11 Views
ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ ‘ਚ ਲਿਆ
ਸਮਾਣਾ, 14 ਅਪ੍ਰੈਲ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਦੇ ਤਹਿਤ ਪੰਜਾਬ ਦੇ ਵਿੱਚ ਭਾਜਪਾ ਉਮੀਦਵਾਰਾਂ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਕੜੀ ਤਹਿਤ ਐਤਵਾਰ ਨੂੰ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਮੁੜ ਜਬਰਦਸਤ ਵਿਰੋਧ ਕੀਤਾ ਗਿਆ। ਸਮਾਣਾ ਦੇ ਵਿੱਚ ਇੱਕ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਨ ਪੁੱਜੇ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਆਮਦ ਦਾ ਪਤਾ ਚਲਦੇ ਹੀ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ।
ਸਥਾਨਕ ਇਕ ਪੈਲੇਸ ਦੇ ਵਿੱਚ ਰੱਖੀ ਇਸ ਮੀਟਿੰਗ ਦੇ ਵਿੱਚ ਪੁੱਜਣ ‘ਤੇ ਕਿਸਾਨਾਂ ਨੇ ਪਰਨੀਤ ਕੌਰ ਦਾ ਰੋਹ ਭਰਪੂਰ ਨਾਅਰੇਬਾਜ਼ੀ ਅਤੇ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਕੇ ਭਾਜਪਾ ਸਰਕਾਰ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਨੰਗਾ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਬਾਰਡਰਾਂ ‘ਤੇ ਕੰਧਾਂ ਕੱਢ ਕੇ ਰੋਕਣ ਦੀ ਨਿਖੇਦੀ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦਾ ਕਿਸਾਨ ਦਿੱਲੀ ਨਹੀਂ ਜਾ ਸਕਦਾ ਤਾਂ ਭਾਜਪਾ ਉਮੀਦਵਾਰਾਂ ਨੂੰ ਵੀ ਪਿੰਡਾਂ ਵਿੱਚ ਨਹੀਂ ਵੜਣ ਦਿੱਤਾ ਜਾਵੇਗਾ।
ਇਸ ਮੌਕੇ ਮਾਮਲੇ ਦੀ ਨਜਾਕਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਵੱਡੀ ਗਿਣਤੀ ਦੇ ਵਿੱਚ ਬੈਰੀਕੇਡਿੰਗ ਅਤੇ ਸੁਰੱਖਿਆ ਪ੍ਰਬੰਧ ਕਰਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਨੇ ਐਲਾਨ ਕੀਤਾ ਕਿ ਜਦ ਬੀਬੀ ਪਰਨੀਤ ਕੌਰ ਮੀਟਿੰਗ ਕਰਨ ਤੋਂ ਬਾਅਦ ਬਾਹਰ ਆਉਣਗੇ ਤਦ ਮੁੜ ਉਹਨਾਂ ਦਾ ਵਿਰੋਧ ਕੀਤਾ ਜਾਵੇਗਾ। ਜਿਸ ਦੇ ਚਲਦੇ ਪੁਲਿਸ ਨੇ ਕਿਸੇ ਟਕਰਾਅ ਨੂੰ ਰੋਕਣ ਦੇ ਲਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਬੱਸਾਂ ਵਿੱਚ ਬਿਠਾਉਣਾ ਸ਼ੁਰੂ ਕਰ ਦਿੱਤਾ ਸੀ ਜਦੋਂ ਕਿ ਕਿਸਾਨਾਂ ਵੱਲੋਂ ਭਾਜਪਾ ਵਿਰੁੱਧ ਨਾਅਰੇਬਾਜੀ ਜਾਰੀ ਸੀ।