਲ ਦੀ ਜਾਂਚ ਤੋਂ ਬਾਅਦ ਇਕ ਰੁਪਿਆ ਵੀ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਈਡੀ ਅੱਜ ਤੱਕ ਅਦਾਲਤ ’ਚ ਕੋਈ ਸਬੂਤ ਪੇਸ਼ ਕਰ ਸਕੀ ਹੈ।
Share the post "ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ"